ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਲਕਾ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਹੋਏ ਵਿਸ਼ਾਲ ਇਕੱਠ ਦੌਰਾਨ 154 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸੂਬੇ ਭਰ ’ਚ ਕਲੀਨਿਕਾਂ ਦੀ ਕੁੱਲ ਗਿਣਤੀ 1,245 ਹੋ ਗਈ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਨਾਅਰਿਆਂ ਦੀ ਰਾਜਨੀਤੀ ਕਰਨ ਦੀ ਬਜਾਏ ਮਿਆਰੀ ਸਿਹਤ ਸੰਭਾਲ, ਸਿੱਖਿਆ ਤੇ ਰੁਜ਼ਗਾਰ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ’ਚ 6.5 ਕਰੋੜ ਤੋਂ ਵੱਧ ਓ.ਪੀ.ਡੀ., 54.20 ਲੱਖ ਪਰਿਵਾਰਾਂ ਲਈ 10 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਸਹੂਲਤ ਦੇ ਕਾਰਡ ਬਣਾਏ ਜਾ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਸੁਚੇਤ ਕੀਤਾ ਕਿ ਸਰਕਾਰ ਬਦਲਣ ਨਾਲ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਤੇ ਸਤਿਕਾਰ ਯੋਜਨਾ ਸਮੇਤ ਹੋਰ ਕਲਿਆਣਕਾਰੀ ਪਹਿਲਕਦਮੀਆਂ ਖ਼ਤਰੇ ’ਚ ਪੈ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਹੁਣ ਤੱਕ ਸੂਬੇ ’ਚ 70685 ਨੌਜਵਾਨਾਂ ਨੂੰ ਬਿਨਾਂ ਸਿਫ਼ਾਰਿਸ਼ ਤੇ ਰਿਸ਼ਵਤ ਤੋਂ ਨੌਕਰੀਆਂ ਦਿੱਤੀਆਂ ਚੁੱਕੀਆਂ ਹਨ, ਜੋ ਕਿ ਇਕ ਰਿਕਾਰਡ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ’ਚ ਮਰੀਜ਼ ਮੁਫ਼ਤ ਦਵਾਈਆਂ ਦੇ ਨਾਲ-ਨਾਲ ਲੈਬ ਟੈਸਟਾਂ ਦੀ ਸਹੂਲਤ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਕਲੀਨਿਕਾਂ ‘ਚੋਂ 36 ਅੰਮ੍ਰਿਤਸਰ, 26 ਪਟਿਆਲਾ, 17 ਲੁਧਿਆਣਾ, 12 ਗੁਰਦਾਸਪੁਰ, 11 ਜਲੰਧਰ ਤੇ 10 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ‘ਚ ਹਨ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ’ਚ ਵੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਕਲੀਨਿਕਾਂ ’ਚ 107 ਦਵਾਈਆਂ ਤੇ 47 ਤਰ੍ਹਾਂ ਦੇ ਡਾਇਗਨੌਸਟਿਕ ਟੈਸਟ ਬਿਲਕੁਲ ਮੁਫ਼ਤ ਮੁਹੱਈਆ ਕਰਵਾਏ ਜਾਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ ਤਾਂ ਜੋ ਲੋਕਾਂ ਨੂੰ ਪੈਸੇ ਦੀ ਘਾਟ ਕਾਰਨ ਆਪਣੀ ਸਿਹਤ ਨਾਲ ਸਮਝੌਤਾ ਨਾ ਕਰਨਾ ਪਵੇ ਤੇ ਹੁਣ ਤੱਕ 54.20 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਤੇ ਇਸ ਯੋਜਨਾ ਤਹਿਤ ਆਉਂਦਾ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ। ਹੁਣ ਤੱਕ 8.02 ਲੱਖ ਲਾਭਪਾਤਰੀ ਇਸ ਯੋਜਨਾ ਤਹਿਤ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਹਤ ਵਿਭਾਗ ‘ਚ 5388 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਤੇ ਡਾਕਟਰਾਂ ਤੇ ਪੈਰਾਮੈਡੀਕਲ ਸਟਾਫ਼ ਦੀ ਹੁਣ ਤੱਕ ਦੀ ਸਭ ਤੋਂ ਜ਼ਿਆਦਾ ਭਰਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਵਿਰੋਧੀ ਪਾਰਟੀਆਂ ਸਰਕਾਰ ਨੂੰ ਬਦਨਾਮ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀਆਂ ਹਨ, ਪਰ ਲੋਕਾਂ ਦਾ ਪਿਆਰ ਤੇ ਵਿਸ਼ਵਾਸ ਸਾਡੇ ਨਾਲ ਹੈ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤ ਵਿਭਾਗ ‘ਚ ਕੀਤੇ ਸੁਧਾਰਾਂ ਦੇ ਚੱਲਦਿਆਂ ਅੱਜ ਹਰੇਕ ਸਰਕਾਰੀ ਹਸਪਤਾਲ ‘ਚ ਲੋਕਾਂ ਨੂੰ ਮੁਫ਼ਤ ਦਵਾਈਆਂ ਮਿਲ ਰਹੀਆਂ ਹਨ ਤੇ ਇਸ ਦੇ ਨਾਲ ਹੀ ਮਹਿੰਗੇ ਭਾਅ ਵਾਲੇ ਟੈਸਟ ਵੀ ਮੁਫ਼ਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਹੁਸ਼ਿਆਰਪੁਰ ਨੂੰ ਵਿਸ਼ਵ ਪੱਧਰ ਦੀ ਯੂਨੀਵਰਸਿਟੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਹੁਸ਼ਿਆਰਪੁਰ ‘ਚ ਬਣਨ ਵਾਲੇ ਮੈਡੀਕਲ ਕਾਲਜ ਨਾਲ ਲੋਕਾਂ ਨੂੰ ਪੀ.ਜੀ.ਆਈ. ਵਰਗੀਆਂ ਸਹੂਲਤਾਂ ਇੱਥੇ ਹੀ ਮਿਲ ਸਕਣਗੀਆਂ। ਇਸ ਮੌਕੇ ਲੋਕ ਸਭਾ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਹਰੇਕ ਹਲਕੇ ‘ਚ ਵਿਕਾਸ ਦੀ ਹਨੇਰੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਚੱਬੇਵਾਲ ਹਲਕੇ ’ਚ 200 ਕਰੋੜ ਦੀ ਲਾਗਤ ਨਾਲ ਸੜਕਾਂ ਬਣ ਰਹੀਆਂ ਹਨ ਤੇ ਅਨੇਕਾਂ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਇਸ ਮੌਕੇ ਹਲਕਾ ਵਿਧਾਇਕ ਡਾ: ਇਸ਼ਾਂਕ ਕੁਮਾਰ ਚੱਬੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰਨਾਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਲਕਾ ਚੱਬੇਵਾਲ ਦੇ ਚੱਲ ਰਹੇ ਵਿਕਾਸ ਕਾਰਜਾਂ ‘ਚ ਹੋਰ ਤੇਜ਼ੀ ਲਿਆਉਣਗੇ। ਇਸ ਮੌਕੇ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਐਡ: ਕਰਮਬੀਰ ਸਿੰਘ ਘੁੰਮਣ, ਡਾ: ਰਾਜ ਕੁਮਾਰ ਨਵਾਂਸ਼ਹਿਰ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਮੁੱਖ ਮੰਤਰੀ ਵਲੋਂ 154 ਨਵੇਂ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ 8.02 ਲੱਖ ਲਾਭਪਾਤਰੀਆਂ ਨੇ 10 ਲੱਖ ਦੀ ਕੈਸ਼ਲੈੱਸ ਯੋਜਨਾ ਦਾ ਲਿਆ ਲਾਭ-ਭਗਵੰਤ ਮਾਨ
ਹੁਸ਼ਿਆਰਪੁਰ, 14 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਲਕਾ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਹੋਏ ਵਿਸ਼ਾਲ ਇਕੱਠ ਦੌਰਾਨ 154 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ...
ਅਜੀਤ ਡੈਸਕ
15-10-2026