13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪੰਜਾਬ ’ਚ ਐਸ.ਆਈ.ਆਰ. ਤੋਂ ਬਾਅਦ 13 ਲੱਖ ਤੋਂ ਵੱਧ ਵੋਟਰ ਘਟੇ

ਪੰਜਾਬ ’ਚ ਐਸ.ਆਈ.ਆਰ. ਤੋਂ ਬਾਅਦ 13 ਲੱਖ ਤੋਂ ਵੱਧ ਵੋਟਰ ਘਟੇ

Ad Position 21
No active advertisement
ਅਜੀਤ ਡੈਸਕ 13-10-2026

ਕੁੱਲ 2.01 ਕਰੋੜ ਵੋਟਰ, 86 ਹਜ਼ਾਰ ਤੋਂ ਵੱਧ ਅਯੋਗ ਕਰਾਰ-ਅੰਤਿਮ ਵੋਟਰ ਸੂਚੀ ਜਾਰੀ

ਚੰਡੀਗੜ੍ਹ, 12 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐੱਸ.ਆਈ.ਆਰ.) ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਚੋਣ ਕਮਿਸ਼ਨ ਵਲੋਂ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ। ਮੁੱਖ ਚੋਣ ਅਧਿਕਾਰੀ ਅਨੰਦਿਤਾ ਮਿਤਰਾ ਵਲੋਂ ਜਾਰੀ ਵੇਰਵਿਆਂ ਅਨੁਸਾਰ ਅੰਤਿਮ ਸੂਚੀ ਵਿਚ ਕੁੱਲ 2,01,00,727 ਵੋਟਰ ਦਰਜ ਕੀਤੇ ਗਏ ਹਨ, ਜੋ ਕਿ ਐਸ.ਆਈ.ਆਰ. ਤੋਂ ਪਹਿਲਾਂ ਰਜਿਸਟਰਡ 2.14 ਕਰੋੜ ਵੋਟਰਾਂ ਨਾਲੋਂ 13.60 ਲੱਖ ਜਾਂ ਘੱਟ ਹਨ। ਇਸ ਦੌਰਾਨ ਨੋਟਿਸ ਜਾਰੀ ਕਰਕੇ ਕੀਤੀ ਗਈ ਜਾਂਚ ਮਗਰੋਂ 86,038 ਵੋਟਰਾਂ ਨੂੰ ਅਯੋਗ ਕਰਾਰ ਦਿੱਤਾ ਗਿਆ, ਜਦਕਿ ਖਰੜਾ ਸੂਚੀ ਦੇ ਮੁਕਾਬਲੇ ਅੰਤਿਮ ਸੂਚੀ ਵਿਚ ਵੋਟਰਾਂ ਦੀ ਗਿਣਤੀ 7,06,292 ਵਧੀ ਹੈ। ਚੋਣ ਵਿਭਾਗ ਅਨੁਸਾਰ ਸੋਧ ਦੀ ਪ੍ਰਕਿਰਿਆ ਦੌਰਾਨ ਸੂਬੇ ਭਰ ਵਿਚ 7,97,263 ਨਵੇਂ ਵੋਟਰਾਂ ਦੇ ਨਾਂਅ ਵੀ ਦਰਜ ਕੀਤੇ ਗਏ ਹਨ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ, ਚੋਣਕਾਰ ਰਜਿਸਟਰੇਸ਼ਨ ਅਧਿਕਾਰੀਆਂ ਤੇ ਬੂਥ ਲੈਵਲ ਅਧਿਕਾਰੀਆਂ ਦੇ ਦਫ਼ਤਰਾਂ ਵਿਚ ਉਪਲਬਧ ਹਨ। ਵੋਟਰ ਇਨ੍ਹਾਂ ਨੂੰ ਮੁੱਖ ਚੋਣ ਅਧਿਕਾਰੀ ਪੰਜਾਬ ਦੀ ਵੈੱਬਸਾਈਟ ਅਤੇ ਚੋਣ ਕਮਿਸ਼ਨ ਦੇ ਪੋਰਟਲ ਤੋਂ ਵੀ ਡਾਊਨਲੋਡ ਕਰ ਸਕਦੇ ਹਨ। ਇਸ ਮੌਕੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਦੀਆਂ ਹਾਰਡ ਤੇ ਸਾਫ਼ਟ ਕਾਪੀਆਂ ਵੀ ਸੌਂਪੀਆਂ ਗਈਆਂ। 
1.03 ਕਰੋੜ ਪੁਰਸ਼ ਤੇ 97.24 ਲੱਖ ਮਹਿਲਾ ਵੋਟਰ
 ਮੁੱਖ ਚੋਣ ਅਧਿਕਾਰੀ ਅਨੰਦਿਤਾ ਮਿਤਰਾ ਅਨੁਸਾਰ ਅੰਤਿਮ ਵੋਟਰ ਸੂਚੀ ਵਿਚ 1,03,76,026 ਪੁਰਸ਼, 97,24,195 ਮਹਿਲਾ ਤੇ 506 ਤੀਜੇ ਲਿੰਗ ਦੇ ਵੋਟਰ ਸ਼ਾਮਿਲ ਹਨ। ਇਸ ਤੋਂ ਪਹਿਲਾਂ 13 ਅਗਸਤ, 2026 ਨੂੰ ਪ੍ਰਕਾਸ਼ਿਤ ਖਰੜਾ ਵੋਟਰ ਸੂਚੀ ਵਿਚ ਕੁੱਲ 1,93,94,435 ਵੋਟਰ ਦਰਜ ਸਨ। ਇਸ ਤਰ੍ਹਾਂ ਖਰੜਾ ਸੂਚੀ ਦੇ ਮੁਕਾਬਲੇ ਅੰਤਿਮ ਸੂਚੀ ਵਿਚ ਵੋਟਰਾਂ ਦੀ ਗਿਣਤੀ ਵਿਚ 3.64 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 9 ਜੂਨ, 2026 ਤੱਕ ਪੰਜਾਬ ਵਿਚ ਕੁੱਲ 2,14,61,043 ਰਜਿਸਟਰਡ ਵੋਟਰ ਸਨ, ਜਿਨ੍ਹਾਂ ਵਿਚ 1,11,76,866 ਪੁਰਸ਼, 1,02,83,478 ਮਹਿਲਾ ਅਤੇ 699 ਤੀਜੇ ਲਿੰਗ ਦੇ ਵੋਟਰ ਸ਼ਾਮਲ ਸਨ। 
35.49 ਲੱਖ ਵੋਟਰਾਂ ਨੂੰ ਨੋਟਿਸ, ਜਾਂਚ ਮਗਰੋਂ 86,038 ਅਯੋਗ ਕਰਾਰ
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਨੋਟਿਸ ਜਾਰੀ ਕਰਨ ਤੇ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਦੌਰਾਨ ਕੁੱਲ 35,49,036 ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ। ਇਨ੍ਹਾਂ ਦੀ ਵਿਸਤ੍ਰਿਤ ਜਾਂਚ ਅਤੇ ਕਾਰਨਾਂ ਸਮੇਤ ਹੁਕਮ ਜਾਰੀ ਕਰਨ ਮਗਰੋਂ 86,038 ਵੋਟਰਾਂ ਨੂੰ ਅਯੋਗ ਕਰਾਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਦੇ ਵੇਰਵਿਆਂ ਵਿਚ ਤਰੁੱਟੀਆਂ ਸਨ ਜਾਂ ਜਿਨ੍ਹਾਂ ਦੇ ਰਿਕਾਰਡ ਦਾ ਮਿਲਾਨ ਨਹੀਂ ਹੋ ਸਕਿਆ ਸੀ, ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਦਿੱਤਾ ਗਿਆ। 
ਪੋਲਿੰਗ ਸਟੇਸ਼ਨਾਂ ਦੀ ਗਿਣਤੀ 24,453 ਤੋਂ ਵਧ ਕੇ 25,332 ਹੋਈ
ਵੋਟਰਾਂ ਦੀ ਸਹੂਲਤ ਤੇ ਪੋਲਿੰਗ ਸਟੇਸ਼ਨਾਂ ਤੱਕ ਉਨ੍ਹਾਂ ਦੀ ਪਹੁੰਚ ਆਸਾਨ ਬਣਾਉਣ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਪੋਲਿੰਗ ਸਟੇਸ਼ਨਾਂ ਦਾ ਤਰਕਸੰਗਤ ਪੁਨਰਗਠਨ ਕੀਤਾ ਗਿਆ ਹੈ। ਇਸ ਨਾਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24,453 ਤੋਂ ਵਧ ਕੇ 25,332 ਹੋ ਗਈ ਹੈ।  
ਸਿਆਸੀ ਪਾਰਟੀਆਂ ਦੇ ਸਹਿਯੋਗ ਲਈ ਕੀਤਾ ਧੰਨਵਾਦ
ਮੁੱਖ ਚੋਣ ਅਧਿਕਾਰੀ ਅਨੰਦਿਤਾ ਮਿੱਤਰਾ ਨੇ ਇਸ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਪੰਜਾਬ ਦੇ ਵੋਟਰਾਂ, ਬੂਥ ਲੈਵਲ ਅਧਿਕਾਰੀਆਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਸੂਬੇ ਭਰ ਵਿਚ ਤਾਇਨਾਤ 89,395 ਬੂਥ ਲੈਵਲ ਏਜੰਟਾਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ। 
ਯੋਗ ਵੋਟਰ ਫਾਰਮ ਨੰਬਰ 6 ਰਾਹੀਂ ਕਰਵਾ ਸਕਦੇ ਹਨ ਰਜਿਸਟਰੇਸ਼ਨ
ਮੁੱਖ ਚੋਣ ਅਧਿਕਾਰੀ ਨੇ ਅਪੀਲ ਕੀਤੀ ਕਿ ਜਿਹੜੇ ਯੋਗ ਵਿਅਕਤੀ ਕਿਸੇ ਕਾਰਨ ਕਰਕੇ ਅੰਤਿਮ ਵੋਟਰ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਉਣ ਤੋਂ ਰਹਿ ਗਏ ਹਨ ਜਾਂ ਨਵੇਂ ਵੋਟਰ ਵਜੋਂ ਰਜਿਸਟਰੇਸ਼ਨ ਕਰਵਾਉਣਾ ਚਾਹੁੰਦੇ ਹਨ, ਉਹ ਚੋਣ ਕਮਿਸ਼ਨ ਦੀ ਈ.ਸੀ.ਆਈ.ਨੈੱਟ ਐਪ ਰਾਹੀਂ ਆਨਲਾਈਨ ਜਾਂ ਆਪਣੇ ਸੰਬੰਧਿਤ ਬੂਥ ਲੈਵਲ ਅਧਿਕਾਰੀ ਕੋਲ ਫਾਰਮ ਨੰਬਰ 6 ਭਰ ਕੇ ਆਫ਼ਲਾਈਨ ਅਰਜ਼ੀ ਦੇ ਸਕਦੇ ਹਨ। 

Ad Position 22
No active advertisement
ਪਿਛਲੀ ਖ਼ਬਰ ਚੀਫ਼ ਜਸਟਿਸ ਵਲੋਂ ਪ੍ਰਦਰਸ਼ਨ ਅਤੇ ਪਾਬੰਦੀਆਂ ਬਾਰੇ ਟਿੱਪਣੀ ਕਰਨ ਤੋਂ ਇਨਕਾਰ ਅਗਲੀ ਖ਼ਬਰ ਕਣਕ ਦੇ ਵੱਧ ਝਾੜ ਤੇ ਜ਼ਮੀਨ ਦੀ ਚੰਗੀ ਸਹਿਤ ਲਈ ਫ਼ਸਲੀ ਰਹਿੰਦ - ਖੂੰਹਦ ਦੀ ਯੋਗ ਵਰਤੋਂ ਜ਼ਰੂਰੀ
Ad Position 24