ਅੰਮ੍ਰਿਤਸਰ, 31 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਾ ਚਾਰ ਮੈਂਬਰੀ ਵਫ਼ਦ ਨਿਪਾਲ ਵਿਚ ਆਏ ਭਿਆਨਕ ਹੜ੍ਹਾਂ ਨਾਲ ਆਈ ਤ੍ਰਾਸਦੀ ਦੇ ਪੀੜ੍ਹਤਾਂ ਦੀ ਮਦਦ ਲਈ ਅੱਜ ਨਿਪਾਲ ਪੁੱਜ ਗਿਆ। ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਵਿਚ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੀਤ ਸਕੱਤਰ ਅਜਾਦਦੀਪ ਸਿੰਘ ਸ਼ਾਮਿਲ ਹਨ।
ਨਿਪਾਲ ਵਿਚ ਇਸ ਵਫ਼ਦ ਦਾ ਸਹਿਯੋਗ ਕਰਨ ਲਈ ਸਥਾਨਕ ਸੰਗਤ ਵਲੋਂ ਅੰਗਦ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਿੱਖ ਮਿਸ਼ਨ ਤੋਂ ਅਮਰਜੀਤ ਸਿੰਘ ਵੀ ਨਾਲ ਹਨ।
ਭਾਈ ਰਜਿੰਦਰ ਸਿੰਘ ਮਹਿਤਾ ਨੇ ਜਾਣਕਾਰੀ ਦਿੰਦਿਆਂ ਮੈਂਬਰ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਸਥਿਤੀ ਦਾ ਜਾਇਜ਼ਾ ਲਵੇਗਾ ਅਤੇ ਪੀੜ੍ਹਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਤੁਰੰਤ ਲੋੜਾਂ ਬਾਰੇ ਜਾਣਕਾਰੀ ਹਾਸਲ ਕਰਨ ਤੋਂ ਬਾਅਦ ਪ੍ਰਭਾਵਿਤ ਲੋਕਾਂ ਨੂੰ ਲੋੜ ਅਨੁਸਾਰ ਰਾਸ਼ਨ, ਜ਼ਰੂਰੀ ਵਸਤਾਂ ਅਤੇ ਹੋਰ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਸਮੇਤ ਲੋੜੀਂਦੇ ਰਾਹਤ ਕਾਰਜਾਂ ਨੂੰ ਅੱਗੇ ਵਧਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪਹਿਲਾਂ ਵੀ ਦੇਸ਼-ਵਿਦੇਸ਼ ਵਿਚ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜ ਕੀਤੇ ਜਾਂਦੇ ਰਹੇ ਹਨ ਅਤੇ ਹੁਣ ਵੀ ਨਿਪਾਲ ਦੇ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।