ਅਜਨਾਲਾ (ਅੰਮ੍ਰਿਤਸਰ), 12 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਵਿਖੇ ਪ੍ਰੈੱਸ ਵਾਰਤਾ ਕਰਦਿਆਂ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੁਲਿਸ ਦੀ ਕਾਰਵਾਈ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ। ਉਨ੍ਹਾਂ ਦੋਸ਼ ਲਾਇਆ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਪੁਲਿਸ ਮੁਲਾਜ਼ਮਾਂ ਵਲੋਂ ਜੁੱਤੇ ਪਾ ਕੇ ਅਤੇ ਸਿਰ ਢੱਕੇ ਬਿਨ੍ਹਾਂ ਦਾਖ਼ਲ ਹੋਣ ਦੀਆਂ ਸਾਹਮਣੇ ਆਈਆਂ ਤਸਵੀਰਾਂ ਨੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਉਨ੍ਹਾਂ ਇਸ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਦੀ ਜਵਾਬਦੇਹੀ ਤੈਅ ਕਰਨ ਅਤੇ ਸਬੰਧਤ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ। ਸ. ਧਾਲੀਵਾਲ ਨੇ ਕਿਹਾ ਕਿ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਸਥਿਤ ਸਿੱਖ ਭਾਈਚਾਰੇ ਦਾ ਪ੍ਰਮੁੱਖ ਧਾਰਮਿਕ ਅਸਥਾਨ ਹੈ ਅਤੇ ਅਜਿਹੇ ਪਵਿੱਤਰ ਅਸਥਾਨ ’ਤੇ ਪੁਲਿਸ ਦੀ ਕਾਰਵਾਈ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਇਸ ਘਟਨਾ ਦੀ ਤੁਲਨਾ ਜੂਨ 1984 ਦੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਆਪ੍ਰੇਸ਼ਨ ਬਲੂ ਸਟਾਰ ਨਾਲ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਸਿੱਖਾਂ ਨੂੰ ਉਸ ਦੌਰ ਦੀਆਂ ਯਾਦਾਂ ਮੁੜ ਤਾਜ਼ਾ ਕਰਵਾ ਦਿੱਤੀਆਂ ਹਨ।
ਉਨ੍ਹਾਂ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੀ ਕਾਰਜਸ਼ੈਲੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਭਾਜਪਾ ਵਲੋਂ ਅਕਸਰ ਆਪ੍ਰੇਸ਼ਨ ਬਲੂ ਸਟਾਰ ਲਈ ਕਾਂਗਰਸ ਦੀ ਆਲੋਚਨਾ ਕੀਤੀ ਜਾਂਦੀ ਰਹੀ ਹੈ, ਪਰ ਹੁਣ ਦਿੱਲੀ ਵਿਚ ਵਾਪਰੀ ਘਟਨਾ ਨੂੰ ਲੈ ਕੇ ਭਾਜਪਾ ਦੀ ਸਰਕਾਰ ਦੀ ਭੂਮਿਕਾ ’ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਆਉਂਦੀ ਹੈ, ਇਸ ਲਈ ਇਸ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ। ਵਿਧਾਇਕ ਧਾਲੀਵਾਲ ਨੇ ਦਿੱਲੀ ਵਿਚ ਪਿਛਲੇ ਦਿਨਾਂ ਦੌਰਾਨ ਹੋਈਆਂ ਪਾਬੰਦੀਆਂ ਅਤੇ ਆਵਾਜਾਈ ਵਿਚ ਪਈਆਂ ਰੁਕਾਵਟਾਂ ਦਾ ਜ਼ਿਕਰ ਕਰਦਿਆਂ ਦੋਸ਼ ਲਾਇਆ ਕਿ ਰਾਜਧਾਨੀ ਵਿਚ ਵਿਰੋਧ ਪ੍ਰਦਰਸ਼ਨਾਂ ਨੂੰ ਰੋਕਣ ਲਈ ਰੇਲਾਂ, ਮੈਟਰੋ ਅਤੇ ਬੱਸ ਸੇਵਾਵਾਂ ਪ੍ਰਭਾਵਿਤ ਕੀਤੀਆਂ ਗਈਆਂ।
ਉਨ੍ਹਾਂ ਇਸ ਨੂੰ ਲੋਕਾਂ ਦੀ ਆਵਾਜਾਈ ਅਤੇ ਵਿਰੋਧ ਪ੍ਰਗਟਾਉਣ ਦੇ ਹੱਕਾਂ ਨਾਲ ਜੁੜਿਆ ਮਾਮਲਾ ਦੱਸਿਆ। ਸ. ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਸਮੇਤ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਇਕ ਵਫ਼ਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਸੌਂਪ ਕੇ ਇਸ ਮਾਮਲੇ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਨਾਲ ਸਬੰਧਤ ਤੱਥਾਂ ਦੀ ਜਾਂਚ ਕੀਤੀ ਜਾਵੇ ਅਤੇ ਜੇਕਰ ਧਾਰਮਿਕ ਮਰਿਆਦਾ ਦੀ ਉਲੰਘਣਾ ਹੋਈ ਹੈ ਤਾਂ ਸਬੰਧਤ ਵਿਅਕਤੀਆਂ ਨੂੰ ਤਲਬ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਗੁਰੂ ਘਰਾਂ ਦੀ ਮਰਿਆਦਾ ਅਤੇ ਧਾਰਮਿਕ ਸਥਾਨਾਂ ਦਾ ਸਤਿਕਾਰ ਕਾਇਮ ਰੱਖਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ।
ਹਰਸਿਮਰਤ ਕੌਰ ਬਾਦਲ ਦੇ ਟਵੀਟ ਨੂੰ ਡਿਲੀਟ ਕਰਨ ’ਤੇ ਵੀ ਚੁੱਕੇ ਸਵਾਲ
ਪ੍ਰੈੱਸ ਵਾਰਤਾ ਦੌਰਾਨ ਸ. ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਇਸ ਮਾਮਲੇ ਸਬੰਧੀ ਕੀਤੇ ਗਏ ਟਵੀਟ ਅਤੇ ਬਾਅਦ ਵਿਚ ਉਸ ਨੂੰ ਹਟਾਉਣ ਦੇ ਮੁੱਦੇ ’ਤੇ ਵੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਸਿੱਖਾਂ ਅਤੇ ਪੰਜਾਬ ਦੇ ਮੁੱਦਿਆਂ ’ਤੇ ਹਮੇਸ਼ਾ ਸਿਆਸੀ ਹਿੱਤਾਂ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਸਮੇਂ ਵੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਭੂਮਿਕਾ ਨੂੰ ਲੈ ਕੇ ਸਵਾਲ ਉੱਠੇ ਸਨ। ਧਾਲੀਵਾਲ ਨੇ ਦਾਅਵਾ ਕੀਤਾ ਕਿ ਹਰਸਿਮਰਤ ਕੌਰ ਬਾਦਲ ਵਲੋਂ ਟਵੀਟ ਹਟਾਉਣ ਦਾ ਮਾਮਲਾ ਉਨ੍ਹਾਂ ਦੀ ਸਿਆਸੀ ਪਹੁੰਚ ’ਤੇ ਸਵਾਲ ਖੜ੍ਹੇ ਕਰਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਸਿੱਖਾਂ ਅਤੇ ਪੰਜਾਬ ਨਾਲ ਸਬੰਧਤ ਅਹਿਮ ਮੁੱਦਿਆਂ ’ਤੇ ਸਿਆਸੀ ਆਗੂਆਂ ਨੂੰ ਸਪੱਸ਼ਟ ਅਤੇ ਦ੍ਰਿੜ੍ਹ ਰੁਖ਼ ਅਪਣਾਉਣਾ ਚਾਹੀਦਾ ਹੈ। ਅੰਤ ਵਿਚ ਧਾਲੀਵਾਲ ਨੇ ਕਿਹਾ ਕਿ ਗੁਰਦੁਆਰਾ ਬੰਗਲਾ ਸਾਹਿਬ ਨਾਲ ਜੁੜੇ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਧਾਰਮਿਕ ਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।