ਐੱਸ. ਏ. ਐੱਸ. ਨਗਰ, 10 ਅਗਸਤ (ਕਪਿਲ ਵਧਵਾ)- ਗੁਰਦੁਆਰਾ ਅੰਬ ਸਾਹਿਬ ਵਿਖੇ ਬਤੌਰ ਰਾਗੀ ਸੇਵਾ ਨਿਭਾਅ ਰਹੇ ਧਰਮੀ ਫੌਜੀ ਦੇ ਪੁੱਤਰ ਗੁਰਵਿੰਦਰ ਸਿੰਘ ਨੇ ਆਪਣੇ ਹੀ ਸਾਥੀ ਰਾਗੀ ਸਿੰਘ ਜਸਵਿੰਦਰ ਸਿੰਘ ਬੂਟਾ ’ਤੇ ਗੰਭੀਰ ਦੋਸ਼ ਲਗਾਉਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਗੁਰਵਿੰਦਰ ਸਿੰਘ ਦਾ ਦੋਸ਼ ਹੈ ਕਿ 20 ਦਸੰਬਰ 2025 ਨੂੰ ਉਸ ਦੀ ਕਾਰ ਨੰਬਰ ਪੀ.ਬੀ.12 ਏ.ਜੀ. 5069 ਨੂੰ ਕਥਿਤ ਤੌਰ ’ਤੇ ਅੱਗ ਲਗਾ ਕੇ ਸਾੜ ਦਿੱਤਾ ਗਿਆ। ਪੀੜਤ ਅਨੁਸਾਰ ਇਸ ਤੋਂ ਪਹਿਲਾਂ 16 ਦਸੰਬਰ ਨੂੰ ਗੁਰਦੁਆਰਾ ਸਾਹਿਬ ਦੀ ਅੰਦਰੂਨੀ ਰਿਹਾਇਸ਼ ਵਿਖੇ ਗੱਡੀ ਖੜ੍ਹੀ ਕਰਨ ਨੂੰ ਲੈ ਕੇ ਉਸ ਦੀ ਸਾਥੀ ਰਾਗੀ ਸਿੰਘ ਨਾਲ ਬਹਿਸ ਹੋਈ ਸੀ। ਉਸ ਨੇ ਦੱਸਿਆ ਕਿ ਗੱਡੀ ਨੂੰ ਅੱਗ ਲਗਾਉਣ ਦੀ ਘਟਨਾ ਸੰਬੰਧੀ ਥਾਣਾ ਫੇਜ਼-8 ਵਿਖੇ ਸ਼ਿਕਾਇਤ ਦਿੱਤੀ ਗਈ ਸੀ ਅਤੇ ਮਾਮਲੇ ਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਨੂੰ ਵੀ ਭੇਜੀ ਗਈ। ਗੁਰਵਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਘਟਨਾ ਸੰਬੰਧੀ ਸੀ.ਸੀ.ਟੀ.ਵੀ. ਫੁਟੇਜ ਵੀ ਮੌਜੂਦ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਇੰਸਪੈਕਟਰ ਵਲੋਂ ਗੁਰਦੁਆਰਾ ਅੰਬ ਸਾਹਿਬ ਵਿਖੇ ਪੜਤਾਲ ਕੀਤੀ ਗਈ ਸੀ। ਉਸ ਨੇ ਇਹ ਵੀ ਦੋਸ਼ ਲਗਾਇਆ ਕਿ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਕਥਿਤ ਤੌਰ ’ਤੇ ਜਾਨੋਂ ਮਾਰਨ ਅਤੇ ਬੱਚਿਆਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ।
ਉਸ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਉਹ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਕੋਲ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਉਸ ਦਾ ਦੋਸ਼ ਹੈ ਕਿ ਘਟਨਾ ਵਿਚ ਉਸ ਦਾ ਕੋਈ ਕਸੂਰ ਨਾ ਹੋਣ ਦੇ ਬਾਵਜੂਦ ਉਸ ਨੂੰ ਮੁਅੱਤਲ ਕੀਤਾ ਗਿਆ ਹੈ, ਜਦਕਿ ਦੂਜੇ ਪੱਖ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕੀਤੀ ਜਾ ਰਹੀ। ਗੁਰਵਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਤੀ ਸਤਿਕਾਰ ਪ੍ਰਗਟ ਕਰਦਿਆਂ ਕਿਹਾ ਕਿ ਉਸ ਨੇ ਗੁਰੂ ਘਰ ਦਾ ਮਾਮਲਾ ਹੋਣ ਕਰਕੇ ਪਹਿਲਾਂ ਇਸ ਨੂੰ ਅੰਦਰੂਨੀ ਤੌਰ ’ਤੇ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ, ਪਰ ਹੁਣ ਉਹ ਸੰਗਤ ਦੀ ਕਚਹਿਰੀ ਵਿਚ ਆਪਣਾ ਪੱਖ ਰੱਖ ਰਿਹਾ ਹੈ। ਉਸ ਨੇ ਸ਼੍ਰੋਮਣੀ ਕਮੇਟੀ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀ ਖ਼ਿਲਾਫ਼ ਬਣਦੀ ਕਾਰਵਾਈ ਅਤੇ ਉਸ ਨੂੰ ਇਨਸਾਫ਼ ਦੇਣ ਦੀ ਅਪੀਲ ਕੀਤੀ ਹੈ।