ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 29 ਅਗਸਤ (ਕਪਿਲ ਕੰਧਾਰੀ)- ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅਤੇ ਸ਼ਹਿਰ ਵਿਚ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੇ ਮਕਸਦ ਨਾਲ ਟਰੈਫਿਕ ਪੁਲਿਸ ਵਲੋਂ ਅੱਜ ਬੱਤੀਆਂ ਵਾਲੇ ਚੌਂਕ ਵਿਖੇ ਨਾਕਾਬੰਦੀ ਕੀਤੀ ਗਈ। ਟਰੈਫਿਕ ਇੰਚਾਰਜ ਗੁਰੂ ਹਰ ਸਹਾਏ ਬਲੋਰ ਸਿੰਘ ਦੀ ਅਗਵਾਈ ਹੇਠ ਅਤੇ ਐੱਸ.ਐੱਸ.ਪੀ. ਦਫ਼ਤਰ ਫਿਰੋਜ਼ਪੁਰ ਤੋਂ ਪਹੁੰਚੇ ਪੁਲਿਸ ਕਰਮਚਾਰੀਆਂ ਵਲੋਂ ਚੌਂਕ ਵਿਚੋਂ ਲੰਘਣ ਵਾਲੇ ਵੱਖ-ਵੱਖ ਵਾਹਨਾਂ, ਕਾਰਾਂ ਅਤੇ ਮੋਟਰਸਾਈਕਲਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।
ਇਸ ਦੌਰਾਨ ਵਾਹਨਾਂ ਦੇ ਜ਼ਰੂਰੀ ਦਸਤਾਵੇਜ਼, ਨੰਬਰ ਪਲੇਟਾਂ ਅਤੇ ਹੋਰ ਟਰੈਫਿਕ ਨਿਯਮਾਂ ਸਬੰਧੀ ਜਾਂਚ ਕੀਤੀ ਗਈ। ਜਿਨ੍ਹਾਂ ਵਾਹਨ ਚਾਲਕਾਂ ਕੋਲ ਲੋੜੀਂਦੇ ਕਾਗਜ਼ਾਤ ਪੂਰੇ ਨਹੀਂ ਸਨ ਜਾਂ ਜੋ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ, ਉਨ੍ਹਾਂ ਦੇ ਮੌਕੇ ’ਤੇ ਹੀ ਚਲਾਨ ਕੀਤੇ ਗਏ। ਇਸ ਤੋਂ ਇਲਾਵਾ ਬਿਨ੍ਹਾਂ ਨੰਬਰ ਪਲੇਟਾਂ ਵਾਲੇ ਵਾਹਨਾਂ, ਕਾਲੇ ਸ਼ੀਸ਼ਿਆਂ ਵਾਲੀਆਂ ਗੱਡੀਆਂ ਅਤੇ ਮੋਡੀਫਾਈਡ ਸਾਇਲੈਂਸਰਾਂ ਰਾਹੀਂ ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਪਾਉਣ ਵਾਲੇ ਨੌਜਵਾਨਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਅਤੇ ਕਈ ਮੋਟਰਸਾਈਕਲ ਥਾਣੇ ਵਿਚ ਬੰਦ ਵੀ ਕੀਤੇ ਗਏ।
ਟਰੈਫਿਕ ਇੰਚਾਰਜ ਬਲੋਰ ਸਿੰਘ ਨੇ ਵਾਹਨ ਚਾਲਕਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਵਾਹਨ ਚਲਾਉਂਦੇ ਸਮੇਂ ਆਪਣੇ ਵਾਹਨ ਦੇ ਸਾਰੇ ਜ਼ਰੂਰੀ ਦਸਤਾਵੇਜ਼ ਆਪਣੇ ਕੋਲ ਰੱਖਣ ਅਤੇ ਟਰੈਫਿਕ ਨਿਯਮਾਂ ਦੀ ਪੂਰੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਜਾਰੀ ਰਹੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਬਲਕਰਨ ਸਿੰਘ ਅਤੇ ਹੋਰ ਵੀ ਪੁਲਿਸ ਕਰਮਚਾਰੀ ਹਾਜ਼ਰ ਸਨ।