ਰਾਂਚੀ, 10 ਨਵੰਬਰ – ਝਾਰਖੰਡ ਦੀ ਆਦਿਵਾਸੀ ਸਮਾਜਿਕ ਕਾਰਕੁਨ ਨਿਸ਼ਾ ਭਗਤ ਦੀ ਮੌਤ ਦੇ ਮਾਮਲੇ ਵਿੱਚ ਹੁਣ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਜਾਂਚ ਕੀਤੀ ਜਾਵੇਗੀ। ਸੂਬੇ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਇਸ ਸਬੰਧੀ ਜਾਂਚ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' ਰਾਹੀਂ ਇਸ ਫੈਸਲੇ ਦੀ ਜਾਣਕਾਰੀ ਸਾਂਝੀ ਕੀਤੀ।
ਜ਼ਿਕਰਯੋਗ ਹੈ ਕਿ ਨਿਸ਼ਾ ਭਗਤ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਵੱਲੋਂ ਲਗਾਤਾਰ ਸੀਬੀਆਈ ਜਾਂਚ ਦੀ ਮੰਗ ਕੀਤੀ ਜਾ ਰਹੀ ਸੀ। ਪਰਿਵਾਰ ਨੇ ਇਸ ਘਟਨਾ ਪਿੱਛੇ ਸਾਜ਼ਿਸ਼ ਹੋਣ ਦਾ ਖਦਸ਼ਾ ਪ੍ਰਗਟ ਕਰਦਿਆਂ ਨਿਰਪੱਖ ਜਾਂਚ ਅਤੇ ਇਨਸਾਫ਼ ਦੀ ਮੰਗ ਕੀਤੀ ਸੀ।
ਜਾਣਕਾਰੀ ਅਨੁਸਾਰ, 6 ਨਵੰਬਰ ਨੂੰ ਰਾਂਚੀ ਦੇ ਪਿਠੋਰੀਆ ਥਾਣਾ ਖੇਤਰ ਵਿਚ ਸਥਿਤ ਆਪਣੇ ਘਰ ਤੋਂ ਨਿਸ਼ਾ ਭਗਤ ਦੀ ਲਾਸ਼ ਮਿਲੀ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਫੇਸਬੁੱਕ ਲਾਈਵ ਕਰਕੇ ਆਪਣੀਆਂ ਪਰੇਸ਼ਾਨੀਆਂ ਅਤੇ ਕਥਿਤ ਤੌਰ 'ਤੇ ਕੀਤੀ ਜਾ ਰਹੀ ਪ੍ਰੇਸ਼ਾਨੀ ਸਬੰਧੀ ਕਈ ਗੱਲਾਂ ਸਾਂਝੀਆਂ ਕੀਤੀਆਂ ਸਨ।
ਘਟਨਾ ਤੋਂ ਬਾਅਦ ਉਨ੍ਹਾਂ ਦੇ ਪਿਤਾ ਦੀ ਸ਼ਿਕਾਇਤ 'ਤੇ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ, ਜਿਸ ਵਿਚ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਵਲੋਂ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਵੀ ਗਠਨ ਕੀਤਾ ਗਿਆ ਸੀ।
ਹੁਣ ਮੁੱਖ ਮੰਤਰੀ ਵਲੋਂ ਸੀਬੀਆਈ ਜਾਂਚ ਦੇ ਨਿਰਦੇਸ਼ ਦਿੱਤੇ ਜਾਣ ਤੋਂ ਬਾਅਦ ਨਿਸ਼ਾ ਭਗਤ ਦੇ ਪਰਿਵਾਰਕ ਮੈਂਬਰਾਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਉਮੀਦ ਹੈ ਕਿ ਨਿਰਪੱਖ ਜਾਂਚ ਰਾਹੀਂ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋਵੇਗਾ ਅਤੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇਗਾ।