ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤੀ ਕੰਪਲੈਕਸ ਵਿਚ ਪੁਲਿਸ ਮੁਲਾਜ਼ਮਾਂ ਨੂੰ ਫ਼ਿਲਮੀ ਸਟਾਈਲ ਵਿਚ ਚਕਮਾ ਦੇ ਕੇ ਇਕ ਹਵਾਲਾਤੀ ਦੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਤਰਨਤਾਰਨ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਉਰਫ ਬਿੰਦੂ ਖ਼ਿਲਾਫ਼ ਪੁਲਿਸ ਨੇ ਨਾਬਾਲਗ ਲੜਕੀਆਂ ਨਾਲ ਸਰੀਰਕ ਸ਼ੋਸ਼ਣ ਕਰਨ ਦੇ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਸਨ ਅਤੇ ਅੱਜ ਉਸ ਨੂੰ ਜੇਲ੍ਹ ਤੋਂ ਅਦਾਲਤੀ ਕੰਪਲੈਕਸ ਵਿਚ ਪੇਸ਼ੀ ਲਈ ਲਿਆਂਦਾ ਗਿਆ ਸੀ | ਉਸ ਦੇ ਪੈਰ 'ਤੇ ਪੱਟੀ ਬੰਨ੍ਹੀ ਹੋਈ ਸੀ, ਜਦੋਂ ਉਹ ਅਦਾਲਤੀ ਕੰਪਲੈਕਸ ਵਿਚ ਪਹੁੰਚਿਆ ਤਾਂ ਉਥੇ ਉਸ ਨੇ ਪੁਲਿਸ ਮੁਲਾਜ਼ਮਾਂ ਨੂੰ ਧੱਕਾ ਦੇ ਦਿੱਤਾ | ਲੱਤ 'ਤੇ ਸੱਟ ਲੱਗੀ ਹੋਣ ਕਾਰਨ ਪੁਲਿਸ ਮੁਲਾਜ਼ਮਾਂ ਵਲੋਂ ਵੀ ਉਸ ਪ੍ਰਤੀ ਸਖ਼ਤੀ ਨਹੀਂ ਵਰਤੀ ਜਾ ਰਹੀ ਸੀ, ਜਿਸ ਦਾ ਫਾਇਦਾ ਉਸ ਨੇ ਚੁੱਕਿਆ ਤੇ ਪੁਲਿਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਫ਼ਰਾਰ ਹੋ ਗਿਆ | ਸੂਚਨਾ ਮਿਲਦੇ ਉੱਚ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਇਸ ਸਬੰਧੀ ਸੂਬੇ ਦੇ ਵੱਖ-ਵੱਖ ਪੁਲਿਸ ਥਾਣਿਆਂ ਨੂੰ ਵੀ ਸੂਚਿਤ ਕੀਤਾ ਗਿਆ ਹੈ | ਥਾਣਾ ਡਿਵੀਜ਼ਨ ਨੰਬਰ 5 ਦੇ ਐਸ.ਐਚ.ਓ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਅਤੇ ਬਲਵਿੰਦਰ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਉਸ ਨੂੰ ਜਲਦ ਗਿ੍ਫ਼ਤਾਰ ਕੀਤਾ ਜਾਵੇਗਾ | ਪੁਲਿਸ ਨੂੰ ਸ਼ੱਕ ਹੈ ਕਿ ਬਲਵਿੰਦਰ ਨੇ ਸੱਟ ਲੱਗਣ ਦਾ ਬਹਾਨਾ ਕੀਤਾ ਸੀ | ਇਸ ਸਬੰਧੀ ਜੇਲ੍ਹ ਅਧਿਕਾਰੀਆਂ ਪਾਸੋਂ ਵੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ |