10 ਲੱਖ ਲਾਭਪਾਤਰੀਆਂ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ * ਨਵੇਂ ਲਾਭਪਾਤਰੀਆਂ ਨੂੰ ‘ਮੇਰੀ ਰਸੋਈ’ ਰਾਸ਼ਨ ਕਿੱਟਾਂ ਵੰਡੀਆਂ
ਪੰਜਾਬ ਦੀਆਂ ਔਰਤਾਂ ਘਰ ਦੇ ਮਰਦਾਂ ਨੂੰ ‘ਆਪ’ ਨੂੰ ਵੋਟ ਪਾਉਣ ਲਈ ਤਿਆਰ ਕਰਨ-ਕੇਜਰੀਵਾਲ
ਅਕਾਲੀ-ਭਾਜਪਾ ਗੱਠਜੋੜ ਮੌਕਾਪ੍ਰਸਤੀ ਦੀ ਸਿਖਰ ਤੇ ਕਾਂਗਰਸ ਧੜੇਬੰਦੀ ਦਾ ਸ਼ਿਕਾਰ-ਭਗਵੰਤ ਮਾਨ
ਮੋਗਾ, 26 ਨਵੰਬਰ (ਜਸਪਾਲ ਸਿੰਘ, ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਆਮ ਆਦਮੀ ਪਾਰਟੀ ਨੇ ਆਪਣੇ 15ਵੇਂ ਸਥਾਪਨਾ ਦਿਵਸ ਤੇ ਸੰਵਿਧਾਨ ਦਿਵਸ ਦੇ ਇਤਿਹਾਸਕ ਮੌਕੇ ’ਤੇ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿਖੇ ਖੁਸ਼ਹਾਲ ਪੰਜਾਬ ਮਹਾਂਰੈਲੀ ਦੇ ਵੱਡੇ ਇਕੱਠ ਨਾਲ ਚੋਣ ਬਿਗਲ ਵਜਾ ਦਿੱਤਾ ਹੈ । ਸਮਾਰਟ ਰਾਸ਼ਨ ਕਾਰਡ ਵੰਡ ਸਮਾਰੋਹ ਦੇ ਬੈਨਰ ਹੇਠ ਖੁੱਲ੍ਹੇ ਪੰਡਾਲ ’ਚ ਕਰਵਾਈ ਗਈ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਸਟੇਜ ’ਤੇ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਤੇ ਮੇਰੀ ਰਸੋਈ ਕਿੱਟਾਂ ਵੰਡੀਆਂ । ਮੁੱਖ ਮੰਤਰੀ ਨੇ ਲਾਭਪਾਤਰੀਆਂ ਨੂੰ ਈ-ਕੇ.ਵਾਈ.ਸੀ. ਮੁਕੰਮਲ ਹੋਣ ਤੋਂ ਬਾਅਦ ਪ੍ਰਤੀ ਮੈਂਬਰ ਪ੍ਰਤੀ ਮਹੀਨਾ ਪੰਜ ਕਿਲੋਗ੍ਰਾਮ ਮੁਫ਼ਤ ਕਣਕ ਦੇਣ ਦਾ ਭਰੋਸਾ ਵੀ ਦਿੱਤਾ । ਇਸ ਮੌਕੇ ਵਰਕਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕੀਤੀ ਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬੇ ਅੰਦਰ ਮੁੜ ‘ਆਪ’ ਦੀ ਸਰਕਾਰ ਬਣਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਅੱਗੇ ਤੋਂ ਵੀ ਜਾਰੀ ਰੱਖੀਆਂ ਜਾਣਗੀਆਂ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਵਿਰੋਧੀ ਪਾਰਟੀਆਂ ਨੂੰ ਆਪਣੇ ਹੀ ਅੰਦਾਜ਼ ’ਚ ਜ਼ਬਰਦਸਤ ਰਗੜੇ ਲਗਾਉਂਦੇ ਹੋਏ, ਜਿੱਥੇ ਅਕਾਲੀ-ਭਾਜਪਾ ਗੱਠਜੋੜ ਨੂੰ ਮੌਕਾਪ੍ਰਸਤ ਸਿਆਸਤ ਦੀ ਸਿਖਰ ਕਰਾਰ ਦਿੱਤਾ, ਉੱਥੇ ਕਾਂਗਰਸ ਨੂੰ ਵੀ ਲੰਮੇ ਹੱਥੀਂ ਲੈਂਦੇ ਹੋਏ ਕਿਹਾ ਕਿ ਕਾਂਗਰਸ ਨੂੰ ਆਪਣੀ ਹੀ ਧੜੇਬੰਦੀ ਲੈ ਡੁੱਬੇਗੀ । ਇਸ ਤੋਂ ਪਹਿਲਾਂ ਰੈਲੀ ਨੂੰ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਵੀ ਸੰਬੋਧਨ ਕੀਤਾ । ਇਸ ਮੌਕੇ ਉੱਘੇ ਗਾਇਕ ਕੁਲਵਿੰਦਰ ਬਿੱਲਾ ਨੇ ਵੀ ਆਪਣੇ ਗੀਤਾਂ ਨਾਲ ਆਪਣੀ ਹਾਜ਼ਰੀ ਲਵਾਈ । ਓਧਰ ਰੈਲੀ ’ਚ ਪੰਜਾਬ ਦੇ ਕੋਨੇ-ਕੋਨੇ ਤੋਂ ਵੱਡੀ ਗਿਣਤੀ ’ਚ ਪੁੱਜੇ ਪਾਰਟੀ ਵਰਕਰਾਂ ਨੇ ਭਾਰੀ ਜੋਸ਼ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ।
ਪੰਜਾਬ ਦੀਆਂ ਔਰਤਾਂ ਘਰ ਦੇ ਮਰਦਾਂ ਨੂੰ ‘ਆਪ’ ਦੇ ਹੱਕ ’ਚ ਵੋਟ ਪਾਉਣ ਲਈ ਪ੍ਰੇਰਿਤ ਕਰਨ-ਕੇਜਰੀਵਾਲ
ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਪਿਛਲੀਆਂ ਚੋਣਾਂ ਦੌਰਾਨ ਰਾਜ ਦੇ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਭਗਵੰਤ ਮਾਨ ਸਰਕਾਰ ਨੇ ਪੂਰੀਆਂ ਕਰ ਦਿੱਤੀਆਂ ਹਨ । ਇਸ ਮੌਕੇ ਉਨ੍ਹਾਂ ਮਾਂਵਾਂ ਧੀਆਂ ਸਤਿਕਾਰ ਯੋਜਨਾ ’ਚ ਹੋਈ ਦੇਰੀ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਦੱਸਦੇ ਹੋਏ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸੱਤਾ ਸੰਭਾਲੀ ਸੀ ਤਾਂ ਸੂਬੇ ਦਾ ਖਜ਼ਾਨਾ ਖਾਲੀ ਸੀ, ਜਿਸ ਕਾਰਨ ਸਰਕਾਰ ਨੂੰ ਸੂਬੇ ਦੀ ਵਿੱਤੀ ਹਾਲਤ ਨੂੰ ਸੁਧਾਰਨ ਤੇ ਖਜ਼ਾਨੇ ਨੂੰ ਮੁੜ ਮਜ਼ਬੂਤ ਕਰਨ ਲਈ ਕੁੱਝ ਸਾਲ ਲੱਗ ਗਏ । ਇਸ ਮੌਕੇ ਉਨ੍ਹਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਮਹਿੰਗਾਈ ਦੇ ਮੁੱਦੇ ’ਤੇ ਘੇਰਦਿਆਂ ਕਿਹਾ ਕਿ ਪੈਟਰੋਲ, ਡੀਜ਼ਲ, ਰਸੋਈ ਗੈਸ ਤੇ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀਆਂ ਕੀਮਤਾਂ ਵਧਣ ਕਾਰਨ ਆਮ ਲੋਕਾਂ ਨੂੰ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਮਹਿੰਗਾਈ ਦੇ ਇਸ ਦੌਰ ਵਿਚ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਦਿੱਤੀ ਜਾ ਰਹੀ ਇਕ ਹਜ਼ਾਰ ਤੇ 1500 ਦੀ ਸਨਮਾਨ ਰਾਸ਼ੀ ਪਰਿਵਾਰਾਂ ਲਈ ਕੁਝ ਰਾਹਤ ਦਾ ਸਾਧਨ ਬਣੇਗੀ । 26 ਨਵੰਬਰ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਇਸੇ ਦਿਨ 1949 ਵਿਚ ਸੰਵਿਧਾਨ ਸਭਾ ਵਲੋਂ ਭਾਰਤੀ ਸੰਵਿਧਾਨ ਨੂੰ ਅਪਣਾਇਆ ਗਿਆ ਸੀ ਅਤੇ 2012 ਵਿਚ ਇਸੇ ਦਿਨ ਆਮ ਆਦਮੀ ਪਾਰਟੀ ਦੀ ਸਥਾਪਨਾ ਹੋਈ ਸੀ । ਇਸ ਮੌਕੇ ਉਨ੍ਹਾਂ ਰਾਜ ਦੀਆਂ ਔਰਤਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਘਰ ਦੇ ਮਰਦਾਂ ਨੂੰ ‘ਆਪ’ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ।
ਮੁੱਖ ਮੰਤਰੀ ਨੇ ਅਕਾਲੀ-ਭਾਜਪਾ ਗੱਠਜੋੜ ਤੇ ਕਾਂਗਰਸ ’ਤੇ ਸਾਧੇ ਨਿਸ਼ਾਨੇ
ਆਮ ਆਦਮੀ ਪਾਰਟੀ ਦੀ ਮੋਗਾ ਵਿਖੇ ਹੋਈ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਦੇ ਮੁੜ ਹੋਏ ਸਿਆਸੀ ਗੱਠਜੋੜ ’ਤੇ ਤਿੱਖੇ ਸਿਆਸੀ ਹਮਲੇ ਕੀਤੇ । ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਨਹੀਂ, ਸਗੋਂ ਆਪਣੇ ਸਿਆਸੀ ਪਰਿਵਾਰਾਂ ਅਤੇ ਹਿੱਤਾਂ ਨੂੰ ਬਚਾਉਣ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਪਾਰਟੀਆਂ ਇੱਕ-ਦੂਜੇ ਵਿਰੁੱਧ ਬਿਆਨਬਾਜ਼ੀ ਕਰਦੀਆਂ ਰਹੀਆਂ ਹਨ, ਉਹ ਅੱਜ ਮੁੜ ਇੱਕ ਮੰਚ ’ਤੇ ਇਕੱਠੀਆਂ ਹੋ ਰਹੀਆਂ ਹਨ । ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਦੇ ਨਾਲ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਕੇਵਲ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਬਾਦਲ, ਰਵਨੀਤ ਸਿੰਘ ਬਿੱਟੂ ਅਤੇ ਸੁਖਬੀਰ ਸਿੰਘ ਬਾਦਲ ਵਰਗੇ ਆਗੂ ਇੱਕੋ ਸਿਆਸੀ ਮੰਚ ’ਤੇ ਨਜ਼ਰ ਆਉਣਗੇ । ਉਨ੍ਹਾਂ ਸਵਾਲ ਕੀਤਾ ਕਿ ਇਨ੍ਹਾਂ ਵਿਚੋਂ ਕੌਣ ਪੰਜਾਬ ਦੇ ਹਿੱਤਾਂ ਦੀ ਰਾਖੀ ਕਰੇਗਾ ? ਇਸ ਮੌਕੇ ਕਾਂਗਰਸ ਨੂੰ ਘੇਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨੂੰ ਤਾਂ ਉਸ ਦੀ ਆਪਣੀ ਫੁੱਟ ਹੀ ਲੈ ਬੈਠੇਗੀ । ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਕਾਂਗਰਸ ’ਚ 6-7 ਮੁੱਖ ਮੰਤਰੀ ਦੇ ਚਿਹਰੇ ਦੇ ਦਾਅਵੇਦਾਰ ਹਨ ਤੇ ਇਹ ਸਾਰੇ ਹੀ ਇਕ ਦੂਸਰੇ ਨੂੰ ਲੱਤਾਂ ਖਿੱਚ ਕੇ ਹਰਾ ਦੇਣਗੇ । ਇਸ ਮੌਕੇ ਮੁੱਖ ਮੰਤਰੀ ਨੇ ਮੌਕੇ ’ਤੇ ਹੀ ਲੋਕਾਂ ਦੇ ਹੱਥ ਖੜ੍ਹੇ ਕਰਵਾ ਕੇ ਇਕ ਸਰਵੇਖਣ ਰਾਹੀਂ ਸੂਬੇ ’ਚ ਮੁੜ ‘ਆਪ’ ਦੀ ਸਰਕਾਰ ਬਣਨ ਦਾ ਦਾਅਵਾ ਵੀ ਕੀਤਾ ।
ਕੌਣ-ਕੌਣ ਰਹੇ ਹਾਜ਼ਰ
ਇਸ ਮੌਕੇ ਮੰਚ ’ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਹਰਪਾਲ ਸਿੰਘ ਚੀਮਾ, ਲਾਲ ਚੰਦ ਕਟਾਰੂਚੱਕ, ਡਾ. ਅਮਨਦੀਪ ਕੌਰ ਅਰੋੜਾ, ਗੁਰਮੀਤ ਸਿੰਘ ਖੁੱਡੀਆਂ, ਕੁਲਦੀਪ ਸਿੰਘ ਧਾਲੀਵਾਲ, ਦਵਿੰਦਰਜੀਤ ਸਿੰਘ ਲਾਡੀ ਢੋਸ, ਹਰਭਜਨ ਸਿੰਘ ਈ. ਟੀ. ਓ., ਡਾ. ਰਾਜ ਕੁਮਾਰ ਚੱਬੇਵਾਲ, ਗੁਰਮੀਤ ਸਿੰਘ ਮੀਤ ਹੇਅਰ, ਡਾ. ਬਲਜੀਤ ਕੌਰ, ਡਾ. ਬਲਬੀਰ ਸਿੰਘ, ਮਨਜੀਤ ਸਿੰਘ ਬਿਲਾਸਪੁਰ, ਅੰਮ੍ਰਿਤਪਾਲ ਸਿੰਘ ਸੁਖਾਨੰਦ, ਬਰਵਿੰਦਰ ਸਿੰਘ ਮਾਧੋਕੇ, ਡਾ. ਬਲਜਿੰਦਰ ਕੌਰ, ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਮਹਿੰਦਰ ਭਗਤ, ਬੀਬੀ ਇੰਦਰਜੀਤ ਕੌਰ ਮਾਨ, ਸੋਨੀਆ ਮਾਨ, ਪਵਨ ਟੀਨੂੰ, ਬਲਕਾਰ ਸਿੰਘ, ਸਰਬਜੀਤ ਕੌਰ ਮਾਣੂੰਕੇ ਤੇ ਹੋਰ ਪ੍ਰਮੁੱਖ ਆਗੂ ਵੀ ਮੌਜੂਦ ਸਨ ।
ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਬਰਬਾਦ ਕੀਤਾ-ਅਮਨ ਅਰੋੜਾ
ਰੈਲੀ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਹਰ ਖੇਤਰ ’ਚ ਵੱਡੀ ਢਾਅ ਲਾਈ ਤੇ ਸੂਬੇ ਨੂੰ ਬਰਬਾਦ ਕਰਨ ’ਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਮੌਜੂਦਾ ‘ਆਪ’ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਾ ਕੇਵਲ ਸੂਬੇ ਨੂੰ ਸੰਕਟ ’ਚੋਂ ਉਭਾਰਿਆ ਹੈ ਬਲਕਿ ਵਿਕਾਸ ਅਤੇ ਤਰੱਕੀ ਦੀ ਨਵੀਂ ਲੀਹ ’ਤੇ ਵੀ ਪਾਇਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਉਹ ਕੰਮ ਕੀਤੇ ਹਨ, ਜੋ ਅੱਜ ਤੱਕ ਕੋਈ ਵੀ ਸਰਕਾਰ ਨਹੀਂ ਕਰ ਸਕੀ।
ਪੰਜਾਬ ਸਰਕਾਰ ਨੇ ਸਿਹਤ ਤੇ ਸਿੱਖਿਆ ਦੇ ਖੇਤਰ ’ਚ ਮਿਸਾਲੀ ਕੰਮ ਕੀਤੇ-ਸਿਸੋਦੀਆ
‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮਿਸਾਲੀ ਕੰਮ ਕੀਤੇ ਹਨ । ਪੰਜਾਬ ਦੇ ਸਰਕਾਰੀ ਸਕੂਲਾਂ ਦੀ ਤਸਵੀਰ ਬਦਲੀ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਸੂਬੇ ਨੇ ਨਵੀਆਂ ਉਪਲਬਧੀਆਂ ਹਾਸਲ ਕੀਤੀਆਂ ਹਨ । ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰੀ ਸਕੂਲਾਂ ਨੂੰ 27ਵੇਂ ਸਥਾਨ ਤੋਂ ਪਹਿਲੇ ਸਥਾਨ ਤੱਕ ਲਿਆਉਣਾ ਸਰਕਾਰ ਦੀ ਵੱਡੀ ਪ੍ਰਾਪਤੀ ਹੈ ।