ਮਹਿਲ ਕਲਾਂ (ਬਰਨਾਲਾ), 13 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)- ਮਾਨਸਾ ਵਿਖੇ ਇਕ ਮੈਡੀਕਲ ਸਟੋਰ ਸੰਚਾਲਕ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਅੱਜ ਮਹਿਲ ਕਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਲੁਧਿਆਣਾ-ਬਠਿੰਡਾ ਮੁੱਖ ਮਾਰਗ ’ਤੇ ਧਰਨਾ ਲਾ ਕੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ।
ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਅਕਾਲੀ ਦਲ ਵਾਰਿਸ ਪੰਜਾਬ ਦੇ, ਕਾਂਗਰਸ ਅਤੇ ਹੋਰ ਇਨਸਾਫ਼ ਪਸੰਦ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੀਤੀ ਗਈ। ਧਰਨੇ ਦੌਰਾਨ ਆਗੂਆਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਸਰਕਾਰ ਨਾਕਾਮ ਸਿੱਧ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਕਤਲ ਵਿਚ ਸ਼ਾਮਲ ਮੁੱਖ ਮੁਲਜ਼ਮਾਂ ਅਤੇ ਸਾਜ਼ਿਸ਼ਘੜਿਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
ਇਸ ਮੌਕੇ ਕਾਂਗਰਸ ਆਗੂ ਕਮਲਜੀਤ ਸਿੰਘ ਚੱਕ, ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਅਵਤਾਰ ਸਿੰਘ ਰਾਏਸਰ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸ਼ੰਮੀ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਅਤੇ ਸਥਾਨਕ ਲੋਕ ਹਾਜ਼ਰ ਸਨ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੀੜਤ ਪਰਿਵਾਰ ਨੂੰ ਜਲਦ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।