ਛੇਹਰਟਾ (ਅੰਮ੍ਰਿਤਸਰ), 26 ਸਤੰਬਰ (ਪੱਤਰ ਪ੍ਰੇਰਕ)- ਵਿਧਾਨ ਸਭਾ ਹਲਕਾ ਪੱਛਮੀ ਅੰਮ੍ਰਿਤਸਰ ਤੋਂ ਸੀਨੀਅਰ ਭਾਜਪਾ ਆਗੂ ਰਾਕੇਸ਼ ਕੁਮਾਰ ਰਿੰਕੂ ਵਾਲਮੀਕਿ ਵਲੋਂ ਛੇਹਰਟਾ ਵਿਖੇ ਭਾਜਪਾ ਦੀ ਵਿਸ਼ਾਲ ਰੈਲੀ ਕਰਵਾਈ ਗਈ ਜਿਸ ਵਿਚ ਵਿਸ਼ੇਸ਼ ਤੌਰ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਦੌਰਾਨ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਏ ਸੈਂਕੜੇ ਪਰਿਵਾਰਾਂ ਨੂੰ ਮੁੱਖ ਮੰਤਰੀ ਸੈਣੀ ਨੇ ਪਾਰਟੀ ਦਾ ਚਿੰਨ੍ਹ ਪਹਿਨਾ ਕੇ ਭਾਜਪਾ ਦੀ ਮੈਂਬਰਸ਼ਿਪ ਦਿਵਾਈ।
ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਭ ਤੋਂ ਪਹਿਲਾਂ ਪੰਜਾਬ ਦੀ ਅਧਿਆਤਮਿਕ ਅਤੇ ਇਤਿਹਾਸਕ ਮਹੱਤਤਾ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਧਰਤੀ ਗੁਰੂਆਂ, ਪੀਰਾਂ ਅਤੇ ਸੰਤਾਂ ਦੀ ਧਰਤੀ ਹੈ। ਉਨ੍ਹਾਂ ਇਸ ਸ਼ਾਨਦਾਰ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਭਲਾਈ ਨੀਤੀਆਂ ਨਾਲ ਲਗਾਤਾਰ ਜੁੜ ਰਹੀ ਹੈ। ਪੰਜਾਬ ਦੇ ਸਿਆਸੀ ਹਾਲਾਤ 'ਤੇ ਬੋਲਦਿਆਂ ਮੁੱਖ ਮੰਤਰੀ ਸੈਣੀ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਕਾਂਗਰਸ ਨੇ ਝੂਠੇ ਵਾਅਦੇ ਕਰਕੇ ਜਨਤਾ ਨੂੰ ਗੁੰਮਰਾਹ ਕੀਤਾ ਤੇ ਫਿਰ ਸੱਤਾ ਵਿਚ ਆਈ 'ਆਪ' ਨੇ ਵੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਹੇਠ ਸਿਰਫ਼ ਖੋਖਲੇ ਦਾਅਵੇ ਹੀ ਕੀਤੇ।
ਦੋਵਾਂ ਪਾਰਟੀਆਂ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਨਸ਼ਿਆਂ ਦੇ ਦਲਦਲ ਵਿਚ ਧੱਕਣ ਦਾ ਕੰਮ ਕੀਤਾ ਹੈ, ਜਨਤਾ ਹੁਣ ਇਨ੍ਹਾਂ ਦੇ ਝੂਠੇ ਦਾਅਵਿਆਂ ਤੋਂ ਤੰਗ ਆ ਚੁੱਕੀ ਹੈ ਅਤੇ ਜਿਵੇਂ ਕਾਂਗਰਸ ਨੂੰ ਸੱਤਾ ਤੋਂ ਬਾਹਰ ਕੀਤਾ ਸੀ, ਉਸੇ ਤਰ੍ਹਾਂ ਹੁਣ 'ਆਪ' ਨੂੰ ਵੀ ਬਾਹਰ ਕਰਨ ਦਾ ਮਨ ਬਣਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ਤੇ ਇਕ ਮਹੀਨੇ ਵਿਚ ਹੀ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਜਾਂ ਤਾਂ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕ ਆਪਣਾ ਕਾਰੋਬਾਰ ਬੰਦ ਕਰ ਦੇਣਗੇ ਜਾਂ ਫਿਰ ਉਹ ਇੱਥੋਂ ਭੱਜ ਜਾਣਗੇ।
ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੀ ਵਿਗੜ ਰਹੀ ਅਮਨ ਕਾਨੂੰਨ ਦੀ ਵਿਵਸਥਾ ਬਾਰੇ ਬੋਲਦਿਆਂ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ 'ਆਪ' ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਕੁਝ ਹੀ ਮਹੀਨਿਆਂ ਵਿਚ ਨਸ਼ਾ ਖ਼ਤਮ ਕਰਨ ਦਾ ਦਾਅਵਾ ਕੀਤਾ ਸੀ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰ ਰਹੀ ਹੈ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਦਾ ਟੀਚਾ ਪੰਜਾਬ ਨੂੰ ਇਕ ਮਜ਼ਬੂਤ ਅਤੇ ਅਸਲ 'ਰੰਗਲਾ ਪੰਜਾਬ' ਬਣਾਉਣਾ ਹੈ। ਪਾਰਟੀ ਦਾ ਪੂਰਾ ਧਿਆਨ ਸੂਬੇ ਵਿਚ ਵੱਡੇ ਪੱਧਰ 'ਤੇ ਉਦਯੋਗਿਕ ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਮੁਹੱਈਆ ਕਰਵਾਉਣ 'ਤੇ ਰਹੇਗਾ ਤੇ ਖੇਡਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀਆਂ 'ਖੇਲੋ ਇੰਡੀਆ' ਅਤੇ 'ਫਿੱਟ ਇੰਡੀਆ' ਮੁਹਿੰਮਾਂ ਸਦਕਾ ਅੱਜ ਦੇਸ਼ ਦੇ ਖਿਡਾਰੀ ਅੰਤਰਰਾਸ਼ਟਰੀ ਪੱਧਰ 'ਤੇ ਤਿਰੰਗਾ ਲਹਿਰਾ ਰਹੇ ਹਨ ਅਤੇ ਸੋਨ ਤਗਮੇ ਜਿੱਤ ਰਹੇ ਹਨ।
ਪੰਜਾਬ ਸਰਕਾਰ 'ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ ਕਿ ਜਨਤਾ ਨੂੰ ਕੰਮ ਦਾ ਹਿਸਾਬ ਚਾਹੀਦਾ ਹੈ, ਕਿਉਂਕਿ ਮੰਚਾਂ ਤੋਂ ਸਿਰਫ਼ ਚੁਟਕਲੇ ਸੁਣਾਉਣ ਨਾਲ ਲੋਕਾਂ ਦਾ ਢਿੱਡ ਨਹੀਂ ਭਰਦਾ। ਜਾਂਚ ਏਜੰਸੀਆਂ ਦੀਆਂ ਕਾਰਵਾਈਆਂ 'ਤੇ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਸੈਣੀ ਨੇ ਸਪੱਸ਼ਟ ਕੀਤਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਇਕ ਪੂਰੀ ਤਰ੍ਹਾਂ ਖ਼ੁਦਮੁਖ਼ਤਿਆਰ ਅਤੇ ਸੁਤੰਤਰ ਸੰਸਥਾ ਹੈ। ਈ.ਡੀ. ਸਿਰਫ਼ ਪੰਜਾਬ ਵਿਚ ਹੀ ਨਹੀਂ, ਸਗੋਂ ਹਰਿਆਣਾ ਸਮੇਤ ਦੇਸ਼ ਭਰ ਵਿਚ ਭ੍ਰਿਸ਼ਟਾਚਾਰ ਖ਼ਿਲਾਫ਼ ਨਿਰਪੱਖ ਕਾਨੂੰਨੀ ਕਾਰਵਾਈ ਕਰ ਰਹੀ ਹੈ।
ਉਨ੍ਹਾਂ ਵਿਰੋਧੀ ਧਿਰ ਨੂੰ ਚਿਤਾਵਨੀ ਦਿੱਤੀ ਕਿ ਜਾਂਚ ਏਜੰਸੀਆਂ ਦੇ ਕੰਮ ਨੂੰ ਸਿਆਸੀ ਰੰਗਤ ਦੇਣ ਦੀ ਬਜਾਏ ਉਹ ਜਨਤਾ ਸਾਹਮਣੇ ਆਪਣੇ ਕੀਤੇ ਵਾਅਦਿਆਂ ਅਤੇ ਕੰਮਕਾਜ ਦਾ ਹਿਸਾਬ ਦੇਣ। ਇਸ ਮੌਕੇ ਰਾਕੇਸ਼ ਕੁਮਾਰ ਰਿੰਕੂ ਵਾਲਮੀਕਿ ਵਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਹੋਰ ਸੀਨੀਅਰ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ, ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ, ਸਾਬਕਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਆਨੰਦ ਸ਼ਰਮਾ, ਗੁਰਪ੍ਰਤਾਪ ਸਿੰਘ ਟਿੱਕਾ, ਅਲਕਾ ਸ਼ਰਮਾ, ਮਨਜੀਤ ਕੌਰ ਚੰਡੋਲ, ਅਵਿਨਾਸ਼ ਸ਼ੈਲਾ, ਛੇਹਰਟਾ ਮੰਡਲ ਪ੍ਰਧਾਨ ਸਤੀਸ਼ ਪੁੰਜ, ਸਤੀਸ਼ ਮੰਟੂ, ਮਨਜੀਤ ਸਿੰਘ ਮਿੰਟਾ, ਪਵਨ ਚਾਵਲਾ, ਸੰਤ ਰਵਿੰਦਰ ਗਿਰੀ, ਰੋਹਿਤ ਸਹੋਤਾ, ਸਾਬਕਾ ਕੌਂਸਲਰ ਅਰਵਿੰਦ ਸ਼ਰਮਾ, ਰਮਨ ਕੁਮਾਰ ਛੇਹਰਟਾ, ਪੰਨਾ ਲਾਲ ਭਾਰਦਵਾਜ, ਸੌਰਵ ਸ਼ਰਮਾ, ਅਮਿਤ ਰਾਏ, ਪੰਕਜ ਦੇਵੇਸਰ, ਮਾਨਵ ਸੋਢੀ, ਲੱਕੀ ਮਹਿਤਾ, ਜੋਗਿੰਦਰ ਸਿੰਘ ਲੋਹੇ ਵਾਲਾ ਸਮੇਤ ਵੱਡੀ ਗਿਣਤੀ ਵਿਚ ਵਰਕਰ ਅਤੇ ਸਥਾਨਕ ਲੋਕ ਹਾਜ਼ਰ ਸਨ।