ਦੇਵੀਗੜ੍ਹ, 20 ਸਤੰਬਰ (ਰਾਜਿੰਦਰ ਸਿੰਘ ਮੌਜੀ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰੇਕ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਲੋਕਾਂ ਨੂੰ ਬਰਾਬਰ ਦਾ ਹੱਕ ਮਿਲੇਗਾ ਅਤੇ ਕਿਸੇ ਵੀ ਪਿੰਡ ਦੇ ਪੰਚਾਂ ਜਾਂ ਸਰਪੰਚਾਂ ਨਾਲ ਪੱਖਪਾਤ ਨਹੀਂ ਕੀਤਾ ਜਾਵੇਗਾ | ਇਹ ਗੱਲ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ | ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਭਲੇ ਲਈ ਕੰਮ ਕਰ ਰਹੀ ਹੈ | ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਬਜ਼ੁਰਗਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਹਡਾਣਾ ਨੇ ਸਪਸ਼ਟ ਕੀਤਾ ਕਿ ਮੁੱਖ ਮੰਤਰੀ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪਿੰਡਾਂ ਦੇ ਵਿਕਾਸ ਲਈ ਮਿਲਣ ਵਾਲੀ ਕੋਈ ਵੀ ਗ੍ਰਾਂਟ ਜਾਂ ਸਕੀਮ ਨਿਰਪੱਖ ਤਰੀਕੇ ਨਾਲ ਪਿੰਡ ਦੀਆਂ ਪੰਚਾਇਤਾਂ ਨੂੰ ਜਾਰੀ ਕੀਤੀ ਜਾਵੇਗੀ | ਹਰ ਪਿੰਡ ਨੂੰ ਉਸ ਦੀ ਲੋੜ ਅਨੁਸਾਰ ਸਹੂਲਤਾਂ ਮਿਲਣਗੀਆਂ | ਉਨ੍ਹਾਂ ਕਿਹਾ ਕਿ ਕਈ ਵਾਰ ਲੋਕਾਂ ਵਿੱਚ ਇਹ ਸ਼ੱਕ ਪੈਦਾ ਹੋ ਜਾਂਦਾ ਹੈ ਕਿ ਸਰਕਾਰ ਆਪਣੇ ਮਨਪਸੰਦ ਪਿੰਡਾਂ ਜਾਂ ਆਪਣੀ ਪਾਰਟੀ ਨਾਲ ਸੰਬੰਧਿਤ ਸਰਪੰਚਾਂ ਨੂੰ ਹੀ ਵੱਧ ਤਰਜੀਹ ਦਿੰਦੀ ਹੈ, ਪਰ ਭਗਵੰਤ ਮਾਨ ਦੀ ਸਰਕਾਰ ਨੇ ਇਹ ਗੱਲ ਸਪਸ਼ਟ ਕਰ ਦਿੱਤੀ ਹੈ ਕਿ ਹੁਣ ਅਜਿਹਾ ਨਹੀਂ ਹੋਵੇਗਾ | ਸਰਕਾਰ ਦੀ ਨੀਤੀ ਸਿਰਫ਼ 'ਸਭ ਦਾ ਭਲਾ' ਹੈ | ਇਸ ਮੌਕੇ ਸੁਰਿੰਦਰ ਸਿੰਘ ਤਾਲਬ, ਹਰਦੀਪ ਸਿੰਘ, ਸਵਿੰਦਰ ਸਿੰਘ, ਸਵਰਨ ਸਿੰਘ ਸਿੱਧੂ ਮੇਹਰ ਸਿੰਘ ਹਾਜ਼ਰ ਸਨ |