ਡੇਰਾਬੱਸੀ (ਮੋਹਾਲੀ), 21 ਅਗਸਤ (ਗੁਰਮੀਤ ਸਿੰਘ)- ਥਾਪਰ ਯੂਨੀਵਰਸਿਟੀ ਡੇਰਾਬੱਸੀ-ਬਹਿੜਾ ਵਿਚ ਸਥਿਤ ਇਕ ਟੈਲੀਕਾਮ ਟਾਵਰ ਦੀ ਸਾਈਟ ਤੋਂ ਲੱਖਾਂ ਰੁਪਏ ਦਾ ਸਮਾਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਜਾਂਚ ਅਧਿਕਾਰੀ ਏ.ਐਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਸ਼ਾਲ ਕੁਮਾਰ ਲਾਲੜੂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਥਾਪਰ ਯੂਨੀਵਰਸਿਟੀ ਬੇਹੜਾ ਸਥਿਤ ਟੈਲੀਕਾਮ ਟਾਵਰ ਦੀ ਸਾਈਟ ਤੋਂ ਕੋਈ ਅਣਪਛਾਤਾ ਵਿਅਕਤੀ ਟਾਵਰ ਦੇ ਕਈ ਮਹੱਤਵਪੂਰਨ ਪਾਰਟਸ ਚੋਰੀ ਕਰਕੇ ਫ਼ਰਾਰ ਹੋ ਗਿਆ।
ਚੋਰੀ ਹੋਏ ਸਮਾਨ ਦੀ ਕੁੱਲ ਕੀਮਤ ਕਰੀਬ 4,80,125 ਰੁਪਏ ਦੱਸੀ ਜਾ ਰਹੀ ਹੈ। ਵਿਸ਼ਾਲ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਉਨ੍ਹਾਂ ਦੀ ਭਾਲ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਏ.ਐਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ ਅਤੇ ਜਲਦ ਹੀ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।