02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ- ਲਾਲ ਚੰਦ ਕਟਾਰੂਚੱਕ

ਚੌਲਾਂਗ (ਜਲੰਧਰ), 2 ਅਕਤੂਬਰ (ਸੁਖਦੇਵ ਸਿੰਘ)- ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ...

Ad Position 21
No active advertisement
ਅਜੀਤ ਡੈਸਕ 02-10-2026

ਚੌਲਾਂਗ (ਜਲੰਧਰ), 2 ਅਕਤੂਬਰ (ਸੁਖਦੇਵ ਸਿੰਘ)- ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸੂਬੇ ਵਿਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਅੱਜ ਟਾਂਡਾ ਦੀ ਖੋਖਰ ਦਾਣਾ ਮੰਡੀ ਵਿਖੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਮੌਜੂਦਗੀ ਵਿਚ ਝੋਨੇ ਦੀ ਖਰੀਦ ਅਤੇ ਮੰਡੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਪਿੰਡ ਕਲਿਆਣਪੁਰ ਦੇ ਕਿਸਾਨ ਨਿਸ਼ਾਨ ਸਿੰਘ ਦੀ ਫ਼ਸਲ ਦੀ ਖਰੀਦ ਵੀ ਕਰਵਾਈ। ਉਨ੍ਹਾਂ ਮੰਡੀ ਵਿਚ ਖਰੀਦ, ਲਿਫਟਿੰਗ, ਭੁਗਤਾਨ, ਬਾਰਦਾਨੇ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਮੰਤਰੀ ਕਟਾਰੂਚੱਕ ਨੇ ਕਿਹਾ ਕਿ ਇਸ ਸਾਲ ਮੰਡੀਆਂ ਵਿਚ ਝੋਨੇ ਦੀ ਭਰਵੀਂ ਫ਼ਸਲ ਪਹੁੰਚ ਰਹੀ ਹੈ ਅਤੇ ਫ਼ਸਲ ਦੀ ਗੁਣਵੱਤਾ ਵੀ ਬਿਹਤਰ ਹੈ। ਉਨ੍ਹਾਂ ਦੱਸਿਆ ਕਿ ਖਰੀਦ ਸੀਜ਼ਨ ਦੌਰਾਨ ਕੇਂਦਰੀ ਪੂਲ ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਟੀਚੇ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਵਲੋਂ ਮੰਡੀਆਂ ਵਿਚ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਭੁਗਤਾਨ ਪਾਰਦਰਸ਼ੀ ਢੰਗ ਨਾਲ ਸਿੱਧੇ ਬੈਂਕ ਖਾਤਿਆਂ ਵਿਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 42,786 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐੱਲ.) ਦੀ ਮਨਜ਼ੂਰੀ ਮਿਲ ਚੁੱਕੀ ਹੈ, ਜਿਸ ਨਾਲ ਝੋਨੇ ਦੀ ਖ਼ਰੀਦ ਲਈ ਲੋੜੀਂਦੇ ਵਿੱਤੀ ਪ੍ਰਬੰਧ ਯਕੀਨੀ ਬਣਾਏ ਗਏ ਹਨ। ਕਿਸਾਨਾਂ ਨੂੰ ਫ਼ਸਲ ਵੇਚਣ ਦੇ 24 ਘੰਟਿਆਂ ਦੇ ਅੰਦਰ ਭੁਗਤਾਨ ਯਕੀਨੀ ਬਣਾਉਣ ਲਈ ਸਰਕਾਰ ਵਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲ ਦੇ ਪੂਰੀ ਤਰ੍ਹਾਂ ਪੱਕਣ ਅਤੇ ਸੁੱਕਣ ਉਪਰੰਤ ਹੀ ਕਟਾਈ ਕਰਨ ਅਤੇ ਮੰਡੀਆਂ ਵਿਚ ਨਿਰਧਾਰਤ ਨਮੀ ਵਾਲਾ ਸੁੱਕਾ ਝੋਨਾ ਲੈ ਕੇ ਆਉਣ। ਇਸ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 2,461 ਰੁਪਏ ਪ੍ਰਤੀ ਕੁਇੰਟਲ ਪ੍ਰਾਪਤ ਕਰਨ ਵਿਚ ਸਹੂਲਤ ਹੋਵੇਗੀ ਅਤੇ ਉਨ੍ਹਾਂ ਨੂੰ ਮੰਡੀਆਂ ਵਿਚ ਬੇਲੋੜੀ ਉਡੀਕ ਵੀ ਨਹੀਂ ਕਰਨੀ ਪਵੇਗੀ।

ਮੰਤਰੀ ਕਟਾਰੂਚੱਕ ਨੇ ਕਿਹਾ ਕਿ ਖ਼ਰੀਦ ਸੀਜ਼ਨ ਨੂੰ ਸੁਚਾਰੂ, ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਚਲਾਉਣ ਲਈ ਮੰਡੀਆਂ ਵਿਚ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਪਹੁੰਚ ਰਹੀ ਫ਼ਸਲ ਦੀ ਖਰੀਦ, ਲਿਫਟਿੰਗ ਅਤੇ ਭੁਗਤਾਨ ਵਿਚ ਕਿਸੇ ਕਿਸਮ ਦੀ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਯਕੀਨੀ ਬਣਾਇਆ ਜਾਵੇ ਅਤੇ ਖ਼ਰੀਦ ਪ੍ਰਕਿਰਿਆ ਨਾਲ ਸਬੰਧਤ ਸਾਰੇ ਕੰਮ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤੇ ਜਾਣ।

ਪਰਾਲੀ ਸਾੜਨ ਦੇ ਮੁੱਦੇ ’ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਅਤੇ ਵਾਤਾਵਰਣ ਦੀ ਸੰਭਾਲ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਨੈਤਿਕ ਜ਼ਿੰਮੇਵਾਰੀ ਹੈ। ਪੰਜਾਬ ਸਰਕਾਰ ਵਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵੱਡੇ ਪੱਧਰ ’ਤੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਵਿਚ ਸਰਕਾਰ ਦਾ ਸਹਿਯੋਗ ਕਰਨ।

ਉਨ੍ਹਾਂ ਕਿਹਾ ਕਿ ਖਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ, ਆੜ੍ਹਤੀਆਂ, ਮਿਲਰਾਂ, ਮਜ਼ਦੂਰਾਂ, ਖਰੀਦ ਏਜੰਸੀਆਂ ਅਤੇ ਸਬੰਧਤ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਬੇਹੱਦ ਜ਼ਰੂਰੀ ਹੈ। ਮੰਡੀਆਂ ਵਿਚ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਲੋੜ ਅਨੁਸਾਰ ਮੰਡੀਆਂ ਦੀ ਗਿਣਤੀ ਵੀ ਵਧਾਈ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਕਿਸੇ ਵੀ ਪੱਧਰ ’ਤੇ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਖਰੀਦ, ਲਿਫਟਿੰਗ ਤੇ ਭੁਗਤਾਨ ਦੀ ਪ੍ਰਕਿਰਿਆ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੀ ਜਾਵੇ।

ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖਰੀਦ ਅਤੇ ਭੁਗਤਾਨ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੰਡੀਆਂ ਵਿਚ ਖਰੀਦ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੁੱਕੀ ਅਤੇ ਨਿਰਧਾਰਤ ਨਮੀ ਵਾਲੀ ਫਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ। ਇਸ ਮੌਕੇ ਮਾਰਕੀਟ ਕਮੇਟੀ ਟਾਂਡਾ ਦੇ ਚੇਅਰਮੈਨ ਰਾਜਵਿੰਦਰ ਸਿੰਘ ਰਾਜਾ, ਐੱਸ.ਡੀ.ਐੱਮ. ਪਰਮਪ੍ਰੀਤ ਸਿੰਘ, ਡਿਪਟੀ ਡਾਇਰੈਕਟਰ ਖੁਰਾਕ ਤੇ ਸਪਲਾਈ ਵਿਭਾਗ ਰਜਨੀਸ਼ ਕੁਮਾਰੀ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ, ਮੰਡੀ ਦੇ ਪ੍ਰਧਾਨ ਰਾਕੇਸ਼ ਵੋਹਰਾ ਦੀ ਅਗਵਾਈ ਵਿਚ ਸਮੂਹ ਆੜੀਆਂ ਨੇ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਮਹਿਮਾਨਾ ਨੂੰ ਸਨਮਾਨਿਤ ਕੀਤਾ। ਜਦਕਿ ਹੋਰਨਾਂ ਤੋਂ ਇਲਾਵਾ ਪਰਮਿੰਦਰ ਸਿੰਘ ਸੈਣੀ, ਬਲਵੀਰ ਸਿੰਘ ਕੰਗ, ਗੁਰਪ੍ਰੀਤ ਸਿੰਘ ਗੋਲਡੀ  ਜਰਨੈਲ ਸਿੰਘ ਪ੍ਰਸ਼ੋਤਮ ਸੈਣੀ, ਗੁਰਮੀਤ ਸਿੰਘ ਗਿੱਲ, ਅਜੀਤ ਪਾਲ ਸਿੰਘ, ਪਰਮਜੀਤ ਸਿੰਘ ਮੋਤੀਆਂ, ਬਿਕਰਮਜੀਤ ਸਿੰਘ ਲਾਲੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
 

Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਪੰਜੇ ਕੇ ਉਤਾੜ ਦੇ ਚੇਅਰਮੈਨ ਜਸਵੰਤ ਸਿੰਘ ਸੋਢੀ ਦੀ ਹੋਈ ਤਾਜਪੋਸ਼ੀ ਅਗਲੀ ਖ਼ਬਰ ਚੇਅਰਮੈਨ ਦਿਲਬਾਗ ਸਿੰਘ ਬਾਠ ਨੇ ਦਾਣਾ ਮੰਡੀ ਤਰਨ ਤਾਰਨ ਵਿਖੇ ਸਰਕਾਰੀ ਖ੍ਰੀਦ ਸ਼ੁਰੂ ਕਰਵਾਈ
Ad Position 24