ਤਪਾ ਮੰਡੀ (ਬਰਨਾਲਾ), 24 ਅਕਤੂਬਰ (ਵਿਜੇ ਸ਼ਰਮਾ)- ਤਪਾ ਅਤੇ ਆਸ-ਪਾਸ ਦੇ ਪਿੰਡਾਂ ਵਿਚ ਹੋਈ ਹਲਕੀ ਬਰਸਾਤ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਿਚ ਵਾਧਾ ਕਰ ਦਿੱਤਾ ਹੈ। ਪਹਿਲਾਂ ਹੀ ਤੇਜ਼ ਹਵਾਵਾਂ ਕਾਰਨ ਝੋਨੇ ਦੀ ਫ਼ਸਲ ਦੇ ਕਈ ਥਾਵਾਂ ’ਤੇ ਡਿੱਗਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ, ਉੱਥੇ ਹੀ ਹੁਣ ਹਲਕੀ ਬਰਸਾਤ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ।
ਇਸ ਤੋਂ ਇਲਾਵਾ ਅਨਾਜ ਮੰਡੀਆਂ ਵਿਚ ਖੁੱਲੇ ਆਸਮਾਨ ਥੱਲੇ ਫਸਲ ਨੂੰ ਭਾਵੇਂ ਤਰਪਾਲਾਂ ਨਾਲ ਢੱਕ ਦਿੱਤਾ ਗਿਆ ਹੈ ਫਿਰ ਵੀ ਬਰਸਾਤ ਦਾ ਪਾਣੀ ਫਸਲ ਵਿਚ ਜਾਣ ਦਾ ਡਰ ਬਣਿਆ ਹੋਇਆ ਹੈ। ਜਿਸ ਕਾਰਨ ਕਿਸਾਨਾਂ ਨੂੰ ਡਰ ਹੈ ਕਿ ਜੇਕਰ ਮੌਸਮ ਇਸੇ ਤਰ੍ਹਾਂ ਖ਼ਰਾਬ ਰਿਹਾ ਤਾਂ ਉਨ੍ਹਾਂ ਦੀ ਮਹੀਨਿਆਂ ਦੀ ਮਿਹਨਤ ’ਤੇ ਪਾਣੀ ਫਿਰ ਸਕਦਾ ਹੈ। ਝੋਨੇ ਦੀ ਫ਼ਸਲ ਇਸ ਸਮੇਂ ਕਈ ਖੇਤਾਂ ਵਿਚ ਪੱਕਣ ਦੇ ਪੜਾਅ ’ਤੇ ਹੈ ਅਤੇ ਕਿਸਾਨ ਆਪਣੀ ਫ਼ਸਲ ਦੀ ਕਟਾਈ ਕਰਕੇ ਮੰਡੀਆਂ ਵਿਚ ਲਿਜਾਣ ਦੀ ਤਿਆਰੀ ਕਰ ਰਹੇ ਹਨ।
ਅਜਿਹੇ ਸਮੇਂ ਹੋਣ ਵਾਲੀ ਬਰਸਾਤ ਕਾਰਨ ਖੇਤਾਂ ਵਿਚ ਖੜ੍ਹੀ ਫ਼ਸਲ ਦੇ ਨਾਲ-ਨਾਲ ਕਟਾਈ ਕੀਤੇ ਝੋਨੇ ਨੂੰ ਵੀ ਨੁਕਸਾਨ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ।