18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਗੁਰੂ ਰਵਿਦਾਸ ਜੀ ਦੇ ਸਮਾਨਤਾ ਤੇ ਸਦਭਾਵਨਾ ਦੇ ਸੰਦੇਸ਼ ਨੂੰ ‘ਜਨ-ਜਨ’ ਤੱਕ ਪਹੁੰਚਾਏਗੀ ‘ਸਮਰਸਤਾ ਸੰਕਲਪ ਯਾਤਰਾ’-ਨਿਤਿਨ ਨਬੀਨ

ਗੁਰੂ ਰਵਿਦਾਸ ਜੀ ਦੇ ਸਮਾਨਤਾ ਤੇ ਸਦਭਾਵਨਾ ਦੇ ਸੰਦੇਸ਼ ਨੂੰ ‘ਜਨ-ਜਨ’ ਤੱਕ ਪਹੁੰਚਾਏਗੀ ‘ਸਮਰਸਤਾ ਸੰਕਲਪ ਯਾਤਰਾ’-ਨਿਤਿਨ ਨਬੀਨ

Ad Position 21
No active advertisement
ਅਜੀਤ ਡੈਸਕ 19-11-2026

*ਸੰਤਾਂ-ਮਹਾਂਪੁਰਸ਼ਾਂ ਦੀ ਹਾਜ਼ਰੀ ’ਚ ਜਲੰਧਰ ਤੋਂ ਝੰਡੀ ਦੇ ਕੇ ਕੀਤਾ ਰਵਾਨਾ *ਸੱਤਾਧਾਰੀ ‘ਆਪ’ ਤੇ ਕਾਂਗਰਸ ਦੀ ਕੀਤੀ ਸਖ਼ਤ ਆਲੋਚਨਾ

ਜਸਪਾਲ ਸਿੰਘ, ਸ਼ਿਵ ਸ਼ਰਮਾ
ਜਲੰਧਰ, 18 ਨਵੰਬਰ-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ ਨੂੰ ਸਮਰਪਿਤ 16 ਦਿਨਾ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ ਅੱਜ ਇਥੇ ਰਾਏਪੁਰ-ਰਸੂਲਪੁਰ (ਨੇੜੇ ਡੇਰਾ ਸੱਚਖੰਡ ਬੱਲਾਂ) ਤੋਂ ਕਰਦਿਆਂ ਕਿਹਾ ਕਿ ਇਹ ਯਾਤਰਾ ਗੁਰੂ ਰਵਿਦਾਸ ਜੀ ਦੇ ਸਮਾਨਤਾ ਤੇ ਸਦਭਾਵਨਾ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਅਤੇ ਸਮਾਜ ਨੂੰ ਜੋੜਨ ਦਾ ਕੰਮ ਕਰੇਗੀ। ਇਸ ਮੌਕੇ ਉਹ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਕੋਲੋਂ ਆਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਨਾਲ ‘ਸਮਰਸਤਾ ਸੰਕਲਪ ਯਾਤਰਾ’ ਦੇ ਕਨਵੀਨਰ ਲਾਲ ਸਿੰਘ ਆਰੀਆ, ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਦੇ ਇੰਚਾਰਜ ਡਾ. ਸਤੀਸ਼ ਪੂਨੀਆ, ਸੀਨੀਅਰ ਆਗੂ ਤਰੁਣ ਚੁੱਘ, ਵਿਜੇ ਸਾਂਪਲਾ, ਸੋਮ ਪ੍ਰਕਾਸ਼, ਮਨਪ੍ਰੀਤ ਸਿੰਘ ਬਾਦਲ, ਤੇਜਿੰਦਰ ਸਿੰਘ ਬਿੱਟੂ, ਪਰਮਿੰਦਰ ਸਿੰਘ ਬਰਾੜ ਤੇ ਹੋਰ ਪ੍ਰਮੁੱਖ ਆਗੂ ਵੀ ਮੌਜੂਦ ਸਨ। ਬਾਅਦ ’ਚ ਉਨ੍ਹਾਂ ਇਕ ਪ੍ਰਭਾਵਸ਼ਾਲੀ ਰੈਲੀ ਦੌਰਾਨ ਸੰਤਾਂ-ਮਹਾਂਪੁਰਸ਼ਾਂ ਤੇ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ’ਚ ਯਾਤਰਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਤੇ ਦੱਸਿਆ ਕਿ ਇਹ ਸਮਰਸਤਾ ਸੰਕਲਪ ਯਾਤਰਾ 16 ਦਿਨਾਂ ’ਚ 2500 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ ਅਤੇ ਇਹ ਯਾਤਰਾ 7 ਰਾਜਾਂ ਦੇ 47 ਸ਼ਹਿਰਾਂ ’ਚੋਂ ਹੁੰਦੀ ਹੋਈ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਸੀਰ ਗੋਵਰਧਨ ਕਾਸ਼ੀ ਵਾਰਾਣਸੀ ਵਿਖੇ ਜਾ ਕੇ ਸਮਾਪਤ ਹੋਵੇਗੀ। ਰੈਲੀ ਨੂੰ ਸੰਬੋਧਨ ਕਰਦਿਆਂ ਨਿਤਿਨ ਨਬੀਨ ਕਿਹਾ ਕਿ ਡੇਰਾ ਸੱਚਖੰਡ ਬੱਲਾਂ ਤੋਂ ਸਮਰਸਤਾ ਸੰਕਲਪ ਯਾਤਰਾ ਦੀ ਸ਼ੁਰੂਆਤ ਕਰਨਾ ਉਨ੍ਹਾਂ ਲਈ ਬਹੁਤ ਮਾਣ ਤੇ ਸੁਭਾਗ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਦੀਆਂ ਪਹਿਲਾਂ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਭਾਈਚਾਰਕ ਸਾਂਝ, ਆਪਸੀ ਪਿਆਰ ਤੇ ਸਮਾਜਿਕ ਨਿਆਂ ਦਾ ਜੋ ਸੰਦੇਸ਼ ਦਿੱਤਾ, ਉਹ ਅੱਜ ਵੀ ਸਾਰਥਕ ਹੈ। ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਸਾਨੂੰ ਜਾਤ-ਪਾਤ, ਛੂਆ-ਛਾਤ, ਊਚ-ਨੀਚ ਤੇ ਸਮਾਜਿਕ ਵੰਡ ਤੋਂ ਉੱਪਰ ਉੱਠ ਕੇ ਇਕ ਅਜਿਹੇ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕਰਦੀਆਂ ਹਨ, ਜਿਥੇ ਹਰ ਵਿਅਕਤੀ ਨੂੰ ਬਰਾਬਰ ਦਾ ਸਨਮਾਨ ਅਤੇ ਅੱਗੇ ਵਧਣ ਦੇ ਮੌਕੇ ਮਿਲਣ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਦਾ ਬੇਗਮਪੁਰਾ ਦਾ ਸੰਕਲਪ ਕੇਵਲ ਇਕ ਧਾਰਮਿਕ ਵਿਚਾਰ ਹੀ ਨਹੀਂ, ਸਗੋਂ ਸਮਾਨਤਾ, ਨਿਆਂ ਤੇ ਮਨੁੱਖੀ ਅਧਿਕਾਰਾਂ ’ਤੇ ਆਧਾਰਿਤ ਸਮਾਜ ਦੀ ਇਕ ਮਹਾਨ ਕਲਪਨਾ ਹੈ ਤੇ ਇਸ ਨੂੰ ਅਮਲੀ ਰੂਪ ’ਚ ਲਾਗੂ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨਿਰੰਤਰ ਯਤਨਸ਼ੀਲ ਹੈ। ਇਸ ਮੌਕੇ ਨਿਤਿਨ ਨਬੀਨ ਨੇ ਜਿਥੇ ਨਸ਼ਿਆਂ ਦੇ ਮੁੱਦੇ ’ਤੇ ਸੂਬੇ ਦੀ ਸੱਤਾਧਾਰੀ ‘ਆਪ’ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ, ਉੱਥੇ ਵਿਰੋਧੀ ਧਿਰ ਕਾਂਗਰਸ ਨੂੰ ਵੀ ਲੰਮੇ ਹੱਥੀਂ ਲੈਂਦਿਆਂ ਰਾਹੁਲ ਗਾਂਧੀ ’ਤੇ ਵਿਦੇਸ਼ੀ ਤਾਕਤਾਂ ਦੇ ਹੱਥਾਂ ’ਚ ਖੇਡਣ ਦੇ ਗੰਭੀਰ ਦੋਸ਼ ਵੀ ਲਗਾਏ।
ਮੋਦੀ ਸਰਕਾਰ ਨੇ ਸਹੀ ਮਾਇਨਿਆਂ ’ਚ ਗੁਰੂ ਰਵਿਦਾਸ ਜੀ ਦੇ ਸੰਕਲਪ ਨੂੰ ਅਪਣਾਇਆ-ਨਿਤਿਨ ਨਬੀਨ
  ਨਿਤਿਨ ਨਬੀਨ ਨੇ ਕਿਹਾ ਕਿ ਦੇਸ਼ ਆਜ਼ਾਦ ਹੋਏ ਨੂੰ 78 ਸਾਲ ਹੋ ਚੁੱਕੇ ਹਨ ਤੇ ਇਸ ਦੌਰਾਨ ਗੁਰੂ ਰਵਿਦਾਸ ਜੀ ਦਾ 600ਵਾਂ ਤੇ 625ਵਾਂ ਜਨਮ ਦਿਵਸ ਵੀ ਆਇਆ ਪਰ ਕਦੇ ਵੀ ਕਿਸੇ ਸਰਕਾਰ ਨੇ ਉਨ੍ਹਾਂ ਦੀ ਜਨਮ ਵਰ੍ਹੇਗੰਢ ਨੂੰ ਇਸ ਤਰ੍ਹਾਂ ਵੱਡੀ ਪੱਧਰ ’ਤੇ ਮਨਾਉਣ ਦਾ ਯਤਨ ਨਹੀਂ ਕੀਤਾ ਤੇ ਪਹਿਲੀ ਵਾਰ ਭਾਜਪਾ ਵਲੋਂ 650ਵੇਂ ਜਨਮ ਦਿਵਸ ਨੂੰ ਸਮਰਪਿਤ ਵੱਖ-ਵੱਖ ਪ੍ਰੋਗਰਾਮਾਂ ਦੀ ਇਕ ਲੜੀ ਸ਼ੁਰੂ ਕੀਤੀ ਗਈ ਹੈ, ਜੋ ਅਗਲੇ ਸਾਲ ਫਰਵਰੀ ਮਹੀਨੇ ਤੱਕ ਚੱਲੇਗੀ। ਗੁਰੂ ਪੂਰਨਿਮਾ (29 ਜੁਲਾਈ, 2026) ਵਾਲੇ ਦਿਨ ਕਾਸ਼ੀ ਤੋਂ ਕਲਸ਼ ਵੰਦਨਾ ਯਾਤਰਾਵਾਂ ਨਾਲ ਸ਼ੁਰੂ ਹੋਈ ਇਸ ਮੁਹਿੰਮ ਦੇ ਦੇਸ਼ ਵਿਆਪੀ ਪਸਾਰ ਦਾ ਜ਼ਿਕਰ ਕਰਦਿਆਂ ਨਬੀਨ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਦੀਆਂ ਮਾਵਾਂ, ਧੀਆਂ ਅਤੇ ਨਾਗਰਿਕਾਂ ਵਲੋਂ ਇਸ ਦਾ ਭਰਪੂਰ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਰਾਸਤ ਨੂੰ ਬੇਮਿਸਾਲ ਸਨਮਾਨ ਦਿੱਤਾ ਹੈ। ਇਸ ’ਚ ਆਦਮਪੁਰ ਹਵਾਈ ਅੱਡੇ ਦਾ ਨਾਂਅ ਉਨ੍ਹਾਂ ਦੇ ਨਾਂਅ ’ਤੇ ਰੱਖਣਾ, ਸੰਤ ਨਿਰੰਜਨ ਦਾਸ ਨੂੰ ਪਦਮ ਸ੍ਰੀ ਨਾਲ ਸਨਮਾਨਿਤ ਕਰਨਾ, ਮੱਧ ਪ੍ਰਦੇਸ਼ ਦੇ ਸਾਗਰ ਵਿਖੇ 101 ਕਰੋੜ ਰੁਪਏ ਦੀ ਲਾਗਤ ਨਾਲ ਸ਼ਾਨਦਾਰ ਮੰਦਰ ਦਾ ਨਿਰਮਾਣ ਅਤੇ ਕਾਸ਼ੀ ਵਿਖੇ ਉਨ੍ਹਾਂ ਦੇ ਜਨਮ ਸਥਾਨ ’ਤੇ ਸਹੂਲਤਾਂ ਦਾ ਵਿਸਥਾਰ ਕਰਨਾ ਸ਼ਾਮਿਲ ਹੈ। ਨਿਤਿਨ ਨਬੀਨ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੇ ਆਦਰਸ਼ ਤੋਂ ਪ੍ਰੇਰਨਾ ਲੈਂਦਿਆਂ ਮੋਦੀ ਸਰਕਾਰ ਪ੍ਰਧਾਨ ਮੰਤਰੀ ਆਵਾਸ ਯੋਜਨਾ, ਆਯੂਸ਼ਮਾਨ ਭਾਰਤ, ਮੁਫ਼ਤ ਰਾਸ਼ਨ ਅਤੇ ਪੀਐੱਮ-ਅਜੇ ਵਰਗੀਆਂ ਯੋਜਨਾਵਾਂ ਰਾਹੀਂ ਹਰ ਗਰੀਬ ਅਤੇ ਸਹੂਲਤਾਂ ਤੋਂ ਵਾਂਝੇ ਪਰਿਵਾਰ ਨੂੰ ਸਸ਼ਕਤ ਬਣਾ ਰਹੀ ਹੈ, ਤਾਂ ਜੋ ਪਛੜੇ ਵਰਗਾਂ ਦੇ ਨੌਜਵਾਨ ਵੀ ਡਾਕਟਰ ਅਤੇ ਇੰਜੀਨੀਅਰ ਬਣ ਸਕਣ।
ਵਿਕਸਿਤ ਪੰਜਾਬ ਬਣੇਗਾ ਵਿਕਸਿਤ ਭਾਰਤ ਦਾ ਆਧਾਰ
ਨਿਤਿਨ ਨਬੀਨ ਨੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਭਾਰਤ ਦੀ ਮਜ਼ਬੂਤ ਕੌਮੀ ਸੁਰੱਖਿਆ ਨੀਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੇਸ਼ ਨੂੰ ਧਮਕੀ ਦੇਣ ਵਾਲਿਆਂ ਨੂੰ ਅੱਜ ਭਾਰਤ ‘ਇੱਟ ਦਾ ਜਵਾਬ ਪੱਥਰ ਨਾਲ’ ਦਿੰਦਾ ਹੈ ਤੇ ਸਰਹੱਦੀ ਪਿੰਡਾਂ ਨੂੰ ਦੇਸ਼ ਦੇ ਆਖਰੀ ਨਹੀਂ, ਸਗੋਂ ਦੇਸ਼ ਦੇ ਪਹਿਲੇ ਪਿੰਡ ਮੰਨਿਆ ਜਾਂਦਾ ਹੈ।  ਉਨ੍ਹਾਂ ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਵੀ ਭਰਪੂਰ ਸ਼ਲਾਘਾ ਕਰਦੇ ਹੋਏ ਕਿਹਾ ਕਿ ਦੇਸ਼ ਅੱਜ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਪਰ ਉਨ੍ਹਾਂ ਨਾਲ ਹੀ ਪੰਜਾਬ ਨੂੰ ਵੀ ਵਿਕਸਿਤ ਸੂਬਾ ਬਣਾਉਣ ਸੰਬੰਧੀ ਭਾਜਪਾ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਕਿਹਾ ਕਿ ਸੁਰੱਖਿਅਤ, ਖੁਸ਼ਹਾਲ ਤੇ ਵਿਕਸਿਤ ਪੰਜਾਬ ਹੀ 2047 ਤੱਕ ਵਿਕਸਿਤ ਭਾਰਤ ਬਣਨ ਦਾ ਸੁਪਨਾ ਸਾਕਾਰ ਕਰਨ ਦਾ ਆਧਾਰ ਬਣੇਗਾ।
 ਸੂਬੇ ਦੀ ਸੱਤਾਧਾਰੀ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਨਿਤਿਨ ਨਬੀਨ ਨੇ ਐਲਾਨ ਕੀਤਾ ਕਿ ‘ਆਪ’ ਸਰਕਾਰ ਦੀ ਵਿਦਾਇਗੀ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਤਿਆਗ, ਮਿਹਨਤ ਅਤੇ ਬਹਾਦਰ ਸੈਨਿਕਾਂ ਦੀ ਧਰਤੀ ਪੰਜਾਬ ਨਾਲ ਸੂਬਾ ਸਰਕਾਰ ਨੇ ਵਿਸ਼ਵਾਸਘਾਤ ਕੀਤਾ ਹੈ ਅਤੇ ਇਥੋਂ ਦੇ ਨੌਜਵਾਨਾਂ ਨੂੰ ਨਸ਼ਿਆਂ, ਬੇਰੁਜ਼ਗਾਰੀ ਅਤੇ ਮਜਬੂਰੀ ’ਚ ਪ੍ਰਵਾਸ ਕਰਨ ਵੱਲ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅੰਤ ’ਚ ਉਸੇ ਸੰਕਲਪ ਨੂੰ ਤਬਾਹ ਕਰ ਦਿੱਤਾ ਤੇ ਅੱਜ ਨਸ਼ਿਆਂ ਵਿਰੁੱਧ ਲੜਨ ਦੀ ਬਜਾਏ ਇਹ ਸਰਕਾਰ ਪੰਜਾਬ ਦੇ ਨੌਜਵਾਨਾਂ ਵਿਰੁੱਧ ਲੜ ਰਹੀ ਹੈ, ਜਦਕਿ ਭਾਜਪਾ ਆਪਣੇ ‘ਨਸ਼ਾ ਮੁਕਤ ਅਭਿਆਨ’ ਨੂੰ ਨਿਰਣਾਇਕ ਸਫ਼ਲਤਾ ਦਿਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਵੀ ਸਰਕਾਰ ਨੂੰ ਘੇਰਿਆ। ਸੂਬਾ ਸਰਕਾਰ ਦੇ ‘ਕਰੋੜਪਤੀ’ ਮੁਕਾਬਲੇ ਦੀ ਵੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਲੱਖਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਬਜਾਏ ਇਕ ਨੌਜਵਾਨ ਨੂੰ ਕਰੋੜਪਤੀ ਬਣਾਉਣ ਦਾ ਦਿਖਾਵਾ ਕਰ ਰਹੀ ਹੈ।
ਕਾਂਗਰਸ ਨੇ ਪੰਜਾਬੀਆਂ ਨੂੰ ਦਿੱਤੇ ਡੂੰਘੇ ਜ਼ਖ਼ਮ
ਕਾਂਗਰਸ ’ਤੇ ਤਿੱਖੇ ਹਮਲੇ ਕਰਦੇ ਹੋਏ ਨਿਤਿਨ ਨਬੀਨ ਨੇ ਕਿਹਾ ਕਿ ਜਿਹੜੀ ਪਾਰਟੀ ਸੰਵਿਧਾਨ ਦੀ ਰਾਖੀ ਕਰਨ ਦਾ ਦਾਅਵਾ ਕਰਦੀ ਹੈ, ਉਸੇ ਨੇ ਐਮਰਜੈਂਸੀ ਦੌਰਾਨ ਸੰਵਿਧਾਨ ਨੂੰ ਤਾਰ-ਤਾਰ ਕੀਤਾ ਤੇ ਪੰਜਾਬ ਨੂੰ ਡੂੰਘੇ ਜ਼ਖ਼ਮ ਦਿੱਤੇ। ਉਨ੍ਹਾਂ ਕਿਹਾ ਕਿ 1 ਨਵੰਬਰ, 1984 ਨੂੰ, ਜਿਸ ਦਿਨ ਸਿੱਖਾਂ ਦਾ ਕਤਲੇਆਮ ਹੋਇਆ ਸੀ, ਕਾਂਗਰਸੀ ਆਗੂਆਂ ਨੇ ਉਸੇ ਦਿਨ ਰਾਮਲੀਲ੍ਹਾ ਮੈਦਾਨ ’ਚ ਰੈਲੀ ਕੀਤੀ ਸੀ। ਉਨ੍ਹਾਂ ਕਿਹਾ ਕਿ ਲੋਕ ਉਹ ਦਿਨ ਨਹੀਂ ਭੁੱਲੇ ਅਤੇ ਉਨ੍ਹਾਂ ਨੂੰ ਇਸ ਦਾ ਜਵਾਬ ਦੇਣਗੇ। ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ’ਤੇ ਹਮਲਾ ਕਰਦਿਆਂ ਨਬੀਨ ਨੇ ਕਿਹਾ ਕਿ ਇਕ ਪਾਸੇ ਪ੍ਰਧਾਨ ਮੰਤਰੀ ਮੋਦੀ ਦੀ ਵਿਸ਼ਵ ਪੱਧਰੀ ਪਹੁੰਚ, ਭਾਰਤ ਲਈ ਨਿਵੇਸ਼ ਅਤੇ ਦੇਸ਼ ਦਾ ਮਾਣ ਵਧਾਉਣ ਦੇ ਯਤਨ ਕਰ ਰਹੇ ਹਨ, ਜਦਕਿ ਰਾਹੁਲ ਗਾਂਧੀ ਉਨ੍ਹਾਂ ਦਾ ਵਿਰੋਧ ਕਰਨ ’ਤੇ ਲੱਗੇ ਹੋਏ ਹਨ।
ਗੁਰੂ ਰਵਿਦਾਸ ਜੀ ਦੇ ਆਦਰਸ਼ਾਂ ’ਤੇ ਚੱਲਣ ਦੀ ਲੋੜ-ਕੇਵਲ ਸਿੰਘ ਢਿੱਲੋਂ
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਪਾਵਨ ਬਾਣੀ ਅਤੇ ਉਨ੍ਹਾਂ ਦੇ ਮਹਾਨ ਉਪਦੇਸ਼ ਸਮੁੱਚੀ ਮਨੁੱਖਤਾ ਨੂੰ ਸਮਾਜਿਕ ਬਰਾਬਰੀ, ਆਪਸੀ ਪਿਆਰ, ਭਾਈਚਾਰੇ, ਸਾਂਝੀਵਾਲਤਾ ਅਤੇ ਮਨੁੱਖੀ ਸਨਮਾਨ ਦਾ ਸੰਦੇਸ਼ ਦਿੰਦੇ ਹਨ ਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਗੁਰੂ ਸਾਹਿਬ ਦੀ ਇਸੇ ਵਿਚਾਰਧਾਰਾ ਤੋਂ ਪ੍ਰੇਰਿਤ ਹੋ ਕੇ ‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਅਤੇ ਸਬਕਾ ਪ੍ਰਯਾਸ’ ਦੇ ਮੂਲ ਮੰਤਰ ਨਾਲ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਗਰੀਬਾਂ, ਪਛੜੇ ਅਤੇ ਵਾਂਝੇ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਸਮਰਸਤਾ ਸੰਕਲਪ ਯਾਤਰਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਯਾਤਰਾ ਕੋਈ ਸਿਆਸੀ ਉਪਰਾਲਾ ਨਹੀਂ, ਸਗੋਂ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਪੰਜਾਬ ਦੇ ਹਰ ਘਰ ਅਤੇ ਹਰ ਵਰਗ ਤੱਕ ਪਹੁੰਚਾਉਣ ਦਾ ਸ਼ਰਧਾਪੂਰਵਕ ਯਤਨ ਹੈ। ਅਗਲੇ ਪੰਜ ਦਿਨਾਂ ਦੌਰਾਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਇਲਾਕਿਆਂ ’ਚ ਇਹ ਯਾਤਰਾ ਸਮਾਜਿਕ ਏਕਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦੇਵੇਗੀ ।
3 ਦਸੰਬਰ ਨੂੰ ਵਾਰਾਣਸੀ ਚ ਸੰਪੰਨ ਹੋਵੇਗੀ ਯਾਤਰਾ-ਲਾਲ ਸਿੰਘ ਆਰਿਆ
 ਭਾਜਪਾ ਦੇ ਕੌਮੀ ਉਪ ਪ੍ਰਧਾਨ ਲਾਲ ਸਿੰਘ ਆਰਿਆ ਨੇ ਯਾਤਰਾ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਜਲੰਧਰ ਤੋਂ ਸ਼ੁਰੂ ਹੋ ਰਹੀ ਇਹ ਯਾਤਰਾ 2558 ਕਿੱਲੋਮੀਟਰ ਦਾ ਸਫ਼ਰ ਤੈਅ ਕਰ ਕੇ 3 ਦਸੰਬਰ ਨੂੰ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਵਾਰਾਣਸੀ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ। ਜੋ ਪੰਜਾਬ ’ਚ 5 ਦਿਨਾਂ ਦੌਰਾਨ 17 ਜ਼ਿਲ੍ਹਿਆਂ ’ਚ ਜਾਵੇਗੀ ਅਤੇ 700 ਕਿੱਲੋਮੀਟਰ ਦਾ ਸਫ਼ਰ ਤੈਅ ਕਰੇਗੀ।
ਕੌਣ-ਕੌਣ ਹਾਜ਼ਰ ਰਹੇ
ਭਾਜਪਾ ਪੰਜਾਬ ਦੇ ਸਹਿ ਇੰਚਾਰਜ ਵਰਿੰਦਰ ਸਚਦੇਵਾ, ਕੇਂਦਰੀ ਆਗੂ ਅਲਕਾ ਗੁਜਰ, ਰਾਜ ਸਭਾ ਸੰਸਦ ਮੈਂਬਰ ਡਾ. ਅਸ਼ੋਕ ਮਿੱਤਲ, ਸੰਦੀਪ ਪਾਠਕ, ਸਤਨਾਮ ਸਿੰਘ ਸੰਧੂ, ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਸ਼ਵੇਤ ਮਲਿਕ, ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ, ਐਡਵੋਕੇਟ ਐਚ. ਐਸ. ਫੂਲਕਾ, ਡਾ. ਇਕਬਾਲ ਸਿੰਘ ਲਾਲਪੁਰਾ, ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸੁਰਜੀਤ ਕੁਮਾਰ ਜਿਆਣੀ, ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ, ਸਾਬਕਾ ਸੰਸਦ ਮੈਂਬਰ ਮਹਾਰਾਣੀ ਪ੍ਰਣੀਤ ਕੌਰ, ਸਾਬਕਾ ਮੁੱਖ ਸੰਸਦੀ ਸਕੱਤਰ ਅਵਿਨਾਸ਼ ਚੰਦਰ ਕਲੇਰ, ਕ੍ਰਿਸ਼ਨ ਦੇਵ ਭੰਡਾਰੀ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਜਗਬੀਰ ਸਿੰਘ ਬਰਾੜ, ਸਰਬਜੀਤ ਸਿੰਘ ਮੱਕੜ, ਅਸ਼ਵਨੀ ਸੇਖੜੀ, ਐਸ. ਆਰ. ਲੱਧੜ, ਦਿਨੇਸ਼ ਬੱਬੂ, ਜਨਰਲ ਸਕੱਤਰਾਂ ’ਚ ਰਾਜੇਸ਼ ਬਾਘਾ, ਅਨਿਲ ਸਰੀਨ, ਮੀਤ ਪ੍ਰਧਾਨ ਰਾਕੇਸ਼ ਰਾਠੌਰ, ਸੁਭਾਸ਼ ਸ਼ਰਮਾ, ਫਤਿਹਜੰਗ ਸਿੰਘ ਬਾਜਵਾ, ਅਮਨਜੋਤ ਕੌਰ ਰਾਮੂਵਾਲੀਆ, ਕਰਮਜੀਤ ਕੌਰ ਚੌਧਰੀ, ਰਵੀਕਿਰਨ ਸਿੰਘ ਕਾਹਲੋਂ, ਜੀਵਨ ਗੁਪਤਾ, ਇੰਦਰ ਇਕਬਾਲ ਸਿੰਘ ਅਟਵਾਲ, ਅਮਰਪਾਲ ਸਿੰਘ ਅਜਨਾਲਾ, ਗੁਰਦੇਵ ਸਿੰਘ ਗੋਲਡੀ ਭਾਟੀਆ, ਅਮਰਜੀਤ ਸਿੰਘ ਟਿੱਕਾ, ਸੂਰਜ ਭਾਰਦਵਾਜ, ਅਸ਼ੋਕ ਸਰੀਨ ਹਿੱਕੀ, ਸੁਸ਼ੀਲ ਸ਼ਰਮਾ ਤੇ ਅਮਿਤ ਭਾਟੀਆ ਤੇ ਹੋਰ ਵੀ ਹਾਜ਼ਰ ਸਨ।­

Ad Position 22
No active advertisement
ਪਿਛਲੀ ਖ਼ਬਰ ਚੀਨ ’ਚ ਇਕੱਠੇ ਹੋਏ ਟਰੰਪ, ਪੁਤਿਨ ਤੇ ਜਿਨਪਿੰਗ ਅਗਲੀ ਖ਼ਬਰ ਨਿਤਿਨ ਨਬੀਨ ਤੇ ਕੇਵਲ ਸਿੰਘ ਢਿੱਲੋਂ ਭਾਜਪਾ ਆਗੂਆਂ ਸਮੇਤ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
Ad Position 24