ਜਲੰਧਰ, 28 ਅਕਤੂਬਰ (ਦਵਿੰਦਰ) - ਫਿਲੌਰ-ਨੂਰਮਹਿਲ ਰੋਡ ’ਤੇ ਰਵੀਦਾਸਪੁਰਾ ਵਿਖੇ ਗੁਰੂ ਰਵਿਦਾਸ ਮੰਦਰ ਦੇ ਸਾਹਮਣੇ ਅੱਜ ਸਵੇਰੇ ਕਰੀਬ 8 ਵਜੇ ਇਕ 25 ਤੋਂ 30 ਸਾਲਾਂ ਦੇ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਨੂੰ ਬੀਤੇ ਦਿਨ ਇਕ ਹੋਰ ਵਿਅਕਤੀ ਦੇ ਨਾਲ ਇਲਾਕੇ ਵਿਚ ਘੁੰਮਦੇ ਦੇਖਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਦਾ ਸਾਥੀ ਉਸ ਨੂੰ ਉੱਥੇ ਹੀ ਛੱਡ ਕੇ ਚਲਾ ਗਿਆ ਸੀ। ਨੌਜਵਾਨ ਰਾਤ ਸਮੇਂ ਉੱਥੇ ਹੀ ਸੁੱਤਾ ਪਿਆ ਰਿਹਾ, ਜਿਸ ਕਾਰਨ ਕਿਸੇ ਨੇ ਉਸ ਨੂੰ ਜਗਾਉਣ ਦੀ ਕੋਸ਼ਿਸ਼ ਨਹੀਂ ਕੀਤੀ।
ਅੱਜ ਸਵੇਰੇ ਜਦੋਂ ਨੌਜਵਾਨ ਕਾਫ਼ੀ ਦੇਰ ਤੱਕ ਨਾ ਉੱਠਿਆ ਤਾਂ ਲੋਕਾਂ ਨੇ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ। ਕੋਈ ਹਰਕਤ ਨਾ ਹੋਣ ’ਤੇ ਲੋਕਾਂ ਨੇ ਇਸ ਸੰਬੰਧੀ ਥਾਣਾ ਫਿਲੌਰ ਦੀ ਪੁਲਿਸ ਨੂੰ ਸੂਚਿਤ ਕੀਤਾ।
ਸੂਚਨਾ ਮਿਲਣ ’ਤੇ ਪੁਲਿਸ ਮੁਲਾਜ਼ਮ ਮੌਕੇ ’ਤੇ ਪਹੁੰਚੇ ਅਤੇ ਨੌਜਵਾਨ ਦੀ ਪਛਾਣ ਕਰਵਾਉਣ ਲਈ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ। ਮੁੱਢਲੀ ਜਾਣਕਾਰੀ ਅਨੁਸਾਰ ਬਾਅਦ ਵਿਚ ਪਤਾ ਲੱਗਾ ਕਿ ਉਕਤ ਨੌਜਵਾਨ ਨੰਗਲ ਵਿਖੇ ਆਪਣੀ ਮਾਤਾ ਦੇ ਨਾਲ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ।
ਫਿਲੌਰ ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਫਿਲੌਰ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਅਤੇ ਪੋਸਟਮਾਰਟਮ ਤੋਂ ਬਾਅਦ ਹੀ ਲੱਗ ਸਕੇਗਾ।