ਨਵੀਂ ਦਿੱਲੀ-ਕੈਨੇਡਾ ਸਰਕਾਰ ਨੇ ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਸ਼ਿਕੰਜਾ ਹੋਰ ਸਖ਼ਤ ਕਰ ਦਿੱਤਾ ਹੈ। ਕੈਨੇਡਾ ਨੇ ਉਸ ਨੂੰ ਦੇਸ਼ ਦੇ ਸਭ ਤੋਂ ਵੱਧ ਲੋੜੀਂਦੇ ਭਗੌੜਿਆਂ ਦੀ ਸੂਚੀ ਵਿਚ ਪਹਿਲੇ ਸਥਾਨ ’ਤੇ ਰੱਖਿਆ ਹੈ। ਇਸ ਦੇ ਨਾਲ ਹੀ ਉਸ ਦੀ ਗ੍ਰਿਫ਼ਤਾਰੀ ਵਿਚ ਮਦਦ ਕਰਨ ਵਾਲੀ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਵਿਅਕਤੀ ਲਈ 2.5 ਲੱਖ ਕੈਨੇਡੀਅਨ ਡਾਲਰ ਤੱਕ ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਇਹ ਇਨਾਮ ਗੋਲਡੀ ਬਰਾੜ ਦੀ ਕੈਨੇਡਾ ਜਾਂ ਅਮਰੀਕਾ ਵਿਚ ਗ੍ਰਿਫ਼ਤਾਰੀ ਕਰਵਾਉਣ 'ਚ ਮਦਦਗਾਰ ਸੂਚਨਾ ਦੇਣ ’ਤੇ ਦਿੱਤਾ ਜਾਵੇਗਾ। ਇਨਾਮ ਦੀ ਇਹ ਯੋਜਨਾ 2 ਨਵੰਬਰ 2027 ਤੱਕ ਲਾਗੂ ਰਹੇਗੀ।
ਕੈਨੇਡਾ ਦੀ ਇਸ ਕਾਰਵਾਈ ਨੂੰ ਗੋਲਡੀ ਬਰਾੜ ਦੀ ਭਾਲ ਤੇਜ਼ ਕਰਨ ਅਤੇ ਉਸ ਨੂੰ ਕਾਨੂੰਨ ਦੇ ਸ਼ਿਕੰਜੇ ਵਿਚ ਲਿਆਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਉਸ ਨੂੰ ਮੋਸਟ ਵਾਂਟੇਡ ਭਗੌੜਿਆਂ ਦੀ ਸੂਚੀ 'ਚ ਪਹਿਲੇ ਨੰਬਰ ’ਤੇ ਰੱਖੇ ਜਾਣ ਨਾਲ ਉਸ ਦੀ ਗ੍ਰਿਫ਼ਤਾਰੀ ਲਈ ਅੰਤਰਰਾਸ਼ਟਰੀ ਪੱਧਰ ’ਤੇ ਕੋਸ਼ਿਸ਼ਾਂ ਹੋਰ ਤੇਜ਼ ਹੋਣ ਦੀ ਉਮੀਦ ਹੈ।