ਗੁਰੂ ਹਰਸਹਾਏ (ਫ਼ਿਰੋਜ਼ਪੁਰ), 9 ਨਵੰਬਰ (ਕਪਿਲ ਕੰਧਾਰੀ) - ਦੇਸ਼-ਵਿਦੇਸ਼ ਵਿਚ ਵੱਸਦੇ ਲੋਕਾਂ ਵਲੋਂ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਉੱਥੇ ਹੀ ਗੁਰੂ ਹਰ ਸਹਾਏ ਸ਼ਹਿਰ ਵਿਚ ਵੀ ਲੋਕਾਂ ਨੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਪਰੰਤੂ ਦੀਵਾਲੀ ਦੀ ਰਾਤ ਸ਼ਹਿਰ ਵਿਚ ਉਸ ਸਮੇਂ ਹਫੜਾ-ਤਫੜੀ ਮਚ ਗਈ, ਜਦੋਂ ਲੰਬੇ ਸਮੇਂ ਤੋਂ ਬੰਦ ਪਏ ਨਰੂਲਾ ਹੋਟਲ ਵਿਚ ਅਚਾਨਕ ਅੱਗ ਲੱਗ ਗਈ। ਇਸ ਘਟਨਾ ਕਾਰਨ ਆਸ-ਪਾਸ ਦੇ ਇਲਾਕੇ ਵਿਚ ਰਹਿੰਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਹੋਟਲ ਵਿਚ ਅਚਾਨਕ ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਨੇੜਲੇ ਘਰਾਂ ਦੇ ਲੋਕ ਤੁਰੰਤ ਮੌਕੇ 'ਤੇ ਪਹੁੰਚ ਗਏ ਅਤੇ ਅੱਗ ਬੁਝਾਉਣ ਦੇ ਯਤਨ ਸ਼ੁਰੂ ਕਰ ਦਿੱਤੇ। ਇਸ ਦੌਰਾਨ ਨਗਰ ਕੌਂਸਲ ਦੀ ਨਵ-ਨਿਯੁਕਤ ਪ੍ਰਧਾਨ ਸੁਸ਼ਮਾ ਰਾਣੀ ਦੇ ਪੁੱਤਰ ਅਤੇ ਸੀਨੀਅਰ ਕਾਂਗਰਸੀ ਆਗੂ ਬੰਟੀ ਭਠੇਜਾ ਵੀ ਗਲੀ ਵਾਸੀਆਂ ਦੇ ਨਾਲ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਹੋਰ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਪਾਣੀ ਦੀਆਂ ਪਾਈਪਾਂ ਅਤੇ ਬਾਲਟੀਆਂ ਦੀ ਮਦਦ ਨਾਲ ਕਾਫ਼ੀ ਜੱਦੋ-ਜਹਿਦ ਕਰਨ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਲੋਕਾਂ ਦੀ ਮੁਸਤੈਦੀ ਕਾਰਨ ਅੱਗ ਨੂੰ ਹੋਰ ਫੈਲਣ ਤੋਂ ਰੋਕਣ ਵਿਚ ਸਫਲਤਾ ਮਿਲੀ।ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।
ਦੱਸਣਯੋਗ ਹੈ ਕਿ ਨਰੂਲਾ ਹੋਟਲ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਬੰਦ ਪਿਆ ਹੋਇਆ ਹੈ ਅਤੇ ਸੂਤਰਾਂ ਅਨੁਸਾਰ ਇਹ ਹੋਟਲ ਕਿਸੇ ਬੈਂਕ ਦੇ ਅਧੀਨ ਦੱਸਿਆ ਜਾ ਰਿਹਾ ਹੈ। ਹੋਟਲ ਖੋਲ੍ਹ ਕੇ ਅੰਦਰੂਨੀ ਜਾਂਚ ਕਰਨ ਤੋਂ ਬਾਅਦ ਹੀ ਅੱਗ ਲੱਗਣ ਦੇ ਅਸਲ ਕਾਰਨਾਂ ਅਤੇ ਇਸ ਨਾਲ ਹੋਏ ਨੁਕਸਾਨ ਦੀ ਸਹੀ ਜਾਣਕਾਰੀ ਸਾਹਮਣੇ ਆ ਸਕੇਗੀ।ਇਸ ਘਟਨਾ ਤੋਂ ਬਾਅਦ ਸ਼ਹਿਰ ਵਿਚ ਇਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਕਿ ਲੰਬੇ ਸਮੇਂ ਤੋਂ ਬੰਦ ਪਏ ਹੋਟਲ ਵਿਚ ਅੱਗ ਕਿਨ੍ਹਾਂ ਹਾਲਾਤਾਂ ਵਿਚ ਲੱਗੀ। ਇਸ ਦੇ ਨਾਲ ਹੀ ਇਕ ਵਾਰ ਫਿਰ ਗੁਰੂ ਹਰ ਸਹਾਏ ਸ਼ਹਿਰ ਵਿਚ ਫਾਇਰ ਬ੍ਰਿਗੇਡ ਦੀ ਸਹੂਲਤ ਨਾ ਹੋਣ ਦਾ ਮੁੱਦਾ ਵੀ ਉੱਭਰ ਕੇ ਸਾਹਮਣੇ ਆਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸ਼ਹਿਰ ਵਿਚ ਫਾਇਰ ਬ੍ਰਿਗੇਡ ਦੀ ਸਹੂਲਤ ਉਪਲਬਧ ਹੁੰਦੀ ਤਾਂ ਅੱਗ 'ਤੇ ਕਾਬੂ ਪਾਉਣ ਲਈ ਗਲੀ ਵਾਸੀਆਂ ਨੂੰ ਖ਼ੁਦ ਇੰਨੀ ਮੁਸ਼ੱਕਤ ਨਾ ਕਰਨੀ ਪੈਂਦੀ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਸਮੇਂ ਤੁਰੰਤ ਸਹਾਇਤਾ ਮਿਲ ਸਕਦੀ ਸੀ।
ਸ਼ਹਿਰ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਸੰਬੰਧਿਤ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਗੁਰੂ ਹਰ ਸਹਾਏ ਸ਼ਹਿਰ ਵਿਚ ਫਾਇਰ ਬ੍ਰਿਗੇਡ ਦੀ ਸਹੂਲਤ ਜਲਦ ਤੋਂ ਜਲਦ ਮੁਹੱਈਆ ਕਰਵਾਈ ਜਾਵੇ, ਤਾਂ ਜੋ ਭਵਿੱਖ ਵਿਚ ਅੱਗ ਲੱਗਣ ਵਰਗੀਆਂ ਘਟਨਾਵਾਂ ਦੌਰਾਨ ਜਾਨੀ ਅਤੇ ਮਾਲੀ ਨੁਕਸਾਨ ਤੋਂ ਬਚਾਅ ਕੀਤਾ ਜਾ ਸਕੇ।
ਤਾਜ਼ਾ ਖ਼ਬਰਾਂ
Free
ਦੀਵਾਲੀ ਦੀ ਰਾਤ ਬੰਦ ਪਏ ਹੋਟਲ ਵਿਚ ਲੱਗੀ ਅੱਗ
ਗੁਰੂ ਹਰਸਹਾਏ (ਫ਼ਿਰੋਜ਼ਪੁਰ), 9 ਨਵੰਬਰ (ਕਪਿਲ ਕੰਧਾਰੀ) - ਦੇਸ਼-ਵਿਦੇਸ਼ ਵਿਚ ਵੱਸਦੇ ਲੋਕਾਂ ਵਲੋਂ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਉੱਥੇ ਹੀ ਗੁਰੂ ਹਰ ਸਹਾਏ...
ਅਜੀਤ ਡੈਸਕ
09-11-2026