ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 24 ਨਵੰਬਰ (ਕਪਿਲ ਕੰਧਾਰੀ) - 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਗੁਰੂ ਹਰਸਹਾਏ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਵੱਲੋਂ ਰਾਮ ਚੌਕ, ਗੁਰੂ ਹਰ ਸਹਾਏ ਵਿਖੇ ਆਪਣੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਦਫ਼ਤਰ ਦੇ ਉਦਘਾਟਨ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਭੋਗ ਪਾਉਣ ਉਪਰੰਤ ਗੁਰੂ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ।ਇਸ ਮੌਕੇ ਵਿਸ਼ੇਸ਼ ਤੌਰ 'ਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ, ਅਕਾਲੀ ਆਗੂ ਬੰਟੀ ਭਟੇਜਾ, ਜੋਨੀ ਆਵਲਾ, ਸਚਿਨ ਆਵਲਾ, ਕੌਂਸਲਰ ਸੋਨੂ ਸੰਧੂ ਅਤੇ ਕੌਂਸਲਰ ਆਰ.ਕੇ. ਚੌਧਰੀ ਪਹੁੰਚੇ। ਇਸ ਤੋਂ ਇਲਾਵਾ ਵਰਦੇਵ ਸਿੰਘ ਨੋਨੀ ਮਾਨ ਦੇ ਭਰਾ ਨਰਦੇਵ ਸਿੰਘ ਬੌਬੀ ਮਾਨ, ਹਰਪਿੰਦਰ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਨਰਿੰਦਰ ਕੌਰ ਮਾਨ ਨੇ ਵੀ ਸਮਾਗਮ ਵਿਚ ਸ਼ਿਰਕਤ ਕਰਦਿਆਂ ਗੁਰੂ ਮਹਾਰਾਜ ਦੇ ਚਰਨਾਂ ਵਿਚ ਮੱਥਾ ਟੇਕਿਆ।ਇਸ ਮੌਕੇ ਰਮਿੰਦਰ ਸਿੰਘ ਆਵਲਾ ਅਤੇ ਵਰਦੇਵ ਸਿੰਘ ਨੋਨੀ ਮਾਨ ਵਲੋਂ ਸਾਂਝੇ ਤੌਰ 'ਤੇ ਰਿਬਨ ਕੱਟ ਕੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਗੱਲਬਾਤ ਕਰਦਿਆਂ ਵਰਦੇਵ ਸਿੰਘ ਨੋਨੀ ਮਾਨ ਨੇ ਦੱਸਿਆ ਕਿ ਰਾਮ ਚੌਕ ਵਿਖੇ ਜਿੱਥੇ ਪਹਿਲਾਂ ਰਮਿੰਦਰ ਸਿੰਘ ਆਵਲਾ ਜੀ ਦਾ ਦਫ਼ਤਰ ਬਣਿਆ ਹੁੰਦਾ ਸੀ ਉਸ ਜਗ੍ਹਾ ਤੇ ਸ਼੍ਰੋਮਣੀ ਅਕਾਲੀ ਦਲ ਦਾ ਦਫ਼ਤਰ ਖੋਲ੍ਹਿਆ ਗਿਆ ਹੈ, ਜਿੱਥੇ ਹਲਕੇ ਦੇ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਆ ਸਕਣਗੇ। ਉਨ੍ਹਾਂ ਕਿਹਾ ਕਿ ਉਹ ਪਿਛਲੇ 15 ਸਾਲਾਂ ਤੋਂ ਹਲਕੇ ਦੇ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ, ਪਰ ਕਿਸੇ ਕਾਰਨ ਚੋਣਾਂ ਵਿਚ ਜਿੱਤ ਹਾਸਲ ਨਹੀਂ ਕਰ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਿਛਲੇ ਗਿਲੇ-ਸ਼ਿਕਵੇ ਭੁਲਾ ਕੇ ਇਕਜੁੱਟ ਹੋਣ ਅਤੇ ਆਉਣ ਵਾਲੀਆਂ ਚੋਣਾਂ ਵਿਚ ਉਨ੍ਹਾਂ ਦਾ ਸਾਥ ਦੇਣ।ਇਸ ਮੌਕੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਵਰਗੀ ਕੌਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਰਗੀ ਖੇਤਰੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਇਸ ਲਈ ਕੀਤਾ ਕਿਉਂਕਿ ਇਹ ਪਾਰਟੀ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਦੁੱਖ-ਦਰਦ ਨੂੰ ਸਮਝਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੀ ਸੋਚ ਅਤੇ ਸਮਰੱਥਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਲੋਕ ਬੇਹੱਦ ਪ੍ਰੇਸ਼ਾਨ ਹਨ ਅਤੇ ਸੂਬੇ ਵਿਚ ਬਦਲਾਅ ਲਿਆਉਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੱਤਾ ਵਿਚ ਲਿਆਉਣ ਦੀ ਲੋੜ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਦਾ ਪਰਿਵਾਰ ਵਰਦੇਵ ਸਿੰਘ ਨੋਨੀ ਮਾਨ ਦੇ ਪਰਿਵਾਰ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਉਨ੍ਹਾਂ ਨੂੰ ਪੂਰਾ ਸਮਰਥਨ ਦਿੱਤਾ ਜਾਵੇਗਾ।
ਤਾਜ਼ਾ ਖ਼ਬਰਾਂ
Free
ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦਾ ਉਦਘਾਟਨ
ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 24 ਨਵੰਬਰ (ਕਪਿਲ ਕੰਧਾਰੀ) - 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਗੁਰੂ ਹਰਸਹਾਏ ਵਿਚ ਸਿਆਸੀ ਸਰਗਰਮੀਆਂ...
ਅਜੀਤ ਡੈਸਕ
24-11-2026