07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪੰਜਾਬ ਮੰਤਰੀ ਮੰਡਲ ਵਲੋਂ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ਖ਼ਿਲਾਫ਼ ਮਤਾ ਪਾਸ

ਚੰਡੀਗੜ੍ਹ, 6 ਸਤੰਬਰ (ਪ੍ਰੋ. ਅਵਤਾਰ ਸਿੰਘ) -ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਵਜੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਸਖ਼ਤ ਇਤਰਾਜ਼ ਜਤਾਇਆ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਮੰਤਰੀ ...

Ad Position 21
repet_subhas-goyals [Copy P29]
ਅਜੀਤ ਡੈਸਕ 07-09-2026

ਸੂਬੇ ਦੇ ਵਿਚਾਰ ਲੈਣ ਤੇ ਉਨ੍ਹਾਂ ’ਤੇ ਗੌਰ ਕਰਨ ਤੱਕ ਜਸਟਿਸ ਮਿਸ਼ਰਾ ਦੀ ਨਿਯੁਕਤੀ ਤੇ ਸਹੁੰ ਚੁੱਕ ਸਮਾਗਮ ਰੋਕਿਆ ਜਾਵੇ-ਪੰਜਾਬ ਸਰਕਾਰ
ਚੰਡੀਗੜ੍ਹ, 6 ਸਤੰਬਰ (ਪ੍ਰੋ. ਅਵਤਾਰ ਸਿੰਘ) -ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਵਜੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਸਖ਼ਤ ਇਤਰਾਜ਼ ਜਤਾਇਆ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ ਕੇਂਦਰ ਸਰਕਾਰ ਦੇ ਫ਼ੈਸਲੇ ਦੇ ਵਿਰੋਧ ਵਿਚ ਸਰਬ ਸੰਮਤੀ ਨਾਲ ਮਤਾ ਪਾਸ ਕੀਤਾ ਗਿਆ। ਸੂਬਾ ਸਰਕਾਰ ਦਾ ਦੋਸ਼ ਹੈ ਕਿ ਉਸ ਦੀ ਰਾਏ ਨੂੰ ਬਣਦਾ ਮਹੱਤਵ ਦਿੱਤੇ ਬਿਨਾਂ ਨਿਯੁਕਤੀ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਜਾਰੀ ਪੋਸਟ ਵਿਚ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਹੱਕਾਂ ਅਤੇ ਸੰਵਿਧਾਨਕ ਨਿਯਮਾਂ ਦੀ ਲਗਾਤਾਰ ਉਲੰਘਣਾ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਸਹਿਮਤੀ ਲਏ ਬਿਨਾਂ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਦੀ ਨਿਯੁਕਤੀ ਕਰਨਾ ਤੈਅ ਪ੍ਰਕਿਰਿਆ ਅਤੇ ਸੰਵਿਧਾਨਕ ਨਿਯਮਾਂ ਦੀ ਸਿੱਧੀ ਉਲੰਘਣਾ ਹੈ। ਪੰਜਾਬ ਸਰਕਾਰ ਦੀ ਰਾਏ ਦੀ ਉਡੀਕ ਕੀਤੇ ਬਿਨਾਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ ’ਤੇ ਗੰਭੀਰ ਇਤਰਾਜ਼ ਜਤਾਉਂਦਿਆਂ ਮੰਤਰੀ ਮੰਡਲ ਨੇ ਮਤਾ ਪਾਸ ਕੀਤਾ ਕਿ ਜਦੋਂ ਤੱਕ ਪੰਜਾਬ ਦੀ ਰਾਏ ਨਹੀਂ ਲੈ ਲਈ ਜਾਂਦੀ ਅਤੇ ਉਨ੍ਹਾਂ ’ਤੇ ਯੋਗ ਵਿਚਾਰ ਨਹੀਂ ਕਰ ਲਿਆ ਜਾਂਦਾ, ਉਦੋਂ ਤੱਕ ਨਿਯੁਕਤੀ ਅਤੇ ਸਹੁੰ ਚੁੱਕਣ ਦੀ ਪ੍ਰਕਿਰਿਆ ਨੂੰ ਰੋਕਿਆ ਜਾਵੇ।

ਪੰਜਾਬ ਮੰਤਰੀ ਮੰਡਲ ਨੇ ਸੁਚੇਤ ਕੀਤਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੇ 9,000 ਕਰੋੜ ਰੁਪਏ ਤੋਂ ਵੱਧ ਦੇ ਆਰ.ਡੀ.ਐਫ. ਦੇ ਬਕਾਏ ਵੀ ਰੋਕ ਲਏ ਹਨ, ਜਿਸ ਨਾਲ ਕਿਸਾਨਾਂ ਨੂੰ ਤਕਲੀਫ਼ ਪਹੁੰਚੀ ਹੈ, ਜੋ ਇਨ੍ਹਾਂ ਫੰਡਾਂ ਰਾਹੀਂ ਬਣਾਏ ਜਾਣ ਵਾਲੇ ਢਾਂਚੇ ਦੇ ਅਸਲ ਲਾਭਪਾਤਰੀ ਹਨ। ਇਸੇ ਤਰ੍ਹਾਂ ਕੇਂਦਰ ਨੇ 2025 ਵਿਚ ਆਏ ਹੜ੍ਹਾਂ ਤੋਂ ਬਾਅਦ ਪ੍ਰਧਾਨ ਮੰਤਰੀ ਰਾਹੀਂ 1,600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਸੀ, ਪਰ ਅੱਜ ਤੱਕ ਇਸ ਪੈਕੇਜ ਵਿਚੋਂ ਇੱਕ ਰੁਪਿਆ ਵੀ ਪੰਜਾਬ ਨੂੰ ਜਾਰੀ ਨਹੀਂ ਕੀਤਾ ਗਿਆ। ਮੰਤਰੀ ਮੰਡਲ ਦਾ ਕਹਿਣਾ ਸੀ ਕਿ ਸਾਲ 2024 ਵਿਚ ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਨੂੰ ਸੁਪਰੀਮ ਕੋਰਟ ਦੇ ਕਾਲੇਜੀਅਮ ਦੁਆਰਾ ਮੱਧ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ ਤਾਂ ਕਾਨੂੰਨ ਅਤੇ ਨਿਆਂ ਮੰਤਰਾਲੇ ਵੱਲੋਂ ਦੋ ਮਹੀਨਿਆਂ ਤੋਂ ਵੱਧ ਸਮੇਂ ਤੱਕ ਇਸ ਪ੍ਰਸਤਾਵ ਨੂੰ ਨੋਟੀਫਾਈ ਨਹੀਂ ਕੀਤਾ ਗਿਆ ਸੀ ਅਤੇ ਇਹ ਸਪੱਸ਼ਟ ਤੌਰ ’ਤੇ ਮੱਧ ਪ੍ਰਦੇਸ਼ ਸਰਕਾਰ ਤੋਂ ਸਿਫ਼ਾਰਸ਼ ਪ੍ਰਾਪਤ ਨਾ ਹੋਣ ਕਰਕੇ ਸੀ।

ਬਾਅਦ ਵਿਚ ਕਾਲੇਜੀਅਮ ਅਤੇ ਕਾਨੂੰਨ ਤੇ ਨਿਆਂ ਮੰਤਰਾਲੇ ਨੇ ਉਨ੍ਹਾਂ ਦੀ ਨਿਯੁਕਤੀ ਬਦਲ ਕੇ ਹਿਮਾਚਲ ਪ੍ਰਦੇਸ਼ ਹਾਈ ਕੋਰਟ ਵਿਚ ਕਰ ਦਿੱਤੀ, ਜਿਸ ਤੋਂ ਵਿਤਕਰੇ ਦੀ ਭਾਵਨਾ ਝਲਕਦੀ ਹੈ ਕਿ ਜਦੋਂ ਪੰਜਾਬ ਸੂਬੇ ਦੇ ਕਿਸੇ ਜੱਜ ਦੇ ਮਾਮਲੇ ’ਤੇ ਵਿਚਾਰ ਕੀਤਾ ਜਾਣਾ ਹੁੰਦਾ ਹੈ ਤਾਂ ਉਸ ਨਾਲ ਵੱਖਰਾ ਵਿਵਹਾਰ ਕੀਤਾ ਜਾਂਦਾ ਹੈ ਅਤੇ ਕਿਸੇ ਹੋਰ ਹਾਈ ਕੋਰਟ ਦੇ ਜੱਜ ਨੂੰ ਪੰਜਾਬ ਵਿਚ ਨਿਯੁਕਤ ਕਰਨ ਦੇ ਮਾਮਲੇ ਵਿਚ ਵੱਖਰਾ ਵਿਵਹਾਰ ਕੀਤਾ ਜਾਂਦਾ ਹੈ। ਇਸ ਮਾਮਲੇ ਦੀ ਸ਼ੁਰੂਆਤ 6 ਅਗਸਤ ਨੂੰ ਹੋਈ, ਜਦੋਂ ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਕਾਲੇਜੀਅਮ ਨੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਉਸ ਸਮੇਂ ਜਸਟਿਸ ਮਿਸ਼ਰਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਕਾਲੇਜੀਅਮ ਦੀ ਸਿਫ਼ਾਰਸ਼ ਤੋਂ ਬਾਅਦ ਕੇਂਦਰੀ ਕਾਨੂੰਨ ਮੰਤਰਾਲੇ ਵਲੋਂ ਨਿਯਮਾਂ ਅਨੁਸਾਰ ਪੰਜਾਬ ਸਰਕਾਰ ਤੋਂ ਇਸ ਸਬੰਧੀ ਰਾਏ ਮੰਗੀ ਗਈ ਸੀ।

31 ਅਗਸਤ ਅਤੇ 2 ਸਤੰਬਰ ਦੀਆਂ ਰਿਪੋਰਟਾਂ ਅਨੁਸਾਰ ਉਸ ਸਮੇਂ ਤੱਕ ਪੰਜਾਬ ਸਰਕਾਰ ਨੇ ਆਪਣੀ ਰਾਏ ਕੇਂਦਰ ਨੂੰ ਨਹੀਂ ਭੇਜੀ ਸੀ ਅਤੇ ਕੇਂਦਰ ਸਰਕਾਰ ਇਸ ਰਾਏ ਦੀ ਉਡੀਕ ਕਰ ਰਹੀ ਸੀ। ਇਸ ਦੌਰਾਨ 5 ਸਤੰਬਰ ਨੂੰ ਕੇਂਦਰ ਸਰਕਾਰ ਵਲੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤੀ ਨੂੰ ਨੋਟੀਫਾਈ ਕਰ ਦਿੱਤਾ ਗਿਆ। ਇਸੇ ਗੱਲ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਨੇ ਸਵਾਲ ਖੜ੍ਹੇ ਕਰਦਿਆਂ ਕਿਹਾ ਹੈ ਕਿ ਜਦੋਂ ਸੂਬਾ ਸਰਕਾਰ ਦੀ ਰਾਏ ਹਾਲੇ ਨਹੀਂ ਲਈ ਗਈ ਸੀ ਤਾਂ ਨਿਯੁਕਤੀ ਨੂੰ ਅੰਤਿਮ ਰੂਪ ਦੇਣ ਦੀ ਕੀ ਲੋੜ ਪਈ। ਪੰਜਾਬ ਮੰਤਰੀ ਮੰਡਲ ਦੇ ਮਤੇ ਰਾਹੀਂ ਸੂਬਾ ਸਰਕਾਰ ਨੇ ਕੇਂਦਰ ਤੋਂ ਇਸ ਨਿਯੁਕਤੀ ਸਬੰਧੀ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਅਤੇ ਸੰਵਿਧਾਨਕ ਤੇ ਤੈਅ ਪ੍ਰਕਿਰਿਆ ਅਨੁਸਾਰ ਪੰਜਾਬ ਦੀ ਰਾਏ ਨੂੰ ਮਹੱਤਵ ਦੇਣ ਦੀ ਮੰਗ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ‘ ਗੈਂਗਸਟਰਾਂ ’ ਤੇ ਵਾਰ ’ ਦਾ 229 ਵਾਂ ਦਿਨ ਪੰਜਾਬ ਪੁਲਿਸ ਵਲੋਂ 580 ਥਾਈਂ ਛਾਪੇਮਾਰੀ 273 ਕਾਬੂ ‘ਯੁੱਧ ਨਸ਼ਿਆਂ ਵਿਰੁੱਧ... ਅਗਲੀ ਖ਼ਬਰ ਬਲੋਚਿਸਤਾਨ ਤੇ ਖ਼ੈਬਰ ਪਖ਼ਤੂਨਖਵਾ ਤੋਂ ਬਾਅਦ ਹੁਣ ਵਾਰੀ ਸਿੰਧ ਦੀ ਪਾਕਿ ਫ਼ੌਜ ਵਲੋਂ 4 ਸੂਬਿਆਂ ਨੂੰ 12 ਹਿੱਸਿਆਂ ’ਚ ਵੰਡਣ...
Ad Position 24