ਭਵਾਨੀਗੜ (ਸੰਗਰੂਰ), 21 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਪਿੰਡਾਂ ਵਿਚ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਪਿੰਡ ਘਰਾਚੋਂ ਵਿਖੇ 66.63 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਮੁੱਖ ਮੰਤਰੀ ਖੇਡ ਗਰਾਊਂਡ ਦਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਖੇਡ ਸਹੂਲਤਾਂ ਦਾ ਵਿਕਾਸ ਨੌਜਵਾਨ ਪੀੜ੍ਹੀ ਦੇ ਭਵਿੱਖ ਲਈ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਵਿਚ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ ਵਿਸ਼ਵਾਸ ਪੈਦਾ ਕਰਦੀਆਂ ਹਨ।
ਪਿੰਡਾਂ ਵਿਚ ਖੇਡ ਮੈਦਾਨ ਉਪਲਬਧ ਹੋਣ ਨਾਲ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਖੇਡਣ ਅਤੇ ਨਿਯਮਤ ਅਭਿਆਸ ਕਰਨ ਦਾ ਮੌਕਾ ਮਿਲਦਾ ਹੈ। ਇਸ ਨਾਲ ਨਵੀਂ ਖੇਡ ਪ੍ਰਤਿਭਾ ਨੂੰ ਉਭਰਨ ਅਤੇ ਅੱਗੇ ਵਧਣ ਲਈ ਢੁੱਕਵਾਂ ਮਾਹੌਲ ਮਿਲਦਾ ਹੈ। ਉਨ੍ਹਾਂ ਪਿੰਡ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਖੇਡ ਮੈਦਾਨ ਦੀ ਨਿਯਮਤ ਵਰਤੋਂ ਕਰਨ ਅਤੇ ਵੱਖ-ਵੱਖ ਖੇਡਾਂ ਵਿਚ ਭਾਗ ਲੈ ਕੇ ਆਪਣੀ ਪ੍ਰਤਿਭਾ ਨੂੰ ਨਿਖਾਰਨ।
ਪਿੰਡ ਦੀ ਪੰਚਾਇਤ ਅਤੇ ਖਿਡਾਰੀਆਂ ਨੂੰ ਖੇਡ ਮੈਦਾਨ ਦੀ ਸਾਫ਼-ਸਫ਼ਾਈ ਅਤੇ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਇਸ ਸਹੂਲਤ ਦਾ ਲੰਮੇ ਸਮੇਂ ਤੱਕ ਲਾਭ ਲਿਆ ਜਾ ਸਕਦਾ ਹੈ। ਇਸ ਮੌਕੇ ਪਿੰਡ ਘਰਾਚੋਂ ਦੇ ਸਰਪੰਚ ਦਲਜੀਤ ਸਿੰਘ, ਰਾਜਿੰਦਰ ਸਿੰਘ ਰਾਜੀ ਬਲਾਕ ਸੰਮਤੀ ਮੈਂਬਰ, ਗੁਰਮੀਤ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਕਾਲਾ ਸਿੰਘ, ਦੀਪ ਰਤਨ ਤੋਂ ਇਲਾਵਾ ਸਮੂਹ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ।