22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਨਸ਼ਾ ਤਸਕਰੀ ਦੇ ਮਾਮਲਿਆਂ ’ਚ 1.27 ਲੱਖ ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ-ਡੀ.ਜੀ.ਪੀ.

‘ਪੁਲਿਸ ਯਾਦਗਾਰ ਦਿਵਸ’ ਮੌਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ ਜਤਿੰਦਰ ਪੰਮੀ ਜਲੰਧਰ, 21 ਅਕਤੂਬਰ-ਪੰਜਾਬ ਪੁਲਿਸ ਵਲੋਂ ਸੂਬੇ ’ਚ ਨਸ਼ਾ ਤਸਕਰੀ, ਗੈਂਗਸਟਰਾਂ ਤੇ ਅੱਤਵਾਦੀ ਨੈੱਟਵਰਕਾਂ ਖ਼ਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਮਾਰਚ 2022 ਤੋਂ ਲੈ ਕੇ ਹੁਣ ਤੱਕ ਐੱਨ.ਡੀ.ਪੀ.ਐੱਸ. ਐਕਟ ਤਹਿਤ 95 ...

Ad Position 21
No active advertisement
ਅਜੀਤ ਡੈਸਕ 22-10-2026

ਜਤਿੰਦਰ ਪੰਮੀ
ਜਲੰਧਰ, 21 ਅਕਤੂਬਰ-ਪੰਜਾਬ ਪੁਲਿਸ ਵਲੋਂ ਸੂਬੇ ’ਚ ਨਸ਼ਾ ਤਸਕਰੀ, ਗੈਂਗਸਟਰਾਂ ਤੇ ਅੱਤਵਾਦੀ ਨੈੱਟਵਰਕਾਂ ਖ਼ਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਮਾਰਚ 2022 ਤੋਂ ਲੈ ਕੇ ਹੁਣ ਤੱਕ ਐੱਨ.ਡੀ.ਪੀ.ਐੱਸ. ਐਕਟ ਤਹਿਤ 95 ਹਜ਼ਾਰ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ ਤੇ 1 ਲੱਖ 27 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਮੇਂ ਦੌਰਾਨ 7,200 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕਰਨ ਦੇ ਨਾਲ-ਨਾਲ 902 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਇਹ ਪ੍ਰਗਟਾਵਾ ਡੀ.ਜੀ.ਪੀ. ਗੌਰਵ ਯਾਦਵ ਨੇ ਅੱਜ ਪੀ. ਏ. ਪੀ. ਵਿਖੇ ਪੁਲਿਸ ਯਾਦਗਾਰੀ ਦਿਵਸ ਮੌਕੇ ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਐਨ.ਡੀ.ਪੀ.ਐੱਸ. ਮਾਮਲਿਆਂ ’ਚ ਸੂਬੇ ਵਿਚ 90 ਫ਼ੀਸਦੀ ਸਜ਼ਾ ਦਰ ਹੈ ਜੋ ਕਿ ਪੂਰੇ ਦੇਸ਼ ਦੇ ਬਾਕੀ ਸੂਬਿਆਂ ਨਾਲੋਂ ਵੱਧ ਹੈ।

ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕਾਂ ਨੂੰ ਤੋੜਨ ਲਈ ਤਸਕਰਾਂ ਦੀ ਗ੍ਰਿਫ਼ਤਾਰੀ ਦੇ ਨਾਲ-ਨਾਲ ਉਨ੍ਹਾਂ ਨੂੰ ਵਿੱਤੀ ਸਹਾਇਤਾ ਦੇਣ ਵਾਲੇ ਸਰੋਤਾਂ ਅਤੇ ਜਾਇਦਾਦਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ 60 ਦਿਨਾਂ ਦੀ ਵਿਸ਼ੇਸ਼ ਮੁਹਿੰਮ ਚਲਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਤਹਿਤ ਨਸ਼ਾ ਪ੍ਰਭਾਵਿਤ ਇਲਾਕਿਆਂ ਦੀ ਪਛਾਣ ਕਰਕੇ ਨਸ਼ਾ ਵੇਚਣ ਅਤੇ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਸ ਮੁਹਿੰਮ ’ਚ ਪੁਲਿਸ ਦੇ ਨਾਲ ਸਿਹਤ, ਸਿੱਖਿਆ ਤੇ ਖੇਡ ਵਿਭਾਗਾਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ। ਨਸ਼ਾ ਪ੍ਰਭਾਵਿਤ ਇਲਾਕਿਆਂ ’ਚ ਖੇਡ ਮੈਦਾਨਾਂ ਦੀ ਉਸਾਰੀ, ਸਟਰੀਟ ਲਾਈਟਾਂ ਅਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਨਾਲ-ਨਾਲ ਨਸ਼ਾ ਛੁਡਾਊ ਇਲਾਜ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਨੂੰ ਮਜ਼ਬੂਤ ਕਰਨ ’ਤੇ ਵੀ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਵਲੋਂ ਹੁਣ ਤੱਕ ਵੱਖ-ਵੱਖ ਸੰਗਠਿਤ ਅਪਰਾਧਿਕ ਗਰੋਹਾਂ ਦੇ 3,526 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 1,288 ਗੈਂਗਸਟਰ ਮੋਡਿਊਲਾਂ ਖ਼ਿਲਾਫ਼ ਕਾਰਵਾਈ ਕਰਦਿਆਂ 2,507 ਹਥਿਆਰ ਅਤੇ 752 ਵਾਹਨ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵਲੋਂ 86 ਅੱਤਵਾਦੀ ਮੋਡਿਊਲਾਂ ਦਾ ਪਰਦਾਫਾਸ਼ ਕਰਕੇ 660 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ

। ਇਨ੍ਹਾਂ ਕਾਰਵਾਈਆਂ ਦੌਰਾਨ 38 ਆਈ.ਈ.ਡੀਜ਼., 131 ਹੈਂਡ ਗ੍ਰਨੇਡ, 28 ਕਿਲੋਗ੍ਰਾਮ ਆਰ.ਡੀ.ਐਕਸ. ਅਤੇ ਛੇ ਰਾਕੇਟ ਲਾਂਚਰ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਅਤੇ ਅੱਤਵਾਦੀ ਨੈੱਟਵਰਕਾਂ ਖ਼ਿਲਾਫ਼ ਬੀ.ਐੱਸ.ਐੱਫ. ਤੇ ਹੋਰ ਸੁਰੱਖਿਆ ਏਜੰਸੀਆਂ ਨਾਲ ਤਾਲਮੇਲ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਡੀ.ਜੀ.ਪੀ. ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਆਧੁਨਿਕੀਕਰਨ ਲਈ ਇਮਾਰਤਾਂ, ਆਧੁਨਿਕ ਉਪਕਰਨਾਂ ਅਤੇ ਸਾਫਟਵੇਅਰ ਸਮੇਤ ਵੱਖ-ਵੱਖ ਖੇਤਰਾਂ ਵਿੱਚ 1,600 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਗਿਆ ਹੈ।

ਨਾਲ ਹੀ ਸਾਈਬਰ ਅਪਰਾਧਾਂ ਨਾਲ ਨਜਿੱਠਣ ਲਈ ਪੁਲਿਸ ਦੀ ਸਮਰੱਥਾ ਵਧਾਉਣ ਅਤੇ ਆਧੁਨਿਕ ਤਕਨੀਕ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ’ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਪ੍ਰਭਾਵਿਤ ਇਲਾਕਿਆਂ ਦੇ ਮੁੜ ਵਿਕਾਸ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨਾਲ ਵਿਸ਼ੇਸ਼ ਡੀ. ਜੀ. ਪੀ. ਗੁਰਪ੍ਰੀਤ ਕੌਰ ਦਿਓ, ਵਿਸ਼ੇਸ਼ ਡੀ. ਜੀ. ਪੀ. ਪੀ. ਕੇ. ਸਿਨਹਾ, ਏ. ਡੀ. ਜੀ. ਪੀ. ਪੀ. ਏ. ਪੀ. ਐੱਮ. ਐੱਫ. ਫਰੂਕੀ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਪੁਲਿਸ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀਆਂ ਦੁੱਖ-ਤਕਲੀਫਾਂ ਵੀ ਸੁਣੀਆਂ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਅੱਪਰਾ ਵਿਖੇ ਉਤਸ਼ਾਹ ਨਾਲ ਮਨਾਇਆ ਦੁਸਹਿਰਾ ਤੇ ਸੱਭਿਆਚਾਰਕ ਮੇਲਾ
Ad Position 24