ਖਨੌਰੀ/ਪਾਤੜਾਂ, 19 ਅਗਸਤ (ਬਲਵਿੰਦਰ ਸਿੰਘ ਥਿੰਦ, ਗੁਰਇਕਬਾਲ ਸਿੰਘ ਖ਼ਾਲਸਾ)-ਪਿਛਲੇ ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ’ਤੇ ਗੋਲੀ ਲੱਗਣ ਕਾਰਨ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੀ ਸ਼ਹਾਦਤ ਵਾਲੀ ਥਾਂ ਦੀ ਮਿੱਟੀ ਦਿੱਲੀ ਦੇ ਜੰਤਰ-ਮੰਤਰ ਤੱਕ ਲੈ ਕੇ ਜਾਣ ਲਈ ਰਵਾਨਾ ਹੋਏ 51 ਕਿਸਾਨਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਹਰਿਆਣਾ ਪੁਲਿਸ ਵਲੋਂ ਖਨੌਰੀ ਬਾਰਡਰ ’ਤੇ ਸੀਮਿੰਟ ਦੀਆਂ ਸਲੈਬਾਂ ਲਗਾ ਕੇ ਮੁੱਖ ਮਾਰਗ ਸੀਲ ਕਰਦਿਆਂ ਰੋਕੇ ਜਾਣ ਦੇ ਮਾਮਲੇ ਵਿਚ ਅੱਜ ਚੌਥੇ ਦਿਨ ਵੱਡਾ ਮੋੜ ਆ ਗਿਆ। ਕੇਂਦਰ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦਿੱਤੇ ਜਾਣ ਅਤੇ 4 ਸਤੰਬਰ ਨੂੰ ਅਹਿਮ ਮੀਟਿੰਗ ਕਰਵਾਉਣ ਦੇ ਭਰੋਸੇ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੇ ਖਨੌਰੀ ਬਾਰਡਰ ’ਤੇ ਚੱਲ ਰਿਹਾ ਧਰਨਾ ਅਤੇ ‘ਕਿਸਾਨ ਬਚਾਓ ਪੈਦਲ ਯਾਤਰਾ’ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ 51 ਕਿਸਾਨਾਂ ਵਲੋਂ ਨੰਗੇ ਧੜ ਬਾਰਡਰ ਤੱਕ ਕੀਤੇ ਜਾਣ ਵਾਲਾ ਰੋਸ ਪ੍ਰਦਰਸ਼ਨ ਅਤੇ 20 ਅਗਸਤ ਨੂੰ ਜ਼ਿਲ੍ਹਾ ਹੈਡਕੁਆਰਟਰਾਂ ਅਤੇ ਸਬ-ਡਿਵੀਜ਼ਨ ਪੱਧਰ ’ਤੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਦੇ ਪੁਤਲੇ ਸਾੜਨ ਦੇ ਪ੍ਰੋਗਰਾਮ ਨੂੰ ਵੀ ਮੁਲਤਵੀ ਕਰ ਦਿੱਤਾ ਗਿਆ ਹੈ।ਕਿਸਾਨ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ, ਖੇਤੀਬਾੜੀ ਨੀਤੀਆਂ ਅਤੇ ਹੋਰ ਕਿਸਾਨੀ ਮੁੱਦਿਆਂ ਨੂੰ ਲੈ ਕੇ ਸੰਗਰੂਰ-ਦਿੱਲੀ ਮੁੱਖ ਮਾਰਗ ਦੇ ਕਿਨਾਰੇ ਖਨੌਰੀ ਬਾਰਡਰ ਨੇੜੇ ਮੋਰਚਾ ਲਗਾ ਕੇ ਬੈਠੇ ਸਨ। ਹਰਿਆਣਾ ਪੁਲਿਸ ਵਲੋਂ ਬਾਰਡਰ ਨੂੰ ਪੂਰੀ ਤਰ੍ਹਾਂ ਬੰਦ ਕਰਕੇ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕੇ ਜਾਣ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।
ਪੰਜ ਮੈਂਬਰੀ ਵਫ਼ਦ ਦੀ ਹਰਿਆਣਾ ਦੇ ਅਧਿਕਾਰੀਆਂ ਨਾਲ ਮੀਟਿੰਗ
ਇਸ ਦੌਰਾਨ ਡੀ.ਐੱਸ.ਪੀ. ਮੂਣਕ ਰਾਜੇਸ਼ ਸਨੇਹੀ ਅਤੇ ਥਾਣਾ ਖਨੌਰੀ ਦੇ ਮੁਖੀ ਗੁਰਮੀਤ ਸਿੰਘ ਥਿੰਦ ਦੀ ਪਹਿਲਕਦਮੀ ਨਾਲ ਬਾਰਡਰ ’ਤੇ ਬੈਠੇ ਕਿਸਾਨ ਆਗੂਆਂ ਦੇ ਪੰਜ ਮੈਂਬਰੀ ਵਫ਼ਦ ਦੀ ਹਰਿਆਣਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਵਾਈ ਗਈ। ਕਿਸਾਨ ਆਗੂਆਂ ਦਾ ਵਫ਼ਦ ਬਾਰਡਰ ਤੋਂ ਪਾਰ ਜਾ ਕੇ ਐੱਸ.ਡੀ.ਐੱਮ. ਨਰਵਾਣਾ ਜਗਦੀਸ਼ ਚੰਦਰ ਅਤੇ ਡੀ.ਐੱਸ.ਪੀ. ਨਰਵਾਣਾ ਕਮਲਦੀਪ ਰਾਣਾ ਨੂੰ ਮਿਲਿਆ। ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਧਰਨੇ ਵਾਲੀ ਥਾਂ ਦੇ ਨੇੜੇ ਖੇਤਾਂ ਦੇ ਕੰਢੇ ਮੀਟਿੰਗ ਵਿਚ ਆਪਸੀ ਵਿਚਾਰ-ਵਟਾਂਦਰਾ ਕਰਕੇ ਪੂਰੇ ਮਾਮਲੇ ’ਤੇ ਚਰਚਾ ਕੀਤੀ।ਉਪਰੰਤ ਹਰਿਆਣਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਕਿਸਾਨਾਂ ਨਾਲ ਗੱਲਬਾਤ ਲਈ ਧਰਨੇ ਵਾਲੀ ਥਾਂ ’ਤੇ ਸੱਦਾ ਦਿੱਤਾ ਗਿਆ।
4 ਸਤੰਬਰ ਨੂੰ ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਮੀਟਿੰਗ ਦਾ ਭਰੋਸਾ
ਐੱਸ.ਡੀ.ਐੱਮ. ਨਰਵਾਣਾ ਜਗਦੀਸ਼ ਚੰਦਰ ਨੇ ਬਾਰਡਰ ਤੋਂ ਪਾਰ ਆ ਕੇ ਧਰਨਾਕਾਰੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜੀਂਦ ਦੇ ਡਿਪਟੀ ਕਮਿਸ਼ਨਰ ਵਲੋਂ ਉਨ੍ਹਾਂ ਦੀ ਡਿਊਟੀ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਲਈ ਲਗਾਈ ਗਈ ਹੈ। ਉਨ੍ਹਾਂ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ 4 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਦੀ ਕੇਂਦਰੀ ਕੈਬਨਿਟ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਵੀ ਅਗਲੇ ਪੜਾਅ ਵਿਚ ਮੀਟਿੰਗ ਕਰਵਾਉਣ ਸੰਬੰਧੀ ਗੱਲਬਾਤ ਚੱਲ ਰਹੀ ਹੈ। ਇਸ ਭਰੋਸੇ ਤੋਂ ਬਾਅਦ ਕਿਸਾਨ ਆਗੂਆਂ ਵਲੋਂ ਮੌਜੂਦਾ ਧਰਨੇ ਅਤੇ ਪੈਦਲ ਯਾਤਰਾ ਨੂੰ ਫ਼ਿਲਹਾਲ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ।
ਸਰਕਾਰ ਨੂੰ ਗੱਲਬਾਤ ਦੀ ਮੇਜ਼ ’ਤੇ ਲਿਆਉਣ ਵਿਚ ਪੈਦਲ ਯਾਤਰਾ ਦੀ ਵੱਡੀ ਭੂਮਿਕਾ- ਡੱਲੇਵਾਲ
ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਸਰਕਾਰ ਨੇ ਕਿਸਾਨਾਂ ਲਈ ਗੱਲਬਾਤ ਦੇ ਦਰਵਾਜ਼ੇ ਬੰਦ ਕਰ ਦਿੱਤੇ ਸਨ, ਉਸ ਨੂੰ ‘ਕਿਸਾਨ ਬਚਾਓ ਪੈਦਲ ਯਾਤਰਾ’ ਅਤੇ ਲੋਕਾਂ ਦੇ ਸਬਰ ਤੇ ਹਿੰਮਤ ਨੇ ਮੁੜ ਗੱਲਬਾਤ ਦੀ ਮੇਜ਼ ’ਤੇ ਆਉਣ ਲਈ ਮਜਬੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੇ ਅਧਿਕਾਰੀ ਕਿਸਾਨਾਂ ਨੂੰ 4 ਸਤੰਬਰ ਨੂੰ ਗੱਲਬਾਤ ਦਾ ਸੱਦਾ ਦੇ ਕੇ ਗਏ ਹਨ। ਇਸ ਲਈ ਹਰਿਆਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਅਪੀਲ ਨੂੰ ਮੰਨਦਿਆਂ ਸ਼ਾਂਤਮਈ ‘ਕਿਸਾਨ ਬਚਾਓ ਪੈਦਲ ਯਾਤਰਾ’ ਨੂੰ ਫ਼ਿਲਹਾਲ ਮੁਲਤਵੀ ਕੀਤਾ ਜਾ ਰਿਹਾ ਹੈ। ਡੱਲੇਵਾਲ ਨੇ ਸਪੱਸ਼ਟ ਕੀਤਾ ਕਿ ਇਹ ਫੈਸਲਾ ਕਿਸੇ ਵੀ ਤਰ੍ਹਾਂ ਕਿਸਾਨ ਅੰਦੋਲਨ ਤੋਂ ਪਿੱਛੇ ਹਟਣ ਦਾ ਸੰਕੇਤ ਨਹੀਂ ਹੈ। ਉਨ੍ਹਾਂ ਕਿਹਾ ਕਿ ਗੱਲਬਾਤ ਦਾ ਨਤੀਜਾ ਕੀ ਨਿਕਲਦਾ ਹੈ ਅਤੇ ਸਰਕਾਰ ਕਿਸਾਨਾਂ ਦੀਆਂ ਮੰਗਾਂ ’ਤੇ ਕੀ ਫੈਸਲਾ ਕਰਦੀ ਹੈ, ਇਹ ਆਉਣ ਵਾਲਾ ਸਮਾਂ ਦੱਸੇਗਾ। ਕਿਸਾਨਾਂ ਦੀ ਲੜਾਈ ਅਤੇ ਅੰਦੋਲਨ ਆਪਣੇ ਮੁੱਦਿਆਂ ਦੇ ਹੱਲ ਤੱਕ ਜਾਰੀ ਰਹੇਗਾ।ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਵਲੋਂ ਆਪਣੇ ਮੁੱਦਿਆਂ ਨੂੰ ਹੋਰ ਮਜ਼ਬੂਤੀ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਕਿਸਾਨ ਮਹਾਪੰਚਾਇਤਾਂ ਕੀਤੀਆਂ ਜਾਣਗੀਆਂ।