17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਅਕਾਲੀ-ਭਾਜਪਾ ਗੱਠਜੋੜ ਬਾਰੇ ਫ਼ੈਸਲਾ ਪ੍ਰਧਾਨ ਮੰਤਰੀ ਜਾਂ ਗ੍ਰਹਿ ਮੰਤਰੀ ਹੀ ਕਰਨਗੇ-ਪਾਟਿਲ

ਅਕਾਲੀ-ਭਾਜਪਾ ਗੱਠਜੋੜ ਬਾਰੇ ਫ਼ੈਸਲਾ ਪ੍ਰਧਾਨ ਮੰਤਰੀ ਜਾਂ ਗ੍ਰਹਿ ਮੰਤਰੀ ਹੀ ਕਰਨਗੇ-ਪਾਟਿਲ

Ad Position 21
No active advertisement
ਅਜੀਤ ਡੈਸਕ 18-11-2026

ਚੰਡੀਗੜ੍ਹ, 17 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਵਿਚਾਲੇ ਮੁੜ ਸਿਆਸੀ ਗੱਠਜੋੜ ਹੋਣ ਦੇ ਚਰਚਿਆਂ ਨੂੰ ਲੈ ਕੇ ਕੇਂਦਰੀ ਜਲ ਸ਼ਕਤੀ ਮੰਤਰੀ ਅਤੇ ਪੰਜਾਬ ਦੇ ਚੋਣ ਇੰਚਾਰਜ ਸੀ.ਆਰ. ਪਾਟਿਲ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਇਸ ਮੁੱਦੇ ’ਤੇ ਸੁਖਬੀਰ ਸਿੰਘ ਬਾਦਲ ਨਾਲ ਕੋਈ ਗੱਲਬਾਤ ਜਾਂ ਮੁਲਾਕਾਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਮੀਡੀਆ ’ਚ ਚੱਲ ਰਹੀਆਂ ਖ਼ਬਰਾਂ ਦਾ ਹਕੀਕਤ ਨਾਲ ਕੋਈ ਸੰਬੰਧ ਨਹੀਂ ਹੈ। ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਹੋਣ ਦੀਆਂ ਖ਼ਬਰਾਂ ਸਿਰਫ਼ ਮੀਡੀਆ ਦੀ ਉਪਜ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਗੱਠਜੋੜ ਬਾਰੇ ਕੋਈ ਵੀ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਹੀ ਲਿਆ ਜਾਣਾ ਹੈ। ਉਹ ਅੱਜ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਮਿਲਣ ਲਈ ਪਹੁੰਚੇ ਸਨ। ਪੰਜਾਬ ਭਾਜਪਾ ਦਫ਼ਤਰ ਪਹੁੰਚਣ ’ਤੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਸਵਾਗਤ ਕੀਤਾ। ਇਸ ਮੌਕੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ, ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਡਾ. ਸੁਭਾਸ਼ ਸ਼ਰਮਾ, ਮੀਡੀਆ ਮੁਖੀ ਵਿਨੀਤ ਜੋਸ਼ੀ, ਸੁਖਵਿੰਦਰ ਸਿੰਘ ਪਰਮਾਰ ਸੂਬਾ ਦਫ਼ਤਰ ਸਕੱਤਰ ਅਤੇ ਐਕਸ ਸਰਵਿਸਮੈਨ ਸੈੱਲ ਦੇ ਸੂਬਾ ਕੋ-ਕਨਵੀਨਰ ਹਲਕਾ ਭਦੌੜ ਦੇ ਇੰਚਾਰਜ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ। ਪਾਟਿਲ ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲੀ ਵਾਰ ਪੰਜਾਬ ਆਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੂੰ ਮਹਿਸੂਸ ਹੋ ਰਿਹਾ ਹੈ ਕਿ ਪੰਜਾਬ ਆਉਣ ਵਿਚ ਉਨ੍ਹਾਂ ਨੇ ਕਾਫ਼ੀ ਦੇਰੀ ਕਰ ਦਿੱਤੀ ਹੈ ਅਤੇ ਉਨ੍ਹਾਂ ਨੂੰ ਬਹੁਤ ਪਹਿਲਾਂ ਇਥੇ ਆਉਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦਾ ਪੰਜਾਬ ਭਾਜਪਾ ਦਫ਼ਤਰ ਆਉਣ ਦਾ ਮੁੱਖ ਮਕਸਦ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਨਾ ਹੈ। ਕਾਂਗਰਸ ਵਲੋਂ ਵੱਖ-ਵੱਖ ਮੁੱਦਿਆਂ ’ਤੇ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਏ ਜਾਣ ਬਾਰੇ ਸਵਾਲ ਦੇ ਜਵਾਬ ’ਚ ਪਾਟਿਲ ਨੇ ਕਿਹਾ ਕਿ ਕਾਂਗਰਸ ਨੂੰ ਹਰ ਗੱਲ ’ਚ ਦਿਖਾਵਾ ਹੀ ਨਜ਼ਰ ਆਉਂਦਾ ਹੈ, ਜਦਕਿ ਦੇਸ਼ ਭਰ ’ਚ ਜਨਗਣਨਾ ਦੌਰਾਨ ਜਿਸ ਪਾਰਦਰਸ਼ੀ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ, ਉਸ ਵਿਚ ਕਿਸੇ ਲਈ ਵੀ ਗ਼ਲਤ ਤਰੀਕੇ ਨਾਲ ਕੰਮ ਕਰਨਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਕਿਰਿਆਵਾਂ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਈ ਜਾ ਰਹੀ ਹੈ ਅਤੇ ਬਿਨਾਂ ਸਬੂਤਾਂ ਦੇ ਇਨ੍ਹਾਂ ’ਤੇ ਸਵਾਲ ਚੁੱਕਣ ਦੀ ਬਜਾਏ ਤੱਥਾਂ ਦੇ ਆਧਾਰ ’ਤੇ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ’ਚ ਕਿਸੇ ਸਿਆਸੀ ਪਾਰਟੀ ਦੇ ਵਰਕਰਾਂ ਦੀ ਕੋਈ ਭੂਮਿਕਾ ਨਹੀਂ ਹੈ, ਸਗੋਂ ਇਹ ਕੰਮ ਸਰਕਾਰੀ ਅਧਿਕਾਰੀਆਂ ਵਲੋਂ ਕੀਤਾ ਜਾ ਰਿਹਾ ਹੈ। ਜੇਕਰ ਕਾਂਗਰਸ ਕੋਲ ਜਨਗਣਨਾ ਦੀ ਪ੍ਰਕਿਰਿਆ ਸੰਬੰਧੀ ਕਿਸੇ ਤਰ੍ਹਾਂ ਦੀ ਗੜਬੜੀ ਜਾਂ ਬੇਨਿਯਮੀ ਹੋਣ ਦਾ ਕੋਈ ਠੋਸ ਸਬੂਤ ਹੈ ਤਾਂ ਉਸ ਨੂੰ ਸਾਹਮਣੇ ਲਿਆਉਣਾ ਚਾਹੀਦਾ ਹੈ। ਪਾਟਿਲ ਨੇ ਦੋਸ਼ ਲਗਾਇਆ ਕਿ ਕਾਂਗਰਸ ਬਿਨਾਂ ਤੱਥਾਂ ਦੇ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਬਿਲਕਿਸ ਬਾਨੋ ਨੇ ਛੱਡਿਆ ਗੁਜਰਾਤ ਕਿਹਾ, ਅੱਜ ਫਿਰ ਡਰ ਸਤਾ ਰਿਹੈ ਅਗਲੀ ਖ਼ਬਰ ਸਿੱਖ ਵਿਰਾਸਤ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ-ਭਾਜਪਾ ਆਗੂ
Ad Position 24