ਧੂਰੀ, 25 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਪ੍ਰਮੁੱਖ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਸੁਧਾਰ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਸਰਕਾਰ ਵੱਲੋਂ ਨੌਜਵਾਨਾਂ ਲਈ ਭਵਿੱਖ ਦੇ ਨਵੇਂ ਰਾਹ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਰਿਸ਼ਵਤ ਤੇ ਫ਼ਰਮਾਇਸ਼ ਤੋਂ ਬਿਨਾਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ 70,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਧੂਰੀ ਦੇ ਪਿੰਡ ਬਰੜਵਾਲ ਸਥਿਤ ਦੇਸ਼ ਭਗਤ ਕਾਲਜ ਵਿਚ ਯੁਵਕ ਮੇਲੇ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਿੱਖਿਆ ਤੇ ਸਖ਼ਤ ਮਿਹਨਤ ’ਤੇ ਧਿਆਨ ਕੇਂਦਰਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪੰਜਾਬ ਨੂੰ ਅਜਿਹੇ ਚੁਣੇ ਹੋਏ ਨੁਮਾਇੰਦਿਆਂ ਦੀ ਲੋੜ ਹੈ ਜੋ ਲੋਕਾਂ ਦੇ ਦੁੱਖਾਂ ਅਤੇ ਸਮੱਸਿਆਵਾਂ ਨੂੰ ਸਮਝ ਸਕਣ। ਇਸ ਮੌਕੇ ਦੀਆਂ ਕੁਝ ਯਾਦਾਂ ਸਾਂਝੀਆਂ ਕਰਦਿਆਂ, ਮੁੱਖ ਮੰਤਰੀ ਭਗਵੰਤ ਮਾਨ ਨੇ ‘ਐਕਸ’ ’ਤੇ ਲਿਖਿਆ ਕਿ ਅੱਜ ਮੈਨੂੰ ਧੂਰੀ ਹਲਕੇ ਦੇ ਪਿੰਡ ਬਰੜਵਾਲ ਸਥਿਤ ਦੇਸ਼ ਭਗਤ ਕਾਲਜ ਵਿਖੇ ਕਰਵਾਏ ਖੇਤਰੀ ਯੁਵਕ ਮੇਲੇ ਦੌਰਾਨ ਨੌਜਵਾਨਾਂ ਨਾਲ ਰੂਬਰੂ ਹੋਣ ਦਾ ਮੌਕਾ ਮਿਲਿਆ। ਉਨ੍ਹਾਂ ਦੇ ਉਤਸ਼ਾਹ ਤੇ ਕਲਾਤਮਕ ਹੁਨਰ ਨੂੰ ਦੇਖ ਕੇ ਮੈਨੂੰ ਆਪਣੇ ਸ਼ੁਰੂਆਤੀ ਦਿਨਾਂ ਦੀ ਯਾਦ ਆ ਗਈ, ਕਿਉਂਕਿ ਮੇਰਾ ਸਫ਼ਰ ਵੀ ਅਜਿਹੇ ਹੀ ਮੰਚਾਂ ਤੋਂ ਸ਼ੁਰੂ ਹੋਇਆ ਸੀ। ਨੌਜਵਾਨਾਂ ਨੂੰ ਮੇਰੀ ਸਲਾਹ ਹੈ ਕਿ ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲੈਣਾ ਹੀ ਆਪਣੇ ਆਪ ’ਚ ਸਭ ਤੋਂ ਵੱਡੀ ਜਿੱਤ ਹੈ। ਜਿਹੜੇ ਜਿੱਤਦੇ ਹਨ, ਉਨ੍ਹਾਂ ਨੂੰ ਨਿਮਰ ਰਹਿਣਾ ਚਾਹੀਦਾ ਹੈ ਅਤੇ ਜਿਹੜੇ ਹਾਰ ਜਾਂਦੇ ਹਨ ਉਨ੍ਹਾਂ ਨੂੰ ਹੋਰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਯੁਵਕ ਮੇਲੇ ’ਚ 39 ਕਾਲਜਾਂ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਦੇਖ ਦੇ ਬੇਹੱਦ ਖੁਸ਼ੀ ਪ੍ਰਗਟ ਕੀਤੀ। ਇਸ ਦੌਰਾਨ ਚਾਰ ਪੜਾਵਾਂ ’ਚ 60 ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਉਨ੍ਹਾਂ ਨੇ ਕਈ ਦਹਾਕਿਆਂ ਤੋਂ ਯੁਵਕ ਮੇਲੇ ਕਰਵਾਉਣ ’ਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੇ ਇਸ ਦੇ ਯੁਵਕ ਭਲਾਈ ਵਿਭਾਗ ਦੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਯੁਵਕ ਮੇਲਾ ਨੌਜਵਾਨ ਪ੍ਰਤਿਭਾ ਦਾ ਜਸ਼ਨ ਹੈ, ਪੰਜਾਬ ਦੀ ਸੱਭਿਆਚਾਰਕ ਅਮੀਰੀ ਨੂੰ ਸਮਰਪਿਤ ਹੈ ਅਤੇ ਇਹ ਯਾਦ ਦਿਵਾਉਂਦਾ ਹੈ ਕਿ ਜਦੋਂ ਨੌਜਵਾਨਾਂ ਨੂੰ ਸਹੀ ਮੰਚ, ਉਤਸ਼ਾਹ ਅਤੇ ਮੌਕੇ ਦਿੱਤੇ ਜਾਂਦੇ ਹਨ ਤਾਂ ਉਹ ਮਜ਼ਬੂਤ, ਵਧੇਰੇ ਜੀਵੰਤ ਤੇ ‘ਰੰਗਲਾ ਪੰਜਾਬ’ ਸਿਰਜਣ ਵਿਚ ਅਹਿਮ ਭੂਮਿਕਾ ਨਿਭਾ ਸਕਦੇ ਹਨ।
ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਿਤ ਕਰ ਰਹੇ ਹਾਂ-ਮੁੱਖ ਮੰਤਰੀ
70,000 ਤੋਂ ਵੱਧ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ ਧੂਰੀ, 25 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਪ੍ਰਮੁੱਖ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਸੁਧਾਰ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ...
ਅਜੀਤ ਡੈਸਕ
26-10-2026