13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸ਼ਹੀਦੀ ਨਗਰ ਕੀਰਤਨ ਬਨਾਰਸ ਤੋਂ ਅਗਲੇ ਪੜਾਅ ਇਲਾਹਾਬਾਦ ਲਈ ਰਵਾਨਾ

Ad Position 21
No active advertisement
ਅਜੀਤ ਡੈਸਕ 01-09-2025

ਅੰਮਿ੍ਤਸਰ, 31 ਅਗਸਤ (ਅਜੀਤ ਬਿਊਰੋ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਕੀਤਾ ਗਿਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਬਾਗ ਬਨਾਰਸ ਉੱਤਰ ਪ੍ਰਦੇਸ਼ ਤੋਂ ਅਗਲੇ ਪੜਾਅ ਇਲਾਹਾਬਾਦ ਲਈ ਰਵਾਨਾ ਹੋਇਆ | ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਗੁਰੂ ਬਾਗ ਬਨਾਰਸ ਵਿਖੇ ਸਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਗੁਰੂ-ਜਸ ਨਾਲ ਜੋੜਿਆ | ਇਸ ਮੌਕੇ ਸਥਾਨਕ ਬੱਚਿਆਂ ਨੇ ਵੀ ਗੁਰਬਾਣੀ ਕੀਰਤਨ ਸਰਵਣ ਕਰਵਾ ਕੇ ਗੁਰੂ ਸਾਹਿਬ ਪਰਤੀ ਸ਼ਰਧਾ ਪ੍ਰਗਟਾਈ | ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ | ਸਾਰੇ ਰਸਤੇ ਵਿਚ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਸੰਗਤਾਂ ਵਲੋਂ ਵੱਖ-ਵੱਖ ਪੜਾਵਾਂ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ | ਨਗਰ ਕੀਰਤਨ ਨਾਲ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਤੇ ਵੱਡਅਕਾਰੀ ਸਕਰੀਨਾਂ 'ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਤੇ ਇਤਿਹਾਸ ਬਾਰੇ ਦਿਖਾਈਆਂ ਜਾ ਰਹੀਆਂ ਦਸਤਾਵੇਜ਼ੀ ਵੀਡੀਓ ਪ੍ਰਤੀ ਵੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ | ਇਹ ਨਗਰ ਕੀਰਤਨ ਅੱਜ ਰਾਤ ਇਲਾਹਾਬਾਦ ਵਿਖੇ ਪੁੱਜੇਗਾ, ਜਿਥੋਂ 1 ਸਤੰਬਰ ਨੂੰ ਨਗਰ ਕੀਰਤਨ ਆਪਣੇ ਅਗਲੇ ਪੜਾਅ ਕਾਨ੍ਹਪੁਰ ਲਈ ਰਵਾਨਾ ਹੋਵੇਗਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਭਾਈ ਅਜੈਬ ਸਿੰਘ ਅਭਿਆਸੀ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਰਾਮ ਸਿੰਘ ਮੁੰਬਈ, ਇੰਚਾਰਜ ਦਵਿੰਦਰ ਸਿੰਘ ਖੁਸ਼ੀਪੁਰ, ਯੂ.ਪੀ. ਸਿੱਖ ਮਿਸ਼ਨ ਹਾਪੜ ਦੇ ਇੰਚਾਰਜ ਬਿ੍ਜਪਾਲ ਸਿੰਘ, ਕਰਨ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਬਲਦੇਵ ਸਿੰਘ ਓਗਰਾ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹਰਪ੍ਰੀਤ ਸਿੰਘ ਸ਼ਿਵਾਲਿਕ ਦੀ ਪਹਿਲੀ ਬਰਸੀ ਮੌਕੇ ਹੋਇਆ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਗੁ. ਬਿਭੌਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਚੌਪਈ ਸਾਹਿਬ ਉਚਾਰਨ ਦਿਵਸ
Ad Position 24