ਅਜਨਾਲਾ (ਅੰਮ੍ਰਿਤਸਰ), 25 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੀਆਂ ਪੰਜਾਬ ਵਿਚ ਸਿਆਸੀ ਸਰਗਰਮੀਆਂ ਨੂੰ ਲੈ ਕੇ ਤਿੱਖੀਆਂ ਟਿੱਪਣੀਆਂ ਕਰਦਿਆਂ ਕਿਹਾ ਕਿ ਭਾਜਪਾ ਪੰਜਾਬ ਵਿਚ ਆਪਣਾ ਸਿਆਸੀ ਆਧਾਰ ਮਜ਼ਬੂਤ ਕਰਨ ਲਈ ਭਾਵੇਂ ਜਿੰਨੀਆਂ ਮਰਜ਼ੀ ਕੋਸ਼ਿਸ਼ਾਂ ਕਰ ਲਵੇ, ਪਰ ਪੰਜਾਬ ਦੇ ਲੋਕਾਂ ਦਾ ਭਰੋਸਾ ਜਿੱਤਣਾ ਇੰਨਾ ਆਸਾਨ ਨਹੀਂ ਹੈ।
ਵਿਧਾਇਕ ਧਾਲੀਵਾਲ ਅੱਜ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ I ਸ. ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਸਿਆਸੀ ਪਾਰਟੀਆਂ ਦੇ ਇਤਿਹਾਸ ਅਤੇ ਉਨ੍ਹਾਂ ਦੀਆਂ ਨੀਤੀਆਂ ਤੋਂ ਚੰਗੀ ਤਰ੍ਹਾਂ ਜਾਣੂੰ ਹਨ। ਭਾਜਪਾ ਵਲੋਂ ਵੱਡੇ ਇਕੱਠ ਕਰਨ ਅਤੇ ਸੂਬੇ ਵਿਚ ਆਪਣੀ ਤਾਕਤ ਦਿਖਾਉਣ ਨਾਲ ਲੋਕਾਂ ਦੀ ਸੋਚ ਨਹੀਂ ਬਦਲਣੀ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿਚ ਭਾਜਪਾ ਨੂੰ ਪੰਜਾਬ ਵਿਚ ਸਿਆਸੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ। ਕਾਂਗਰਸ ਦੀ ਅੰਦਰੂਨੀ ਸਥਿਤੀ ਬਾਰੇ ਗੱਲ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਪਾਰਟੀ ਵਿਚ ਚੱਲ ਰਹੀ ਖਿੱਚੋਤਾਣ ਅਤੇ ਸਾਬਕਾ ਵਿਧਾਇਕ ਰਮਿੰਦਰ ਆਮਲਾ ਸਮੇਤ ਹੋਰਨਾ ਆਗੂਆਂ ਦੇ ਪਾਰਟੀ ਛੱਡਣ ਦੀਆਂ ਘਟਨਾਵਾਂ ਕਾਂਗਰਸ ਦੀ ਲੀਡਰਸ਼ਿਪ ’ਤੇ ਸਵਾਲ ਖੜ੍ਹੇ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਹੀ ਆਪਣਾ ਫ਼ੈਸਲਾ ਲੈਣਗੇ ਤੇ ਮੁੜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣੇ I ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਤਰੱਕੀ ਨੂੰ ਸਭ ਤੋਂ ਵੱਧ ਮਹੱਤਵ ਦਿੰਦੇ ਹਨ ਅਤੇ ਕਿਸੇ ਵੀ ਪਾਰਟੀ ਨੂੰ ਪੰਜਾਬ ਦੇ ਇਤਿਹਾਸ, ਸੱਭਿਆਚਾਰ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝ ਕੇ ਹੀ ਆਪਣੀ ਸਿਆਸਤ ਕਰਨੀ ਚਾਹੀਦੀ ਹੈ