ਅੰਮ੍ਰਿਤਸਰ, 3 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਅੱਜ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ, ਮਨਦੀਪ ਸਿੰਘ ਨਾਂ ਦਾ ਇਹ ਨੌਜਵਾਨ ਸਥਾਨਕ ਸ਼ਹੀਦ ਊਧਮ ਸਿੰਘ ਨਗਰ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ, ਜਿਸਨੇ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਦਰਸ਼ਨ ਕਰਨ ਆਈ ਇਕ ਸ਼ਰਧਾਲੂ ਔਰਤ ਦੀ ਚੁੰਨੀ ਨਾਲ ਬੰਨ ਦਿੱਤੇ।
ਬਾਅਦ ਵਿਚ ਇਸ ਘਟਨਾ ਦਾ ਪਤਾ ਲੱਗਣ 'ਤੇ ਸ੍ਰੀ ਦਰਬਾਰ ਸਾਹਿਬ ਦੇ ਇਕ ਮੁਲਾਜ਼ਮ ਵਲੋਂ ਪੁਲਿਸ ਥਾਣਾ ਕੋਤਵਾਲੀ ਵਿਖੇ ਇਸ ਸਬੰਧੀ ਦਰਖਾਸਤ ਦਿੱਤੀ ਗਈ। ਜਿਸ ਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਸਟਾਫ਼ ਅਤੇ ਪੁਲਿਸ ਵਲੋਂ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਹੈ। ਪੁਲਿਸ ਦੇ ਏ.ਸੀ.ਪੀ. ਸੁਰਿੰਦਰ ਸਿੰਘ ਨੇ ਵੀਡੀਓ ਬਿਆਨ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵਲੋਂ ਥਾਣਾ ਕੋਤਵਾਲੀ ਵਿਖੇ ਇਸ ਸਬੰਧੀ ਪਰਚਾ ਦਰਜ ਕਰ ਲਿਆ ਗਿਆ ਹੈ।
ਇਸੇ ਦੌਰਾਨ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਜੀਵਨ ਦੇਣ ਵਾਲੀ ਹੈ, ਪ੍ਰੰਤੂ ਮਾੜੀ ਬਿਰਤੀ ਦੇ ਕੁਝ ਲੋਕਾਂ ਵਲੋਂ ਅਜਿਹੀਆਂ ਹਰਕਤਾਂ ਕਰਕੇ ਸਿੱਖ ਸੰਗਤਾਂ ਦੇ ਹਿਰਦੇ ਨੂੰ ਠੇਸ ਪਹੁੰਚਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦਰਸ਼ਨ ਕਰਨ ਆਈ ਇਕ ਬੀਬੀ ਦੇ ਪੱਲੇ ਨਾਲ ਦੋਸ਼ੀ ਵਿਅਕਤੀ ਨੇ ਗੁਟਕਾ ਸਾਹਿਬ ਦਾ ਇਕ ਪੰਨਾ ਬੰਨ੍ਹ ਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ। ਗੁਰੂ ਘਰ 'ਚ ਅਜਿਹੀ ਹਰਕਤ ਕੀਤੇ ਜਾਣਾ ਹੋਰ ਵੀ ਵੱਡੀ ਚਿੰਤਾ ਵਾਲੀ ਗੱਲ ਹੈ। ਸ. ਮੰਨਣ ਨੇ ਕਿਹਾ ਕਿ ਪਾਵਨ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਪ੍ਰੰਤੂ ਦੋਸ਼ੀ ਫੜ੍ਹੇ ਜਾਣ ਬਾਅਦ ਵੀ ਇਸ ਪਿੱਛੇ ਸਾਜ਼ਿਸ਼ ਕਰਨ ਵਾਲੀਆਂ ਤਾਕਤਾਂ ਨੂੰ ਸਾਹਮਣੇ ਨਹੀਂ ਲਿਆਂਦਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਦੇ ਦੋਸ਼ੀ ਨੂੰ ਸ਼੍ਰੋਮਣੀ ਕਮੇਟੀ ਵਲੋਂ ਪੁਲਿਸ ਹਵਾਲੇ ਕੀਤਾ ਗਿਆ। ਪੁਲਿਸ ਪ੍ਰਸ਼ਾਸਨ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਿਥੇ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਉਣੀ ਚਾਹੀਦੀ ਹੈ, ਉਥੇ ਹੀ ਇਸ ਪਿੱਛੇ ਸਾਜ਼ਿਸ਼ ਕਰਨ ਵਾਲਿਆਂ ਨੂੰ ਵੀ ਸਾਹਮਣੇ ਲਿਆਉਣਾ ਚਾਹੀਦਾ ਹੈ।