18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਅਧਿਆਪਕਾਂ ਨੂੰ ਤਨਖ਼ਾਹਾਂ ਤੱਕ ਨਹੀਂ ਦੇ ਰਹੀ ਸਿੱਖਿਆ ਕ੍ਰਾਂਤੀ ਦੇ ਝੂਠੇ ਦਾਅਵੇ ਕਰਨ ਵਾਲੀ ਸਰਕਾਰ- ਮੋਨਿਕਾ ਸ਼ਰਮਾ <br/>

Ad Position 21
No active advertisement
ਅਜੀਤ ਡੈਸਕ 17-10-2025
ਫਗਵਾੜਾ, 16 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਨੂੰ 9 ਤੋਂ ਲੈ ਕੇ 18 ਮਹੀਨੇ ਤੱਕ ਦੀਆਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਏਡਿਡ ਸਕੂਲ ਅਧਿਆਪਕ 18 ਅਕਤੂਬਰ ਨੂੰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਦੀ ਅਗਵਾਈ ਹੇਠ ਤਰਨਤਾਰਨ ਵਿਖੇ ਮੋਰਚਾ ਖੋਲ੍ਹਣਗੇ | ਇਹ ਜਾਣਕਾਰੀ ਦਿੰਦਿਆਂ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਮੋਨਿਕਾ ਸ਼ਰਮਾ ਨੇ ਦੱਸਿਆ ਕਿ ਸੀ.ਐਂਡ ਵੀ ਅਧਿਆਪਕਾਂ ਨੂੰ 18 ਮਹੀਨਿਆਂ ਤੋਂ ਤੇ ਬਾਕੀ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਪਿਛਲੇ 9 ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ ਹੈ | ਜਿਸ ਕਰਕੇ ਇਨ੍ਹਾਂ ਸਕੂਲਾਂ ਦੇ ਮੁਲਾਜ਼ਮਾਂ ਨੇ ਗੂੰਗੀ ਤੇ ਬੋਲੀ ਸਰਕਾਰ ਦੇ ਖ਼ਿਲਾਫ਼ ਤਰਨਤਾਰਨ ਉਪ ਚੋਣ ਦੌਰਾਨ ਮੋਰਚਾ ਖੋਲ੍ਹਣ ਦਾ ਫ਼ੈਸਲਾ ਲਿਆ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਤੇ ਮੰਤਰੀਆਂ ਨਾਲ ਵਾਰ-ਵਾਰ ਮੀਟਿੰਗਾਂ ਕਰਨ 'ਤੇ ਵੀ ਇਨ੍ਹਾਂ ਸਕੂਲਾਂ ਵਿਚ ਕੰਮ ਕਰਦੇ ਹਜ਼ਾਰਾਂ ਅਧਿਆਪਕਾਂ ਤੇ ਕਰਮਚਾਰੀਆਂ ਨੂੰ ਤਨਖ਼ਾਹ ਲਈ ਗਰਾਂਟ ਜਾਰੀ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਏਡਿਡ ਸਕੂਲਾਂ ਦੀਆਂ ਮੈਨੇਜਮੈਂਟਾਂ ਦੇ ਆਡਿਟ ਦੇ ਨਾਮ ਤੇ ਮੁਲਾਜ਼ਮਾਂ ਦੀ ਤਨਖ਼ਾਹ ਲੰਬੇ ਸਮੇਂ ਤੋਂ ਰੋਕੀ ਹੋਈ ਹੈ | ਸਿੱਖਿਆ ਵਿਭਾਗ ਕੋਲ ਆਡਿਟ ਕਰਨ ਲਈ ਲੋੜੀਂਦਾ ਸਟਾਫ਼ ਵੀ ਨਹੀਂ ਹੈ | ਵਿਭਾਗ ਦੇ ਸੈਕਸ਼ਨ ਅਫ਼ਸਰਾਂ ਦੀ ਘਾਟ ਦਾ ਖ਼ਮਿਆਜ਼ਾ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਭੁਗਤਣਾ ਪੈ ਰਿਹਾ ਹੈ | ਉਨ੍ਹਾਂ ਨੇ ਦੱਸਿਆ ਕਿ 1967 ਤੋਂ ਬਾਅਦ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸੂਬਾ ਸਰਕਾਰ ਨੇ ਪ੍ਰਬੰਧਕ ਕਮੇਟੀਆਂ ਦੇ ਆਡਿਟ ਦੇ ਬਹਾਨੇ ਬਣਾ ਕੇ ਸਟਾਫ਼ ਦੀ ਗਰਾਂਟ ਰੋਕੀ ਹੈ | ਸਰਕਾਰ 'ਤੇ ਏਡਿਡ ਸਕੂਲਾਂ ਨੂੰ ਬੰਦ ਕਰਨ ਦੀ ਸਾਜ਼ਿਸ਼ ਦਾ ਦੋਸ਼ ਲਾਉਂਦੇ ਹੋਏ ਉਨ੍ਹਾਂ ਕਿਹਾ ਕਿ ਦੁਸਹਿਰਾ ਤੇ ਦੀਵਾਲੀ ਵਰਗੇ ਤਿਉਹਾਰ ਵੀ ਬਿਨਾਂ ਤਨਖ਼ਾਹ ਮਿਲੇ ਲੰਘ ਰਹੇ ਹਨ | ਜ਼ਿਲ੍ਹਾ ਪ੍ਰਧਾਨ ਮੋਨਿਕਾ ਸ਼ਰਮਾ ਨੇ ਕਿਹਾ ਕਿ ਤਨਖ਼ਾਹਾਂ ਨਾ ਦੇਣਾ ਗੈਰ ਮਨੁੱਖੀ ਵਤੀਰੇ ਤੋਂ ਘੱਟ ਨਹੀਂ ਹੈ, ਜੋ ਕਿ ਪੜ੍ਹੇ ਲਿਖੇ ਵਰਗ ਨਾਲ ਸ਼ਰੇਆਮ ਧੱਕਾ ਹੈ | ਇਸ ਮੌਕੇ ਉਨ੍ਹਾਂ ਮਨੁੱਖੀ ਅਧਿਕਾਰ ਆਯੋਗ ਨੂੰ ਵੀ ਅਪੀਲ ਕੀਤੀ ਕਿ ਤਨਖ਼ਾਹ ਦੀ ਗਰਾਂਟ ਦੀ ਜ਼ਿੰਮੇਵਾਰੀ ਫਿਕਸ ਕੀਤੀ ਜਾਵੇ | ਇਸ ਦੌਰਾਨ ਯੂਨੀਅਨ ਦੀ ਜ਼ਿਲ੍ਹਾ ਸਕੱਤਰ ਬਲਵਿੰਦਰ ਕੌਰ ਨੇ ਵੀ ਰੋਸ ਭਰੇ ਲਹਿਜੇ ਵਿਚ ਕਿਹਾ ਕਿ ਏਡਿਡ ਸਕੂਲਾਂ ਵਿਚ 1.76 ਲੱਖ ਵਿਦਿਆਰਥੀਆਂ ਨੂੰ ਪੜਾਉਣ ਵਾਲੇ ਸਿੱਖਿਆ ਜਗਤ ਦੇ ਗੁਰੂ ਦਾ ਦਰਜਾ ਪ੍ਰਾਪਤ ਅਧਿਆਪਕ ਦੀਵਾਲੀ ਵਰਗੇ ਪਵਿੱਤਰ ਤਿਉਹਾਰ ਭੁੱਖੇ ਢਿੱਡ ਗੁਜ਼ਾਰਾ ਕਰਨ ਲਈ ਮਜਬੂਰ ਹਨ | ਜਿਸ ਦੇ ਲਈ ਸੂਬਾ ਸਰਕਾਰ ਜ਼ਿੰਮੇਵਾਰ ਹੈ | ਇਸ ਲਈ ਤਰਨਤਾਰਨ ਜ਼ਿਮਨੀ ਚੋਣ ਦੌਰਾਨ 18 ਅਕਤੂਬਰ ਨੂੰ ਜਨਤਾ ਦੇ ਸਾਹਮਣੇ ਸੂਬਾ ਸਰਕਾਰ ਦੀ ਪੋਲ ਖੋਲ੍ਹੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸ਼ਿਕਾਗੋ ਮੈਰਾਥਨ ਵਿਚ ਭੁਲੱਥ ਦੇ ਨੌਜਵਾਨ ਅਨੂਰੁੱਧ ਰਾਏ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਚਮਕੀ ਪੰਜਾਬ ਸਮੇਤ ਨਗਰ ਭੁਲੱਥ ਦੀ... ਅਗਲੀ ਖ਼ਬਰ ਆਰੀਆਂਵਾਲ ਸਕੂਲ ਵਿਚ ਆਈ.ਡੀ.ਬੀ.ਆਈ. ਬੈਂਕ ਨੇ ਡੈਸਕ, ਪੱਖੇ ਤੇ ਹੋਰ ਸਾਮਾਨ ਤਕਸੀਮ ਕੀਤਾ <br/>
Ad Position 24