29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

‘ਖੇਡਾਂ ਵਤਨ ਪੰਜਾਬ ਦੀਆਂ’ ਸਮਾਪਤ-ਪਟਿਆਲਾ ਓਵਰਆਲ ਚੈਂਪੀਅਨ

ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਵਿਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸ਼ਾਨਦਾਰ ਢੰਗ ਨਾਲ ਸਮਾਪਤ ਹੋ ਗਿਆ । ਇਸ ਸੀਜ਼ਨ ਵਿਚ 7 ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲੈ ਕੇ ਨਵਾਂ ਰਿਕਾਰਡ ਕਾਇਮ ਕੀਤਾ। ਸਮਾਪਤੀ ਸਮਾਰੋਹ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਤੂ ਖਿਡਾਰੀਆਂ ਅਤੇ ਟੀਮਾਂ ਨੂੰ...

Ad Position 21
No active advertisement
ਅਜੀਤ ਡੈਸਕ 30-11-2026

ਪਿੰਡਾਂ ਵਿਚ ਛੁਪੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਖੇਡਾਂ ਨੇ ਵੱਡਾ ਮੰਚ ਦਿੱਤਾ-ਮੁੱਖ ਮੰਤਰੀ
ਚੌਥੇ ਸੀਜ਼ਨ ’ਚ 7 ਲੱਖ ਖਿਡਾਰੀਆਂ ਨੂੰ 12.50 ਕਰੋੜ ਦੀ ਸਨਮਾਨ ਰਾਸ਼ੀ ਵੰਡੀ
ਬਾਲੀਵੁੱਡ ਗਾਇਕ ਮੀਕਾ ਸਿੰਘ ਦੀ ਪੇਸ਼ਕਾਰੀ ਨੇ ਕੀਲੇ ਸਰੋਤੇ

ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਵਿਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸ਼ਾਨਦਾਰ ਢੰਗ ਨਾਲ ਸਮਾਪਤ ਹੋ ਗਿਆ । ਇਸ ਸੀਜ਼ਨ ਵਿਚ 7 ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲੈ ਕੇ ਨਵਾਂ ਰਿਕਾਰਡ ਕਾਇਮ ਕੀਤਾ। ਸਮਾਪਤੀ ਸਮਾਰੋਹ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਤੂ ਖਿਡਾਰੀਆਂ ਅਤੇ ਟੀਮਾਂ ਨੂੰ ਟਰਾਫੀਆਂ ਤੇ ਇਨਾਮਾਂ ਨਾਲ ਸਨਮਾਨਿਤ ਕੀਤਾ । ਇਹ ਖੇਡ ਮੁਕਾਬਲੇ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਸ਼ੁਰੂ ਹੋਏ ਸਨ । ਮੁੱਖ ਮੰਤਰੀ ਨੇ ਕਿਹਾ ਕਿ ਇਹ ਖੇਡ ਮਹਾਂਕੁੰਭ ਸਿਰਫ਼ ਤਗਮੇ ਜਿੱਤਣ ਜਾਂ ਇਨਾਮ ਪ੍ਰਾਪਤ ਕਰਨ ਤੱਕ ਸੀਮਤ ਨਹੀਂ, ਸਗੋਂ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਲੁਕੀ ਹੋਈ ਖੇਡ ਪ੍ਰਤਿਭਾ ਨੂੰ ਪਛਾਣਨ ਤੇ ਨਿਖਾਰਨ ਦਾ ਮਹੱਤਵਪੂਰਨ ਮੰਚ ਹੈ । ਉਨ੍ਹਾਂ ਅਨੁਸਾਰ ਖੇਡਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿਹਤਮੰਦ ਤੇ ਅਨੁਸ਼ਾਸਿਤ ਜੀਵਨ ਵੱਲ ਪ੍ਰੇਰਿਤ ਕੀਤਾ ਜਾ ਸਕਦਾ ਹੈ । ਭਗਵੰਤ ਮਾਨ ਨੇ ਦੱਸਿਆ ਕਿ ਖੇਡਾਂ ਦੇ ਚਾਰ ਸੀਜ਼ਨਾਂ ਦੌਰਾਨ ਹੁਣ ਤੱਕ ਕੁੱਲ 38.01 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਜਾ ਚੁੱਕੀ ਹੈ । ਮੌਜੂਦਾ ਸੀਜ਼ਨ ਵਿਚ ਖਿਡਾਰੀਆਂ ਲਈ 12.50 ਕਰੋੜ ਰੁਪਏ ਦੇ ਇਨਾਮ ਰੱਖੇ ਗਏ ਹਨ । ਪਹਿਲੇ ਸੀਜ਼ਨ ਵਿਚ 3.50 ਲੱਖ, ਦੂਜੇ ਵਿਚ 4 ਲੱਖ ਤੋਂ ਵੱਧ ਤੇ ਤੀਜੇ ਸੀਜ਼ਨ ਵਿਚ ਲਗਭਗ 4.35 ਲੱਖ ਖਿਡਾਰੀਆਂ ਨੇ ਭਾਗ ਲਿਆ ਸੀ । ਹੜ੍ਹਾਂ ਕਾਰਨ 2025 ਵਿਚ ਇਹ ਖੇਡਾਂ ਨਹੀਂ ਕਰਵਾਈਆਂ ਜਾ ਸਕੀਆਂ । ਇਸ ਵਾਰ ਮੁਕਾਬਲਿਆਂ ਵਿਚ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੇ ਸ਼ਮੂਲੀਅਤ ਕੀਤੀ । ਕੁੱਲ 38 ਖੇਡ ਵੰਨਗੀਆਂ ਵਿਚ ਮੁਕਾਬਲੇ ਕਰਵਾਏ ਗਏ । ਇਸ ਸੀਜ਼ਨ ਵਿਚ ਪੈਰਾ-ਅਥਲੈਟਿਕਸ, ਪੈਰਾ-ਪਾਵਰਲਿਫਟਿੰਗ, ਪੈਰਾ-ਬੈਡਮਿੰਟਨ ਤੇ ਵ੍ਹੀਲਚੇਅਰ ਬਾਸਕਿਟਬਾਲ ਵਰਗੀਆਂ ਚਾਰ ਪੈਰਾ-ਖੇਡਾਂ ਸ਼ਾਮਿਲ ਕੀਤੀਆਂ ਗਈਆਂ । ਪਹਿਲੀ ਵਾਰ ਡੈੱਫ ਖਿਡਾਰੀਆਂ ਲਈ ਜੂਡੋ ਅਤੇ ਸ਼ੂਟਿੰਗ ਸਮੇਤ ਤਿੰਨ ਮੁਕਾਬਲੇ ਵੀ ਕਰਵਾਏ ਗਏ । ਇਸ ਤੋਂ ਇਲਾਵਾ ਲੜਕਿਆਂ ਤੇ ਲੜਕੀਆਂ ਲਈ ਟੈਨਿਸ ਬਾਲ ਕ੍ਰਿਕਟ ਦੇ ਪ੍ਰਦਰਸ਼ਨੀ ਮੈਚ ਵੀ ਕਰਵਾਏ ਗਏ । ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਪੱਧਰ ’ਤੇ ਸੋਨ ਤਗਮਾ ਜੇਤੂਆਂ ਨੂੰ 10 ਹਜ਼ਾਰ, ਚਾਂਦੀ ਦਾ ਤਗਮਾ ਜੇਤੂਆਂ ਨੂੰ 7 ਹਜ਼ਾਰ ਅਤੇ ਕਾਂਸੀ ਦਾ ਤਗਮਾ ਜੇਤੂਆਂ ਨੂੰ 5 ਹਜ਼ਾਰ ਰੁਪਏ ਦਿੱਤੇ ਜਾ ਰਹੇ ਹਨ । 40 ਸਾਲ ਤੱਕ ਦੇ ਤਗਮਾ ਜੇਤੂਆਂ ਨੂੰ ਗ੍ਰੇਡੇਸ਼ਨ ਸਰਟੀਫਿਕੇਟ ਵੀ ਦਿੱਤੇ ਜਾ ਰਹੇ ਹਨ, ਜਿਸ ਨਾਲ ਉਹ ਸਰਕਾਰੀ ਨੌਕਰੀਆਂ ਵਿਚ ਖੇਡ ਕੋਟੇ ਦਾ ਲਾਭ ਲੈ ਸਕਣਗੇ । ਪਹਿਲੀ ਵਾਰ ਵੈਟਰਨ ਖਿਡਾਰੀਆਂ ਨੂੰ ਵੀ ਨਕਦ ਇਨਾਮ ਦਿੱਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਲਈ 1,744 ਕਰੋੜ ਰੁਪਏ ਦਾ ਵਿਸ਼ੇਸ਼ ਬਜਟ ਰੱਖਿਆ ਹੈ । ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 40,415 ਖਿਡਾਰੀਆਂ ਨੂੰ 135 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ ਹੈ । ਖੇਡ ਸਮਗਰੀ ਦੀ ਖਰੀਦ ਲਈ 12.49 ਕਰੋੜ ਰੁਪਏ ਜਾਰੀ ਕੀਤੇ ਗਏ ਹਨ । ਇਸ ਤੋਂ ਇਲਾਵਾ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ ’ਤੇ ਨਾਮਣਾ ਖੱਟਣ ਵਾਲੇ 11 ਖਿਡਾਰੀਆਂ ਨੂੰ ਪੀ.ਸੀ.ਐੱਸ. ਤੇ ਡੀ.ਐੱਸ.ਪੀ. ਦੇ ਅਹੁਦਿਆਂ ’ਤੇ ਨਿਯੁਕਤ ਕੀਤਾ ਗਿਆ ਹੈ । ਖੇਡ ਬੁਨਿਆਦੀ ਢਾਂਚੇ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿਚ 3,148 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚੋਂ 1,750 ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ 1,000 ਹੋਰ ਮੁਕੰਮਲ ਹੋ ਗਏ ਹਨ । ਇਸੇ ਤਰ੍ਹਾਂ 1,000 ਜਿੰਮ ਤਿਆਰ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 500 ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ । ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ਐੱਫ.ਆਈ.ਐੱਚ. ਜੂਨੀਅਰ ਪੁਰਸ਼ ਹਾਕੀ ਵਿਸ਼ਵ ਕੱਪ-2027 ਦੀ ਮੇਜ਼ਬਾਨੀ ਕਰਨ ਲਈ ਤਿਆਰੀ ਕਰ ਰਿਹਾ ਹੈ। ਇਸ ਸਬੰਧੀ ਹਾਕੀ ਇੰਡੀਆ ਨੂੰ ਪੱਤਰ ਲਿਖਿਆ ਗਿਆ ਹੈ । ਉਨ੍ਹਾਂ ਨੇ ਖਿਡਾਰੀਆਂ ਨੂੰ ਉਲੰਪਿਕ ਅਤੇ ਏਸ਼ੀਅਨ ਖੇਡਾਂ ਦੀ ਤਿਆਰੀ ਲਈ ਕ੍ਰਮਵਾਰ 15 ਲੱਖ ਅਤੇ 8 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੀ ਗੱਲ ਵੀ ਕਹੀ। ਸਮਾਪਤੀ ਸਮਾਰੋਹ ਦੌਰਾਨ ਪ੍ਰਸਿੱਧ ਪੰਜਾਬੀ ਗਾਇਕ ਮੀਕਾ ਸਿੰਘ ਨੇ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ । ਇਸ ਤੋਂ ਇਲਾਵਾ ਗਿੱਧੇ ਅਤੇ ਭੰਗੜੇ ਦੀਆਂ ਰੰਗਾਰੰਗ ਪੇਸ਼ਕਾਰੀਆਂ ਨੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕੀਤੀ । ਮੁੱਖ ਮੰਤਰੀ ਨੇ ਜੇਤੂ ਖਿਡਾਰੀਆਂ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਸਨਮਾਨਿਤ ਕਰਦਿਆਂ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਮੋਹਰੀ ਬਣਾਉਣ ਅਤੇ ਨਸ਼ਾ ਮੁਕਤ, ਖੁਸ਼ਹਾਲ ਤੇ ਰੰਗਲਾ ਪੰਜਾਬ ਸਿਰਜਣ ਦਾ ਸੰਕਲਪ ਦੁਹਰਾਇਆ।

Ad Position 22
No active advertisement
ਪਿਛਲੀ ਖ਼ਬਰ ਈ.ਡੀ. ਤੇ ਸੀ.ਬੀ.ਆਈ. ਦੀਆਂ ਸਰਗਰਮੀਆਂ ਕਾਰਨ ਪ੍ਰਸ਼ਾਸਨਿਕ ਕੰਮਕਾਜ ਹੋਇਆ ਠੱਪ ਸਿਵਲ ਤੇ ਪੁਲਿਸ ਦੇ 4 ਦਰਜਨ ਅਧਿਕਾਰੀ ਰਾਡਾ... ਅਗਲੀ ਖ਼ਬਰ ਬੰਗਲਾਦੇਸ਼ ’ਚ ਤਾਜ਼ਾ ਹਿੰਸਾ-ਦੋ ਮੌਤਾਂ
Ad Position 24