ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)-ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ 78-ਗੁਰੂਹਰਸਹਾਏ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐੱਸ.ਆਈ.ਆਰ.) ਤਹਿਤ 22 ਨਵੰਬਰ ਅਤੇ 6 ਦਸੰਬਰ 2026 ਨੂੰ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ। ਇਹ ਕੈਂਪ ਹਲਕੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ, ਜਿਨ੍ਹਾਂ ਵਚ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਦੇ ਨਾਲ-ਨਾਲ ਵੋਟਰ ਸੂਚੀਆਂ ਵਿਚ ਮੌਜੂਦ ਗਲਤੀਆਂ ਨੂੰ ਵੀ ਠੀਕ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐੱਸ.ਡੀ.ਐੱਮ. ਗੁਰੂਹਰਸਹਾਏ ਹਰਦੀਪ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਅਤੇ ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ ਤੇ ਹਿਮਾਂਸ਼ੂ ਕਾਦਿਆਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਨ੍ਹਾਂ ਕੈਂਪਾਂ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ 22 ਨਵੰਬਰ ਅਤੇ 6 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹਲਕੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਕੈਂਪ ਲਗਾਏ ਜਾਣਗੇ। ਇਸ ਦੌਰਾਨ ਸਬੰਧਤ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਆਪਣੇ ਬੂਥਾਂ ’ਤੇ ਮੌਜੂਦ ਰਹਿਣਗੇ ਅਤੇ ਲੋਕਾਂ ਨੂੰ ਨਵੀਂ ਵੋਟ ਬਣਵਾਉਣ, ਵੋਟਰ ਸੂਚੀ ਵਿਚ ਦਰਜ ਵੇਰਵਿਆਂ ਦੀ ਸੋਧ ਕਰਵਾਉਣ ਅਤੇ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ ਸਹਾਇਤਾ ਪ੍ਰਦਾਨ ਕਰਨਗੇ।
ਐੱਸ.ਡੀ.ਐੱਮ. ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ 18 ਤੋਂ 19 ਸਾਲ ਉਮਰ ਵਰਗ ਦੇ ਨੌਜਵਾਨਾਂ ਦੀ ਵੱਧ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਕਰਵਾਉਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਕੋਈ ਵੀ ਯੋਗ ਨੌਜਵਾਨ ਆਪਣੀ ਪਹਿਲੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਇਸ ਤੋਂ ਇਲਾਵਾ ਵੋਟਰ ਸੂਚੀਆਂ ਵਿਚ ਨਾਮਾਂ ਅਤੇ ਹੋਰ ਵੇਰਵਿਆਂ ਦੀ ਸੋਧ, ਏ.ਐੱਸ.ਡੀ.ਡੀ. ਸ਼੍ਰੇਣੀ ਵਿਚ ਦਰਜ ਵੋਟਰਾਂ ਦੀ ਪੜਤਾਲ, ਦਿਵਿਆਂਗ ਵੋਟਰਾਂ ਦੀ ਪਛਾਣ ਅਤੇ 85 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵੋਟਰਾਂ ਦੀ ਤਸਦੀਕ ਵੀ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਕੈਂਪਾਂ ਦੇ ਸੁਚਾਰੂ ਸੰਚਾਲਨ ਲਈ ਸਮੂਹ ਸੁਪਰਵਾਈਜ਼ਰਾਂ ਨੂੰ ਆਪਣੇ ਅਧੀਨ ਆਉਂਦੇ ਪੋਲਿੰਗ ਬੂਥਾਂ ’ਤੇ ਬੀ.ਐੱਲ.ਓਜ਼ ਦੀ 100 ਫ਼ੀਸਦੀ ਹਾਜ਼ਰੀ ਯਕੀਨੀ ਬਣਾਉਣ ਅਤੇ ਕੈਂਪਾਂ ਦੀ ਨਿਗਰਾਨੀ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਪ੍ਰਾਪਤ ਹੋਣ ਵਾਲੇ ਫਾਰਮਾਂ ਦੀ ਰਿਪੋਰਟ ਸਮੇਂ ਸਿਰ ਪੇਸ਼ ਕਰਨ ਲਈ ਵੀ ਕਿਹਾ ਗਿਆ ਹੈ।
ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ. ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਸਵੀਪ ਟੀਮ ਵਲੋਂ ਵੀ ਇਨ੍ਹਾਂ ਕੈਂਪਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਲਈ ਵਿੱਦਿਅਕ ਸੰਸਥਾਵਾਂ, ਚੋਣ ਸਾਖਰਤਾ ਕਲੱਬਾਂ, ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੇ ਨਾਲ-ਨਾਲ ਸੋਸ਼ਲ ਮੀਡੀਆ ਰਾਹੀਂ ਵੀ ਪ੍ਰਚਾਰ ਕੀਤਾ ਜਾਵੇਗਾ।
ਐੱਸ.ਡੀ.ਐੱਮ. ਹਰਦੀਪ ਸਿੰਘ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੁਧਾਈ ਬੇਹੱਦ ਅਹਿਮ ਹੈ। ਸ਼ੁੱਧ ਅਤੇ ਗਲਤੀ ਰਹਿਤ ਵੋਟਰ ਸੂਚੀ ਮਜ਼ਬੂਤ ਲੋਕਤੰਤਰ ਦੀ ਬੁਨਿਆਦ ਹੈ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ਼ ਕੈਂਪਾਂ ਦਾ ਲਾਭ ਉਠਾਉਣ, ਆਪਣਾ ਨਾਮ ਵੋਟਰ ਸੂਚੀ ਵਿਚ ਚੈੱਕ ਕਰਨ ਅਤੇ ਪਰਿਵਾਰ ਦੇ ਯੋਗ ਨੌਜਵਾਨਾਂ ਦੀ ਵੋਟ ਬਣਵਾਉਣ ਲਈ ਅੱਗੇ ਆਉਣ।
ਇਸ ਮੌਕੇ ਸੁਪਰਡੈਂਟ ਕੇਵਲ ਕ੍ਰਿਸ਼ਨ, ਹਲਕਾ ਸਵੀਪ ਕੋਆਰਡੀਨੇਟਰ ਪਰਵਿੰਦਰ ਸਿੰਘ ਸੋਢੀ, ਸੰਦੀਪ ਕੰਬੋਜ, ਗੁਰਵਿੰਦਰ ਸਿੰਘ, ਚੋਣ ਸੈੱਲ ਇੰਚਾਰਜ ਦੀਪਕ ਸ਼ਰਮਾ, ਗੁਰਜੋਤ ਸਿੰਘ ਢਿੱਲੋਂ, ਸੰਦੀਪ ਸ਼ਰਮਾ ਅਤੇ ਸਮੂਹ ਸੈਕਟਰ ਅਫ਼ਸਰ ਹਾਜ਼ਰ ਸਨ।