ਚੰਡੀਗੜ੍ਹ, 20 ਅਕਤੂਬਰ (ਪ੍ਰੋ. ਅਵਤਾਰ ਸਿੰਘ)–ਪੰਜਾਬ ’ਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲੈਂਦਿਆਂ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਸੌਂਪਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਝੋਟਾ ਦੇ ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਇਹ ਕੇਸ ਸੀ.ਬੀ.ਆਈ. ਨੂੰ ਸੌਂਪਿਆ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਇਸ ਦੁੱਖ ਦੀ ਘੜੀ ’ਚ ਪਰਿਵਾਰ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਹਰ ਸੰਭਵ ਸਖ਼ਤ ਕਦਮ ਚੁੱਕੇ ਜਾਣਗੇ। ਮੁੱਖ ਮੰਤਰੀ ਨੇ ਭਾਜਪਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਤਿੱਖਾ ਹਮਲਾ ਬੋਲਦਿਆਂ ਚੁਣੌਤੀ ਦਿੱਤੀ ਕਿ ਉਹ ਚੋਣਾਂ ’ਚ ਸਿਆਸੀ ਲਾਹਾ ਖੱਟਣ ਲਈ ਪੰਜਾਬ ਦੇ ਨਸ਼ਿਆਂ ਦੇ ਸੰਕਟ ਅਤੇ ਪੀੜਤ ਪਰਿਵਾਰਾਂ ਦੇ ਦੁੱਖ-ਦਰਦ ਦਾ ਫਾਇਦਾ ਚੁੱਕਣ ਦੀ ਬਜਾਏ ਆਪਣੇ ਸਾਲਾਂ ਦੇ ਸ਼ਾਸਨ ਦੌਰਾਨ ਨਸ਼ਾ ਤਸਕਰੀ ਨੂੰ ਰੋਕਣ ’ਚ ਆਪਣੀ ਨਾਕਾਮੀ ਦਾ ਜਵਾਬ ਦੇਣ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ’ਚ ਨਾਕਾਮ ਕਿਉਂ ਰਹੀ। ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ
ਸਫ਼ਾ 1 ਦੀ ਬਾਕੀ
ਨਸ਼ਿਆਂ ਦੇ ਮੁੱਖ ਸਰੋਤਾਂ ’ਤੇ ਰੋਕ ਲਾਉਣ, ਸਰਹੱਦਾਂ ਨੂੰ ਸੁਰੱਖਿਅਤ ਕਰਨ ਅਤੇ ਤਸਕਰੀ ਦੇ ਨੈੱਟਵਰਕ ਵਿਰੁੱਧ ਕਾਰਵਾਈ ਕਰਨ ਵਿਚ ਅਸਫਲ ਰਹਿਣ ’ਤੇ ਸਵਾਲ ਚੁੱਕੇ। ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪਾਈ ਪੋਸਟ ’ਚ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜ ਰਹੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅਸੀਂ ਹਰ ਸਮੇਂ ਡਟ ਕੇ ਖੜ੍ਹੇ ਹਾਂ। ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਅਸੀਂ ਇਹ ਕੇਸ ਸੀ.ਬੀ.ਆਈ. ਨੂੰ ਸੌਂਪ ਰਹੇ ਹਾਂ। ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਸਾਡੀ ਲੜਾਈ ਆਰ-ਪਾਰ ਦੀ ਹੈ। ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਸਾਨੂੰ ਜੋ ਵੀ ਸਖ਼ਤ ਕਦਮ ਚੁੱਕਣਾ ਪਿਆ, ਅਸੀਂ ਪਿੱਛੇ ਨਹੀਂ ਹਟਾਂਗੇ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ’ਚ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਦੇ ਇਸ ਬਿਆਨ ਨੂੰ ਨਸ਼ਿਆਂ ਵਿਰੁੱਧ ਸਰਕਾਰ ਦੀ ਕਾਰਵਾਈ ਨੂੰ ਹੋਰ ਸਖ਼ਤ ਕਰਨ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਦੇਸ਼ ਦੇ ਗ੍ਰਹਿ ਮੰਤਰੀ ਹਨ ਅਤੇ ਉਹ ਜਦੋਂ ਚਾਹੁਣ ਪੰਜਾਬ ਆ ਸਕਦੇ ਹਨ, ਪਰ ਪੰਜਾਬ ਨੂੰ ਬਚਾਉਣ ਦੇ ਨਾਂਅ ’ਤੇ ਸਿਆਸੀ ਪ੍ਰਚਾਰ ਕਰਨ ਦੀ ਬਜਾਏ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। ਉਨ੍ਹਾਂ ਸਵਾਲ ਕੀਤਾ ਕਿ 2007 ਤੋਂ 2017 ਤੱਕ ਪੰਜਾਬ ’ਚ ਅਕਾਲੀ ਦਲ ਨਾਲ ਗੱਠਜੋੜ ਸਰਕਾਰ ਦੌਰਾਨ ਨਸ਼ਿਆਂ ਦਾ ਕਾਰੋਬਾਰ ਵਧਣ ਸਮੇਂ ਨਸ਼ਾ ਤਸਕਰਾਂ ਵਿਰੁੱਧ ਠੋਸ ਕਾਰਵਾਈ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿਚ ਸੀ.ਬੀ.ਆਈ. ਜਾਂਚ ਦੀ ਮੰਗ ਉੱਠਣ ਦੇ ਬਾਵਜੂਦ ਜਾਂਚ ਨਹੀਂ ਕਰਵਾਈ ਗਈ। ਉਨ੍ਹਾਂ ਇਹ ਵੀ ਪੁੱਛਿਆ ਕਿ 2014 ’ਚ ਕੇਂਦਰ ਵਿਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਕਿਉਂ ਨਹੀਂ ਚੁੱਕੇ ਗਏ।
ਕਾਂਡਲਾ ਬੰਦਰਗਾਹ ਅਤੇ ਗੁਆਂਢੀ ਸੂਬਿਆਂ ਦੀ ਸਥਿਤੀ ਬਾਰੇ ਚੁੱਕੇ ਸਵਾਲ
ਭਗਵੰਤ ਮਾਨ ਨੇ ਕਿਹਾ ਕਿ ਰਾਜਸਥਾਨ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਹੈ, ਜਦਕਿ ਹਰਿਆਣਾ ’ਚ ਗੈਂਗਸਟਰਾਂ ਦੀਆਂ ਸਰਗਰਮੀਆਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਗੁਜਰਾਤ ਦੀ ਕਾਂਡਲਾ ਬੰਦਰਗਾਹ ਤੋਂ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਫੜੇ ਜਾਣ ਦਾ ਜ਼ਿਕਰ ਕਰਦਿਆਂ ਕੇਂਦਰ ਸਰਕਾਰ ਤੋਂ ਪੁੱਛਿਆ ਕਿ ਨਸ਼ਿਆਂ ਦੀ ਤਸਕਰੀ ਦੇ ਅਜਿਹੇ ਰਸਤਿਆਂ ਨੂੰ ਬੰਦ ਕਰਨ ਲਈ ਕੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕਣ ਵਾਲੀ ਭਾਜਪਾ ਨੂੰ ਆਪਣੇ ਸ਼ਾਸਿਤ ਸੂਬਿਆਂ ’ਚ ਅਪਰਾਧ ਅਤੇ ਗੈਂਗਸਟਰਵਾਦ ਦੀ ਸਥਿਤੀ ਬਾਰੇ ਵੀ ਜਵਾਬ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਪਾਕਿਸਤਾਨ ਨਾਲ ਲਗਦੀ ਪੰਜਾਬ ਦੀ 532 ਕਿਲੋਮੀਟਰ ਲੰਬੀ ਸਰਹੱਦ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਗ੍ਰਹਿ ਮੰਤਰੀ ਨਾਲ ਮੀਟਿੰਗਾਂ ਦੌਰਾਨ ਸਰਹੱਦ ’ਤੇ ਐਂਟੀ-ਡਰੋਨ ਪ੍ਰਣਾਲੀ ਲਗਾਉਣ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਬੀ.ਐੱਸ.ਐੱਫ. ਨਾਲ ਤਾਲਮੇਲ ਕਰਕੇ ਇਸ ਦਿਸ਼ਾ ਵਿਚ ਕਦਮ ਚੁੱਕੇ ਹਨ, ਪਰ ਕੇਂਦਰ ਸਰਕਾਰ ਵਲੋਂ ਉਮੀਦ ਮੁਤਾਬਕ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਕੇਂਦਰ ਅਤੇ ਸੂਬਾ ਸਰਕਾਰ ਨੂੰ ਮਿਲ ਕੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ।
ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦਾ ਵੀ ਚੁੱਕਿਆ ਮੁੱਦਾ
ਮੁੱਖ ਮੰਤਰੀ ਨੇ ਕਿਸਾਨ ਅੰਦੋਲਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਲੰਬੇ ਸਮੇਂ ਤੱਕ ਚੱਲੇ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨਾਂ ਦੀ ਮੌਤ ਹੋਈ ਸੀ। ਉਨ੍ਹਾਂ ਸਵਾਲ ਕੀਤਾ ਕਿ ਕੇਂਦਰ ਸਰਕਾਰ ਨੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਣ ਅਤੇ ਉਨ੍ਹਾਂ ਦੀ ਸਾਰ ਲੈਣ ਲਈ ਕੀ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਮੁਆਵਜ਼ਾ ਦੇਣ ਦੇ ਨਾਲ ਸਰਕਾਰੀ ਨੌਕਰੀਆਂ ਵੀ ਮੁਹੱਈਆ ਕਰਵਾਈਆਂ। ਉਨ੍ਹਾਂ ਮੁੰਬਈ ’ਚ ਇਕ ਫ਼ਿਲਮ ਅਦਾਕਾਰ ’ਤੇ ਹੋਈ ਗੋਲੀਬਾਰੀ ਦੀ ਘਟਨਾ ਦਾ ਹਵਾਲਾ ਦਿੰਦਿਆਂ ਵੀ ਭਾਜਪਾ ਸ਼ਾਸਿਤ ਸੂਬਿਆਂ ’ਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਸਵਾਲ ਉਠਾਏ। ਉਨ੍ਹਾਂ ਗੰਭੀਰ ਅਪਰਾਧਾਂ ’ਚ ਸ਼ਾਮਿਲ ਗੈਂਗਸਟਰਾਂ ਦੀਆਂ ਜੇਲ੍ਹਾਂ ’ਚੋਂ ਸਰਗਰਮੀਆਂ ਅਤੇ ਵੱਖ-ਵੱਖ ਮਾਮਲਿਆਂ ’ਚ ਜ਼ਿੰਮੇਵਾਰੀ ਲੈਣ ਦੇ ਮੁੱਦੇ ’ਤੇ ਵੀ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ।
ਪੰਜਾਬ ਦੇ ਹੱਕਾਂ ਬਾਰੇ ਵੀ ਕੇਂਦਰ ਨੂੰ ਘੇਰਿਆ
ਮੁੱਖ ਮੰਤਰੀ ਨੇ ਚੰਡੀਗੜ੍ਹ, ਪੰਜਾਬ ਦੇ ਪਾਣੀਆਂ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐੱਮ.ਬੀ.) ’ਚ ਸੂਬੇ ਦੀ ਹਿੱਸੇਦਾਰੀ ਨਾਲ ਜੁੜੇ ਮੁੱਦੇ ਵੀ ਉਠਾਏ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੇ ਹੱਕਾਂ ਦੀ ਗੱਲ ਆਉਂਦੀ ਹੈ ਤਾਂ ਭਾਜਪਾ ਸੂਬੇ ਦੀ ਚਿੰਤਾ ਨਹੀਂ ਕਰਦੀ, ਪਰ ਚੋਣਾਂ ਨੇੜੇ ਆਉਣ ’ਤੇ ਪੰਜਾਬ ਨੂੰ ਬਚਾਉਣ ਦੇ ਨਾਅਰੇ ਦਿੱਤੇ ਜਾਣ ਲਗਦੇ ਹਨ। ਝੋਟਾ ਕਤਲ ਮਾਮਲੇ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਲਈ ਤਿਆਰ ਹੈ ਤੇ ਉਸ ਨੂੰ ਕੇਂਦਰੀ ਜਾਂਚ ਏਜੰਸੀ ਵਲੋਂ ਜਾਂਚ ਕੀਤੇ ਜਾਣ ’ਤੇ ਕੋਈ ਇਤਰਾਜ਼ ਨਹੀਂ। ਉਨ੍ਹਾਂ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੌਰੇ ਦੌਰਾਨ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਨਸ਼ਿਆਂ ਕਾਰਨ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਣ ਅਤੇ ਉਨ੍ਹਾਂ ਦੇ ਦੁੱਖ ’ਚ ਸ਼ਾਮਿਲ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਕਿਸਾਨ ਅੰਦੋਲਨ ਦੌਰਾਨ ਵਾਪਰੀਆਂ ਘਟਨਾਵਾਂ ਨੂੰ ਭੁੱਲੇ ਨਹੀਂ ਹਨ।