ਚੰਡੀਗੜ੍ਹ, 15 ਅਗਸਤ - ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਦੇ ਲੋਕਾਂ ਨੂੰ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਸ ਸਬੰਧੀ ਐਲਾਨ ਕਰਦਿਆਂ ਮੋਰਚੇ ਦੇ ਆਗੂਆਂ ਨੇ ਲੋਕਾਂ ਅਤੇ ਵੱਖ-ਵੱਖ ਜਥੇਬੰਦੀਆਂ ਨੂੰ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੀ ਅਪੀਲ ਕੀਤੀ ਹੈ।ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਹਾਊਸ ਵੱਲ ਕੂਚ ਕਰਨ ਮੌਕੇ ਸਾਡੇ ਲੋਕਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਵਲੋਂ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ।
ਉਨ੍ਹਾਂ ਕਿਹਾ ਕਿ ਪਿਛਲੇ ਚਾਰ-ਪੰਜ ਦਿਨਾਂ ਤੋਂ ਅਸੀਂ ਏਜੰਸੀਆਂ ਨਾਲ ਮੀਟਿੰਗਾਂ ਕਰ ਰਹੇ ਹਾਂ ਜਦਕਿ ਭਾਈ ਜਗਤਾਰ ਸਿੰਘ ਹਵਾਰਾ ਨੇ ਵੀ ਸ਼ਾਂਤੀ ਦੀ ਅਪੀਲ ਕੀਤੀ ਸੀ। ਅਸੀਂ ਸ਼ੁਰੂ ਵਿਚ ਭਾਈ ਜਗਤਾਰ ਸਿੰਘ ਹਵਾਰਾ ਲਈ ਚਾਰ-ਪੰਜ ਦਿਨਾਂ ਦੀ ਪੈਰੋਲ ਮੰਗ ਰਹੇ ਸੀ, ਪਰ ਉਹ ਇਕ ਦਿਨ ਦੀ ਵੀ ਪੈਰੋਲ ਨਹੀਂ ਦੇ ਰਹੇ ਹਨ। ਅਸੀਂ ਆਪਣੀ ਲੜਾਈ ਸ਼ਾਂਤੀਪੂਰਵਕ ਲੜਾਂਗੇ।