ਜਗਰਾਉਂ (ਲੁਧਿਆਣਾ), 13 ਸਤੰਬਰ (ਕੁਲਦੀਪ ਸਿੰਘ ਲੋਹਟ)- ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਦੀ 82ਵੀਂ ਵਰ੍ਹੇਗੰਢ ਨੂੰ ਸਮਰਪਿਤ ਮੀਰੀ-ਪੀਰੀ ਕਾਨਫਰੰਸ 14 ਸਤੰਬਰ ਨੂੰ ਗੁਰਦੁਆਰਾ ਗੁਰੂਸਰ ਕਾਉਂਕੇ ਵਿਖੇ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਕਾਨਫਰੰਸ ਦੌਰਾਨ ਗੁਰਮਤਿ ਵਿਚਾਰਧਾਰਾ, ਸਿੱਖ ਇਤਿਹਾਸ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ ਤੌਰ ’ਤੇ ਸੰਬੋਧਨ ਕਰਨਗੇ। ਕਾਨਫਰੰਸ ਵਿਚ ਮੀਰੀ-ਪੀਰੀ ਦੇ ਸਿਧਾਂਤ ਦੀ ਰੌਸ਼ਨੀ ਵਿਚ ਸਿੱਖ ਨੌਜਵਾਨਾਂ ਦੀ ਜ਼ਿੰਮੇਵਾਰੀ, ਗੁਰਮਤਿ ਜੀਵਨ-ਜਾਚ ਅਤੇ ਮੌਜੂਦਾ ਪੰਥਕ ਸਰੋਕਾਰਾਂ ਬਾਰੇ ਵਿਚਾਰ ਸਾਂਝੇ ਕੀਤੇ ਜਾਣਗੇ। ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਲੰਮੀ ਯਾਤਰਾ ਸਿੱਖ ਨੌਜਵਾਨੀ ਨੂੰ ਗੁਰਮਤਿ, ਸਿੱਖ ਇਤਿਹਾਸ ਅਤੇ ਪੰਥਕ ਚੇਤਨਾ ਨਾਲ ਜੋੜਨ ਦੀ ਵਿਰਾਸਤ ਨਾਲ ਜੁੜੀ ਹੋਈ ਹੈ। 82ਵੀਂ ਵਰ੍ਹੇਗੰਢ ਮੌਕੇ ਹੋ ਰਹੀ ਇਹ ਕਾਨਫਰੰਸ ਇਸ ਵਿਰਾਸਤ ਨੂੰ ਹੋਰ ਮਜ਼ਬੂਤ ਕਰਨ ਦਾ ਉਪਰਾਲਾ ਹੈ। ਉਨ੍ਹਾਂ ਸੰਗਤਾਂ ਅਤੇ ਨੌਜਵਾਨਾਂ ਨੂੰ ਕਾਨਫਰੰਸ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।