ਦਿੜ੍ਹਬਾ ਮੰਡੀ, 25 ਅਕਤੂਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਪਿੰਡ ਛਾਹੜ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਹ ਰੋਸ ਪ੍ਰਦਰਸ਼ਨ ਪਰਵਿੰਦਰ ਸਿੰਘ ਝੋਟੇ ਦੀ ਮੌਤ ਦੇ ਮਾਮਲੇ ਵਿਚ ਇਨਸਾਫ਼ ਦਿਵਾਉਣ ਅਤੇ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਕੀਤਾ ਗਿਆ।
ਇਸ ਮੌਕੇ ਬੀਕੇਯੂ ਉਗਰਾਹਾਂ ਦੇ ਆਗੂ ਪਰਮਜੀਤ ਸਿੰਘ ਤੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਦੇ ਵਾਅਦੇ ਕੀਤੇ ਸਨ, ਪਰ ਨਸ਼ਿਆਂ ਦਾ ਮੁੱਦਾ ਅਜੇ ਵੀ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੀ ਮੌਤ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਪ੍ਰਦਰਸ਼ਨਕਾਰੀਆਂ ਨੇ ਨਸ਼ਿਆਂ ਵਿਰੁੱਧ ਸੰਘਰਸ਼ ਜਾਰੀ ਰੱਖਣ ਅਤੇ ਇਨਸਾਫ਼ ਮਿਲਣ ਤੱਕ ਆਵਾਜ਼ ਬੁਲੰਦ ਕਰਨ ਦਾ ਅਹਿਦ ਲਿਆ।