ਗੁਰੂਸਰ ਸੁਧਾਰ, 21 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਕੌਮੀ ਇਨਸਾਫ਼ ਮੋਰਚੇ ਵਲੋਂ ਲੰਮੇ ਸਮੇਂ ਤੋਂ ਸੂਬੇ ਅਤੇ ਦੇਸ਼ ਦੀਆਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਸਥਾਨਕ ਕਸਬਾ ਗੁਰੂਸਰ ਸੁਧਾਰ ਵਿਚ ਪੂਰਨ ਹੁੰਗਾਰਾ ਤੇ ਅਸਰ ਦੇਖਣ ਨੂੰ ਮਿਲਿਆ। ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਕਸਬੇ ਦੀਆਂ ਸਮੂਹ ਦੁਕਾਨਾਂ, ਰੇਹੜੀਆਂ-ਫੜ੍ਹੀਆਂ ਅਤੇ ਹੋਰ ਵਪਾਰਕ ਅਦਾਰੇ ਮੁਕੰਮਲ ਤੌਰ ’ਤੇ ਬੰਦ ਰਹੇ।
ਬੰਦ ਦੌਰਾਨ ਭਾਵੇਂ ਕਿਤੇ ਵੀ ਸੜਕੀ ਆਵਾਜਾਈ ਰੋਕੇ ਜਾਣ ਦੀ ਕੋਈ ਸੂਚਨਾ ਨਹੀਂ ਮਿਲੀ ਅਤੇ ਆਵਾਜਾਈ ਆਮ ਵਾਂਗ ਚੱਲਦੀ ਰਹੀ। ਇਸ ਦੇ ਨਾਲ ਹੀ ਸਰਕਾਰੀ ਦਫ਼ਤਰ, ਮੈਡੀਕਲ ਸਟੋਰ, ਸਰਕਾਰੀ ਹਸਪਤਾਲ ਅਤੇ ਨਿੱਜੀ ਨਰਸਿੰਗ ਹੋਮ ਸਮੇਤ ਐਮਰਜੈਂਸੀ ਸੇਵਾਵਾਂ ਬਹਾਲ ਰਹੀਆਂ।
ਭਾਵੇਂ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਛੁੱਟੀ ਦਾ ਕੋਈ ਐਲਾਨ ਨਹੀਂ ਕੀਤਾ ਗਿਆ ਸੀ, ਪਰ ਪੰਜਾਬ ਬੰਦ ਦੇ ਮੱਦੇਨਜ਼ਰ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਲਾਕੇ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਰਹੇ। ਇਸ ਤੋਂ ਇਲਾਵਾ ਬੈਂਕ ਅਤੇ ਏ.ਟੀ.ਐੱਮ. ਵੀ ਆਮ ਦਿਨਾਂ ਵਾਂਗ ਖੁੱਲ੍ਹੇ ਰਹੇ।