ਜੰਡਿਆਲਾ ਗੁਰੂ (ਅੰਮ੍ਰਿਤਸਰ), 30 ਅਗਸਤ (ਪ੍ਰਮਿੰਦਰ ਸਿੰਘ ਜੋਸਨ)- ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸ. ਹਰਦੀਪ ਸਿੰਘ ਗਿੱਲ ਵਲੋਂ ਅੱਜ ਜੰਡਿਆਲਾ ਗੁਰੂ ਵਿਖੇ ਇਲਾਕੇ ਦੇ ਮੋਹਤਵਰਾਂ, ਪਤਵੰਤੇ ਵਿਅਕਤੀਆਂ ਅਤੇ ਵਰਕਰਾਂ ਨਾਲ ਬੈਠ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੁਣਿਆ ਗਿਆ ਅਤੇ ਇਸ ਮੌਕੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਲੋਕਾਂ ਨੇ ਪ੍ਰਧਾਨ ਮੰਤਰੀ ਵਲੋਂ ਦੇਸ਼ ਵਾਸੀਆਂ ਨਾਲ ਸਾਂਝੇ ਕੀਤੇ ਵਿਚਾਰਾਂ ਨੂੰ ਗੌਰ ਨਾਲ ਸੁਣਿਆ।
ਇਸ ਮੌਕੇ ਗੱਲਬਾਤ ਕਰਦਿਆਂ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸ. ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ‘ਮਨ ਕੀ ਬਾਤ’ ਸਿਰਫ਼ ਪ੍ਰਧਾਨ ਮੰਤਰੀ ਦਾ ਸੰਬੋਧਨ ਨਹੀਂ, ਸਗੋਂ ਦੇਸ਼ ਦੇ ਆਮ ਲੋਕਾਂ ਨਾਲ ਸਿੱਧੇ ਸੰਵਾਦ ਦਾ ਇਕ ਪ੍ਰਭਾਵਸ਼ਾਲੀ ਮਾਧਿਅਮ ਬਣ ਚੁੱਕਾ ਹੈ ਤੇ ਇਸ ਪ੍ਰੋਗਰਾਮ ਰਾਹੀਂ ਦੇਸ਼ ਦੇ ਵੱਖ-ਵੱਖ ਕੋਨਿਆਂ ਵਿਚ ਚੁੱਪਚਾਪ ਅਤੇ ਨਿਰਸਵਾਰਥ ਭਾਵਨਾ ਨਾਲ ਸਮਾਜ ਲਈ ਕੰਮ ਕਰ ਰਹੇ ਲੋਕਾਂ ਦੀਆਂ ਕਹਾਣੀਆਂ ਨੂੰ ਦੇਸ਼ ਦੇ ਸਾਹਮਣੇ ਲਿਆਂਦਾ ਜਾਂਦਾ ਹੈ।
ਸ. ਗਿੱਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਦੇਸ਼ ਦੇ ਹਰ ਵਰਗ ਨੂੰ ਨਾਲ ਲੈ ਕੇ ਵਿਕਾਸ ਦੀ ਨਵੀਂ ਦਿਸ਼ਾ ਵੱਲ ਅੱਗੇ ਵਧਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਦਾ ਸੁਪਨਾ ਤਾਂ ਹੀ ਸਾਕਾਰ ਹੋ ਸਕਦਾ ਹੈ ਜੇਕਰ ਦੇਸ਼ ਦਾ ਹਰੇਕ ਨਾਗਰਿਕ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਵਿੱਚ ਯੋਗਦਾਨ ਪਾਵੇ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਸਵੱਛਤਾ, ਵਾਤਾਵਰਣ ਦੀ ਸੰਭਾਲ, ਆਤਮ-ਨਿਰਭਰਤਾ, ਨੌਜਵਾਨਾਂ ਦੀ ਭੂਮਿਕਾ ਅਤੇ ਸਮਾਜਿਕ ਜ਼ਿੰਮੇਵਾਰੀਆਂ ਵਰਗੇ ਮੁੱਦਿਆਂ ਨੂੰ ਲਗਾਤਾਰ ਉਭਾਰਿਆ ਜਾਂਦਾ ਹੈ ਤੇ ਸਫ਼ਾਈ ਨੂੰ ਲੈ ਕੇ ਲੋਕਾਂ ਦੀ ਸੋਚ ਵਿਚ ਬਦਲਾਅ ਲਿਆਉਣ ਲਈ ਚਲਾਈਆਂ ਜਾ ਰਹੀਆਂ ਮੁਹਿੰਮਾਂ ਵਿਚ ਹਰੇਕ ਵਰਗ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।