ਚੰਡੀਗੜ੍ਹ, 27 ਨਵੰਬਰ- ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿਚ ਵੱਖ-ਵੱਖ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 28 ਨਵੰਬਰ ਤੱਕ ਚਿਤਾਵਨੀ ਜਾਰੀ ਕੀਤੀ ਹੈ। ਹਾਲਾਂਕਿ ਅੱਜ ਚੰਡੀਗੜ੍ਹ ਵਿਚ ਆਸਮਾਨ ਸਾਫ਼ ਰਹਿਣ ਦੀ ਉਮੀਦ ਹੈ। ਇਸ ਦੌਰਾਨ ਪੰਜਾਬ ਵਿਚ ਘੱਟੋ-ਘੱਟ ਤਾਪਮਾਨ 0.4 ਡਿਗਰੀ ਸੈਲਸੀਅਸ ਡਿੱਗ ਗਿਆ ਹੈ। ਇਹ ਹੁਣ ਆਮ ਦੇ ਨੇੜੇ ਹੈ। ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿਚ 7.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ ਆਮ ਤੋਂ 1.4 ਡਿਗਰੀ ਘੱਟ ਸੀ, ਜੋ ਕਿ 9.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।
ਪੰਜਾਬ ਵਿਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਐਸਏਐਸ ਨਗਰ (ਮੁਹਾਲੀ), ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਨਵਾਂਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।