ਚੰਡੀਗੜ੍ਹ, 18 ਨਵੰਬਰ- ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਨੂੰ ਰੇਲਵੇ ਵਿਭਾਗ ਦੀਆਂ ਮਾੜੀਆਂ ਸਹੂਲਤਾਂ ਕਾਰਨ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੀ.ਆਈ.ਪੀ. ਸੱਚਖੰਡ ਐਕਸਪ੍ਰੈੱਸ ਦੇ ਕੋਚਾਂ ਵਿਚ ਫਲੱਸ਼ਾਂ ਬੰਦ ਹੋਣ ਕਾਰਨ ਯਾਤਰੀਆਂ ਨੂੰ ਕਾਫ਼ੀ ਪਰੇਸ਼ਾਨੀ ਹੋ ਰਹੀ ਹੈ।
ਇਸ ਸੰਬੰਧੀ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਰੇਲਵੇ ਵਿਭਾਗ ਵਲੋਂ ਯਾਤਰੀਆਂ ਤੋਂ ਪੂਰਾ ਕਿਰਾਇਆ ਵਸੂਲਿਆ ਜਾਂਦਾ ਹੈ, ਪਰ ਬਦਲੇ ਵਿਚ ਮੁੱਢਲੀਆਂ ਸਹੂਲਤਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ। ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਲਈ ਅਜਿਹੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਬਹੁਤ ਮੰਦਭਾਗੀ ਗੱਲ ਹੈ।
ਉਨ੍ਹਾਂ ਰੇਲਵੇ ਮੰਤਰੀ ਤੋਂ ਮੰਗ ਕੀਤੀ ਕਿ ਸੱਚਖੰਡ ਐਕਸਪ੍ਰੈੱਸ ਦੇ ਕੋਚਾਂ ਦੀ ਸਫ਼ਾਈ, ਪਾਣੀ ਅਤੇ ਪਖਾਨਿਆਂ ਦੀ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਰੇਲਵੇ ਅਧਿਕਾਰੀ ਖੁਦ ਰੇਲਗੱਡੀਆਂ ਦਾ ਨਿਰੀਖਣ ਕਰਨ ਤਾਂ ਜੋ ਸੰਗਤਾਂ ਨੂੰ ਸਫ਼ਰ ਦੌਰਾਨ ਕੋਈ ਮੁਸ਼ਕਿਲ ਨਾ ਆਵੇ।