ਚੰਡੀਗੜ੍ਹ, 21 ਅਕਤੂਬਰ (ਕਪਿਲ ਵਧਵਾ)- ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿਚ ਸੀ.ਬੀ.ਆਈ. ਦੇ ਚੰਡੀਗੜ੍ਹ ਸਥਿਤ ਵਿਸ਼ੇਸ਼ ਅਪਰਾਧ ਸ਼ਾਖਾ (ਐੱਸ.ਸੀ.ਬੀ.) ਵਲੋਂ ਦਰਜ ਕੀਤੀ ਗਈ ਐੱਫ.ਆਈ.ਆਰ. ਜਨਤਕ ਹੋ ਗਈ ਹੈ। ਸੀ.ਬੀ.ਆਈ. ਨੇ 21 ਅਕਤੂਬਰ ਨੂੰ ਇਸ ਮਾਮਲੇ ਵਿਚ ਰੈਗੂਲਰ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਹੈ। ਇਹ ਮਾਮਲਾ 13 ਅਕਤੂਬਰ ਨੂੰ ਮਾਨਸਾ ਵਿਖੇ ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨਾਲ ਸੰਬੰਧਿਤ ਹੈ। ਐੱਫ.ਆਈ.ਆਰ. ਅਨੁਸਾਰ ਇਸ ਮਾਮਲੇ ਵਿਚ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 103(1), 109, 118(1), 61(2) ਅਤੇ 3(5) ਤੋਂ ਇਲਾਵਾ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਲਗਾਈਆਂ ਗਈਆਂ ਹਨ। ਇਨ੍ਹਾਂ ਤਹਿਤ ਹੱਤਿਆ, ਖ਼ਤਰਨਾਕ ਹਥਿਆਰਾਂ ਨਾਲ ਸੱਟ ਮਾਰਨ, ਅਪਰਾਧਿਕ ਸਾਜ਼ਿਸ਼ ਅਤੇ ਨਾਜਾਇਜ਼ ਹਥਿਆਰ ਰੱਖਣ ਵਰਗੇ ਦੋਸ਼ਾਂ ਦੀ ਜਾਂਚ ਕੀਤੀ ਜਾਵੇਗੀ।
ਸੀ.ਬੀ.ਆਈ. ਦੀ ਐੱਫ.ਆਈ.ਆਰ. ਵਿਚ ਅਸ਼ਵਨੀ ਕੁਮਾਰ ਸਮੇਤ ਹੋਰ ਅਣ-ਪਛਾਤੇ ਵਿਅਕਤੀਆਂ ਦੇ ਨਾਂਅ ਦਰਜ ਹਨ। ਮਾਮਲੇ ਦੀ ਜਾਂਚ ਸੀ.ਬੀ.ਆਈ. ਦੇ ਇੰਸਪੈਕਟਰ ਬਲਵਿੰਦਰ ਸਿੰਘ ਨੂੰ ਸੌਂਪੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਵਲੋਂ 20 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਸੀ.ਬੀ.ਆਈ. ਨੂੰ ਇਸ ਮਾਮਲੇ ਦੀ ਜਾਂਚ ਲਈ ਪੰਜਾਬ ਵਿਚ ਅਧਿਕਾਰ ਖੇਤਰ ਦੇਣ ਸੰਬੰਧੀ ਸਹਿਮਤੀ ਦਿੱਤੀ ਗਈ ਸੀ। ਇਸ ਤੋਂ ਬਾਅਦ ਭਾਰਤ ਸਰਕਾਰ ਦੇ ਅਮਲਾ ਅਤੇ ਸਿਖਲਾਈ ਵਿਭਾਗ ਵਲੋਂ 21 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਇਨ੍ਹਾਂ ਨੋਟੀਫਿਕੇਸ਼ਨਾਂ ਦੇ ਆਧਾਰ ’ਤੇ ਮਾਨਸਾ ਦੇ ਸਿਟੀ-2 ਥਾਣੇ ਵਿਚ 14 ਅਕਤੂਬਰ ਨੂੰ ਦਰਜ ਐੱਫ.ਆਈ.ਆਰ. ਨੰਬਰ 269 ਨੂੰ ਸੀ.ਬੀ.ਆਈ. ਵਲੋਂ ਮੁੜ ਦਰਜ ਕਰਕੇ ਜਾਂਚ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।