ਸ੍ਰੀ ਮੁਕਤਸਰ ਸਾਹਿਬ, 5 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਖਿੜਕੀਆਂ ਵਾਲਾ ਵਿਖੇ ਇਕ ਵਿਅਕਤੀ ਵਲੋਂ ਆਪਣੀ ਪਤਨੀ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਣ ਤੇ ਥਾਣਾ ਕੋਟ ਭਾਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਚ ਭੇਜ ਦਿੱਤਾ ਅਤੇ ਮਾਮਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ।
ਇਸ ਮਾਮਲੇ ਨੂੰ ਲੈ ਕੇ ਥਾਣਾ ਕੋਟ ਭਾਈ ਦੇ ਇੰਚਾਰਜ ਇੰਸਪੈਕਟਰ ਰਾਜਵੀਰ ਸਿੰਘ ਨੇ ਦੱਸਿਆ ਕਿ ਸਾਨੂੰ ਇਤਲਾਅ ਮਿਲੀ ਕਿ ਇਕ ਵਿਅਕਤੀ ਵਲੋਂ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਗਿਆ। ਜਦੋਂ ਪੁਲਿਸ ਟੀਮ ਮੌਕੇ ਤੇ ਪਹੁੰਚੀ ਤਾਂ ਘਰ ਦੇ ਕਮਰੇ ਦੇ ਵਿਚ ਮ੍ਰਿਤਕ ਮਹਿਲਾ ਦੀ ਲਾਸ਼ ਪਈ ਸੀ, ਜਿਸ ਦੀ ਪਹਿਚਾਣ ਗੁਰਸ਼ਮਿੰਦਰ ਕੌਰ ਪਤਨੀ ਨੀਲਾ ਸਿੰਘ ਉਮਰ 35 ਸਾਲ ਵਜੋਂ ਹੋਈ।
ਮੁੱਢਲੀ ਜਾਂਚ ਪੜਤਾਲ ਕਰਦੇ ਹੋਏ ਮਿਰਤਕ ਔਰਤ ਦੇ ਪਤੀ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ। ਦੋਸ਼ੀ ਪਤੀ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ ਸੀ ਅਤੇ ਉਸ ਦੀ ਭਾਲ ਲਈ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇੰਸਪੈਕਟਰ ਰਾਜਵੀਰ ਸਿੰਘ ਸਰਾਂ ਨੇ ਦੱਸਿਆ ਕਿ ਪੂਰੀ ਜਾਂਚ ਪੜਤਾਲ ਤੋਂ ਬਾਅਦ ਹੀ ਕਤਲ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।