ਅੰਮ੍ਰਿਤਸਰ, 22 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਥਕ ਸਫ਼ਾਂ ਵਿਚ ਲੰਮੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾ ਰਹੇ ਅਖੰਡ ਕੀਰਤਨੀ ਜਥਾ ਦੇ ਮੁੱਖ ਬੁਲਾਰੇ ਜਥੇਦਾਰ ਅਰਜਨ ਸਿੰਘ ਸ਼ੇਰਗਿੱਲ ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪਾਰਟੀ ਦੇ ਮੀਡੀਆ ਸਕੱਤਰ ਸਰਦਾਰ ਤਜਿੰਦਰ ਸਿੰਘ ਪੰਨੂ ਅਤੇ ਮੁੱਖ ਦਫ਼ਤਰ ਸਕੱਤਰ ਸਰਦਾਰ ਜਗਜੀਤ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਨਿਯੁਕਤੀ ਜਥੇਦਾਰ ਅਰਜਨ ਸਿੰਘ ਸ਼ੇਰਗਿੱਲ ਦੀਆਂ ਪੰਥ, ਸਮਾਜ ਅਤੇ ਕੌਮ ਪ੍ਰਤੀ ਨਿਭਾਈਆਂ ਗਈਆਂ ਨਿਰਸਵਾਰਥ ਸੇਵਾਵਾਂ ਅਤੇ ਵਚਨਬੱਧਤਾ ਨੂੰ ਧਿਆਨ ਵਿਚ ਰੱਖਦਿਆਂ ਕੀਤੀ ਗਈ ਹੈ।
ਜਥੇਦਾਰ ਸ਼ੇਰਗਿੱਲ ਨੇ ਹਮੇਸ਼ਾ ਪੰਥਕ ਸਿਧਾਂਤਾਂ ਅਤੇ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਲਈ ਦ੍ਰਿੜ੍ਹਤਾ ਨਾਲ ਆਵਾਜ਼ ਬੁਲੰਦ ਕੀਤੀ ਹੈ। ਅਖੰਡ ਕੀਰਤਨੀ ਜਥਾ ਦੇ ਮੁੱਖ ਬੁਲਾਰੇ ਵਜੋਂ ਉਨ੍ਹਾਂ ਨੇ ਸੰਗਤ ਵਿਚ ਧਰਮ ਪ੍ਰਚਾਰ ਅਤੇ ਪੰਥਕ ਏਕਤਾ ਲਈ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਦੇ ਵਿਸ਼ਾਲ ਤਜ਼ਰਬੇ ਨਾਲ ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਨੂੰ ਨਵੀਂ ਦਿਸ਼ਾ ਮਿਲੇਗੀ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਸੋਢੀ ਨੇ ਜਥੇਦਾਰ ਅਰਜਨ ਸਿੰਘ ਸ਼ੇਰਗਿੱਲ ਦੀ ਨਿਯੁਕਤੀ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸ਼ੇਰਗਿੱਲ ਪੰਥਕ ਸਫ਼ਾਂ ਦੇ ਉਹ ਚੰਗੇ ਚਿਹਰੇ ਹਨ ਜਿਨ੍ਹਾਂ ਨੇ ਹਮੇਸ਼ਾ ਪੰਥ ਪ੍ਰਸਤੀ ਦਾ ਲੜ ਫੜ ਕੇ ਪੰਥਕ ਸਫ਼ਾਂ ਦੇ ਵਿਚ ਵੱਡੀਆਂ ਸੇਵਾਵਾਂ ਦਿੱਤੀਆਂ ਹਨ ਅਤੇ ਨਿਰੰਤਰ ਦੇ ਰਹੇ ਹਨ।
ਜਥੇਦਾਰ ਅਰਜਨ ਸਿੰਘ ਸ਼ੇਰਗਿੱਲ ਦੀ ਇਸ ਨਿਯੁਕਤੀ ਨਾਲ ਪੰਥਕ ਹਲਕਿਆਂ ਵਿਚ ਖੁਸ਼ੀ ਦੀ ਲਹਿਰ ਹੈ। ਵੱਖ-ਵੱਖ ਧਾਰਮਿਕ ਅਤੇ ਪੰਥਕ ਸ਼ਖਸੀਅਤਾਂ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ ਅਤੇ ਆਸ ਪ੍ਰਗਟਾਈ ਹੈ ਕਿ ਜਥੇਦਾਰ ਸ਼ੇਰਗਿੱਲ ਪੰਥਕ ਭਲਾਈ ਲਈ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਤਾਜ਼ਾ ਖ਼ਬਰਾਂ
Free
ਜਥੇਦਾਰ ਅਰਜਨ ਸਿੰਘ ਸ਼ੇਰਗਿੱਲ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਅੰਮ੍ਰਿਤਸਰ, 22 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਥਕ ਸਫ਼ਾਂ ਵਿਚ ਲੰਮੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾ ਰਹੇ ਅਖੰਡ...
ਅਜੀਤ ਡੈਸਕ
22-08-2026