15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਜਥੇਦਾਰ ਗਿਆਨੀ ਗੜਗੱਜ ਨੇ ਅੰਬਾਲਾ ’ਚ ਸਿੱਖਾਂ ’ਤੇ ਹੋਏ ਲਾਠੀਚਾਰਜ ਤੇ ਅੱਥਰੂ ਗੈਸ ਦੀ ਵਰਤੋਂ ਦੀ ਕੀਤੀ ਸਖ਼ਤ ਨਿੰਦਾ

ਕਰਨਾਲ (ਹਰਿਆਣਾ), 16 ਅਗਸਤ (ਗੁਰਮੀਤ ਸਿੰਘ ਸੱਗੂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ...

Ad Position 21
No active advertisement
ਅਜੀਤ ਡੈਸਕ 16-08-2026

ਕਰਨਾਲ (ਹਰਿਆਣਾ), 16 ਅਗਸਤ (ਗੁਰਮੀਤ ਸਿੰਘ ਸੱਗੂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਰਿਆਣਾ ਪੁਲਿਸ ਵਲੋਂ ਬੀਤੇ ਦਿਨੀਂ ਅੰਬਾਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ਉੱਤੇ ਲਾਠੀਚਾਰਜ ਕਰਨ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਇਕ ਪਾਸੇ ਹਰਿਆਣਾ ਸਰਕਾਰ ਸਿੱਖ ਸੰਗਤ ਨਾਲ ਗੱਲਬਾਤ ਕਰ ਰਹੀ ਸੀ ਅਤੇ ਦੂਜੇ ਪਾਸੇ ਅਚਾਨਕ ਉਨ੍ਹਾਂ ਉੱਤੇ ਹਮਲਾ ਕਰਨਾ ਬੇਹੱਦ ਮੰਦਭਾਗਾ ਹੈ ਅਤੇ ਇਹ ਨਿਆਂਪੂਰਣ ਕਾਰਵਾਈ ਨਹੀਂ ਹੈ।

ਉਨ੍ਹਾਂ ਕਿਹਾ ਕਿ ਇਸ ਘਟਨਾ ਵਿਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਦੀਸ਼ ਸਿੰਘ ਝੀਂਡਾ ਤੋਂ ਇਲਾਵਾ ਕਈ ਮੈਂਬਰ ਤੇ ਮੁਲਾਜ਼ਮ, ਸਿੱਖ ਸੰਗਤਾਂ ਅਤੇ ਪੁਲਿਸ ਜਵਾਨ ਵੀ ਫੱਟੜ ਹੋਏ ਹਨ। ਜਥੇਦਾਰ ਗੜਗੱਜ ਨੇ ਸ. ਝੀਂਡਾ ਨਾਲ ਫ਼ੋਨ ਉੱਤੇ ਗੱਲਬਾਤ ਕਰਕੇ ਉਨ੍ਹਾਂ ਦੀ ਅਤੇ ਫੱਟੜ ਸਿੱਖਾਂ ਦੀ ਸਿਹਤ ਦਾ ਹਾਲ ਜਾਣਿਆ ਤੇ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਸ. ਝੀਂਡਾ ਨੇ ਦੱਸਿਆ ਕਿ ਜਦੋਂ ਸਰਕਾਰ ਨਾਲ ਗੱਲਬਾਤ ਚੱਲ ਰਹੀ ਸੀ ਤਾਂ ਇਸ ਤਰ੍ਹਾਂ ਪੁਲਿਸ ਵਲੋਂ ਸਿੱਖ ਸੰਗਤ ਉੱਤੇ ਹਮਲਾ ਕਰਨਾ ਠੀਕ ਨਹੀਂ ਸੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਜੇਕਰ ਸਰਕਾਰ ਚਾਹੁੰਦੀ ਤਾਂ ਇਹ ਮਾਮਲਾ ਬਹੁਤ ਤੇ ਸਹਿਜ ਤੇ ਸੂਝਬੂਝ ਨਾਲ ਗੱਲਬਾਤ ਰਾਹੀਂ ਹੀ ਹੱਲ ਹੋ ਜਾਣਾ ਸੀ। ਜਦੋਂ ਆਪਸ ਵਿਚ ਗੱਲਬਾਤ ਚੱਲ ਰਹੀ ਸੀ ਤਾਂ ਇਸ ਤਰ੍ਹਾਂ ਅਚਾਨਕ ਸਰਕਾਰ ਦੀ ਤਰਫ਼ੋਂ ਸਿੱਖਾਂ ਉੱਤੇ ਬਲ ਦੀ ਵਰਤੋਂ ਕਰਨਾ ਗਲਤ ਹੈ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਅਜਿਹਾ ਕਿਉਂ ਹੋਇਆ। ਉਨ੍ਹਾਂ ਸਵਾਲ ਕੀਤਾ ਕਿ ਕਿਤੇ ਜਾਣਬੁੱਝ ਕੇ ਸ਼ਾਂਤਮਈ ਧਰਨੇ ਪ੍ਰਦਰਸ਼ਨ ਨੂੰ ਬਦਨਾਮ ਕਰਨ ਅਤੇ ਪੁਲਿਸ ਨੂੰ ਉਕਸਾਉਣ ਲਈ ਰਾਤ ਦੇ ਸਮੇਂ ਸਿੱਖ ਵਿਰੋਧੀ ਸ਼ਕਤੀਆਂ ਵਲੋਂ ਧਰਨੇ ਵਿਚ ਸ਼ਰਾਰਤੀ ਅਨਸਰਾਂ ਦੀ ਘੁਸਪੈਠ ਕਰਵਾ ਕੇ ਗਲਤ ਕਾਰਵਾਈਆਂ ਤਾਂ ਨਹੀਂ ਕੀਤੀਆਂ ਗਈਆਂ, ਇਸ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜੇਕਰ ਹਰਿਆਣਾ ਸਰਕਾਰ ਨੇ ਸਮਾਂ ਰਹਿੰਦਿਆਂ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਅੱਠਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਸੰਗਤ ਉੱਤੇ ਗੱਡੀ ਚੜ੍ਹਾਉਣ ਵਾਲੇ ਦੋਸ਼ੀਆਂ ਵਿਰੁੱਧ ਸਿੱਖ ਭਾਵਨਾਵਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਹੁੰਦੀ ਤਾਂ ਇਸ ਸਥਿਤੀ ਤੋਂ ਬਚਿਆ ਜਾ ਸਕਦਾ ਸੀ। ਉਨ੍ਹਾਂ ਇਸ ਗੱਲ ਉੱਤੇ ਚਿੰਤਾ ਜ਼ਾਹਿਰ ਕੀਤੀ ਕਿ ਅਜਿਹੇ ਸ਼ਰਾਰਤੀ ਅਨਸਰਾਂ ਦੀ ਸਰਕਾਰਾਂ ਵਲੋਂ ਪੁਸ਼ਤਪਨਾਹੀ ਕਿਉਂ ਕੀਤੀ ਜਾਂਦੀ ਹੈ ਜੋ ਹਰ ਸਮੇਂ ਸਿੱਖਾਂ ਵਿਰੁੱਧ ਬੋਲਦੇ ਹਨ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਦਾ ਕੰਮ ਕਰਦੇ ਹਨ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਗ੍ਰਿਫ਼ਤਾਰ ਕੀਤੇ ਨੌਜਵਾਨ ਤੁਰੰਤ ਰਿਹਾਅ ਕਰਨੇ ਚਾਹੀਦੇ ਹਨ ਅਤੇ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਸੰਗਤ ਉੱਤੇ ਗੱਡੀ ਚੜ੍ਹਾ ਕੇ ਫੱਟੜ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਸਰਕਾਰ ਨੂੰ ਸੂਬੇ ਦੇ ਸਿੱਖ ਆਗੂਆਂ ਨਾਲ ਗੱਲਬਾਤ ਰਾਹੀਂ ਸਮੁੱਚਾ ਮਾਮਲਾ ਹੱਲ ਕਰਨਾ ਚਾਹੀਦਾ ਹੈ ਨਾ ਕਿ ਟਕਰਾਅ ਦੀ ਸਥਿਤੀ ਪੈਦਾ ਕਰਨੀ ਚਾਹੀਦੀ ਹੈ। ਉਨ੍ਹਾਂ ਹਰਿਆਣਾ ਦੀ ਸਿੱਖ ਸੰਗਤ ਨੂੰ ਆਪਸ ਵਿਚ ਇਕਜੁੱਟ ਤੇ ਸੰਗਠਤ ਰਹਿਣ ਦੀ ਤਾਕੀਦ ਕਰਦਿਆਂ ਕਿਹਾ ਕਿ ਜੋ ਵੀ ਸੰਘਰਸ਼ ਕਰਨਾ ਹੋਵੇ ਉਸ ਨੂੰ ਪੂਰੀ ਤਰ੍ਹਾਂ ਜਾਬਤੇ ਵਿਚ ਅਤੇ ਸ਼ਾਂਤਮਈ ਯਕੀਨੀ ਬਣਾਇਆ ਜਾਵੇ। ਇਹ ਵੀ ਯਕੀਨੀ ਹੋਵੇ ਕਿ ਧਰਨੇ ਮੌਕੇ ਕੋਈ ਸ਼ਰਾਰਤੀ ਅਨਸਰ ਨਾਲ ਸ਼ਾਮਿਲ ਨਾ ਹੋਵੇ।

Ad Position 22
No active advertisement
ਪਿਛਲੀ ਖ਼ਬਰ ਰਘੂਜੀਤ ਸਿੰਘ ਵਿਰਕ ਵਲੋਂ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਨਿੰਦਾ- ਸੁਖਵਿੰਦਰ ਸਿੰਘ ਅਗਲੀ ਖ਼ਬਰ ਅਰਵਿੰਦ ਕੇਜਰੀਵਾਲ ਦੇ ਜਨਮਦਿਨ ਮੌਕੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਦਿੱਤੀਆਂ ਸ਼ੁੱਭਕਾਮਨਾਵਾਂ
Ad Position 24