ਦਰਸ਼ਨ ਅਕਾਦਮੀ ਦਸੂਹਾ ਵਿਖੇ ਸਾਲਾਨਾ ਸਮਾਗਮ ਬੜੀ ਧੂਮ - ਧਾਮ ਤੇ ਉਤਸ਼ਾਹ ਨਾਲ ਮਨਾਇਆ
ਦਸੂਹਾ, 12 ਨਵੰਬਰ (ਭੁੱਲਰ)- ਦਰਸ਼ਨ ਅਕਾਦਮੀ ਸੀ. ਬੀ.
ਦਸੂਹਾ, 12 ਨਵੰਬਰ (ਭੁੱਲਰ)- ਦਰਸ਼ਨ ਅਕਾਦਮੀ ਸੀ.ਬੀ.ਐੱਸ.ਈ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਸਾਲਾਨਾ ਸਮਾਗਮ ਬੜੀ ਧੂਮ-ਧਾਮ, ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਮੌਜੂਦਾ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਦੀ ਪਤਨੀ ਪ੍ਰਭਜੋਤ ਕੌਰ ਘੁੰਮਣ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ਦੀ ਸ਼ੁਰੂਆਤ ਰਸਮੀ ਤੌਰ ’ਤੇ ਦੀਪ ਜਗਾ ਕੇ ਕੀਤੀ ਗਈ। ਇਸ ਮੌਕੇ ਹੋਰ ਵੀ ਕਈ ਪਤਵੰਤੇ ਸੱਜਣਾਂ, ਸਕੂਲ ਦੇ ਸਾਬਕਾ ਵਿਦਿਆਰਥੀਆਂ, ਮਾਪਿਆਂ ਅਤੇ ਮਹਿਮਾਨਾਂ ਨੇ ਆਪਣੀ ਹਾਜ਼ਰੀ ਲਗਵਾ ਕੇ ਸਮਾਗਮ ਦੀ ਰੌਣਕ ਨੂੰ ਵਧਾਇਆ। ਸਮਾਗਮ ਦੀ ਸ਼ੁਰੂਆਤ ਉਤਸ਼ਾਹਪੂਰਨ ਅਤੇ ਪ੍ਰਭਾਵਸ਼ਾਲੀ ਮਾਹੌਲ ਵਿਚ ਹੋਈ। ਇਸ ਮੌਕੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਰੰਗਾ-ਰੰਗ ਸਭਿਆਚਾਰਕ ਪ੍ਰੋਗਰਾਮ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਵਿਦਿਆਰਥੀਆਂ ਨੇ ਆਪਣੇ ਨਾਚ, ਗੀਤਾਂ, ਨਾਟਕਾਂ ਅਤੇ ਹੋਰ ਕਲਾਤਮਕ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ, ਸਿਰਜਣਾਤਮਿਕਤਾ, ਆਤਮ-ਵਿਸ਼ਵਾਸ ਅਤੇ ਕਲਾ ਦੇ ਸ਼ਾਨਦਾਰ ਜੌਹਰ ਦਿਖਾਏ। ਹਰ ਪੇਸ਼ਕਾਰੀ ਵਿਚ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦੀ ਝਲਕ ਸਾਫ਼ ਦਿਖਾਈ ਦਿੱਤੀ। ਹਾਜ਼ਰ ਦਰਸ਼ਕਾਂ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ। ਸਮਾਗਮ ਦਾ ਇਕ ਹੋਰ ਮਹੱਤਵਪੂਰਨ ਅਤੇ ਪ੍ਰੇਰਨਾਦਾਇਕ ਹਿੱਸਾ ਸਕਾਲਰਸ਼ਿਪ ਅਤੇ ਸਨਮਾਨ ਸਮਾਰੋਹ ਰਿਹਾ। ਇਸ ਮੌਕੇ ਪੜ੍ਹਾਈ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਅਤੇ ਵੱਖ-ਵੱਖ ਖੇਤਰਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਮਿਹਨਤ ਨੂੰ ਮਾਨਤਾ ਦੇਣ ਲਈ ਸੰਤ ਕਿਰਪਾਲ ਸਿੰਘ ਮਹਾਰਾਜ, ਸੰਤ ਦਰਸ਼ਨ ਸਿੰਘ ਮਹਾਰਾਜ, ਸੰਤ ਰਾਜਿੰਦਰ ਸਿੰਘ ਮਹਾਰਾਜ ਦੇ ਪਵਿੱਤਰ ਤੇ ਸਤਿਕਾਰਯੋਗ ਨਾਮਾਂ ’ਤੇ ਸਥਾਪਤ ਸਕਾਲਰਸ਼ਿਪਾਂ ਪ੍ਰਦਾਨ ਕੀਤੀਆਂ ਗਈਆਂ। ਇਨ੍ਹਾਂ ਸਕਾਲਰਸ਼ਿਪਾਂ ਦਾ ਮੁੱਖ ਉਦੇਸ਼ ਯੋਗ, ਮਿਹਨਤੀ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਅਤੇ ਉਨ੍ਹਾਂ ਨੂੰ ਜੀਵਨ ਵਿਚ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕਰਨਾ ਹੈ। ਮੁੱਖ ਮਹਿਮਾਨ ਨੇ ਕਿਹਾ ਕਿ ਦਰਸ਼ਨ ਅਕਾਦਮੀ ਦੇ ਵਿਦਿਆਰਥੀ ਹਮੇਸ਼ਾ ਹੀ ਸਮਾਜ ਵਿਚ ਵੱਖ-ਵੱਖ ਪ੍ਰਕਾਰ ਦੇ ਕਲਿਆਣਕਾਰੀ ਕੰਮ ਕਰਦੇ ਰਹਿੰਦੇ ਹਨ। ਵਿਦਿਆਰਥੀ ਵਿੱਦਿਆ ਦੇ ਨਾਲ-ਨਾਲ ਇਕ ਚੰਗੇ ਸਮਾਜ ਦੀ ਸਿਰਜਣਾ ਵਿਚ ਆਪਣਾ ਬਣਦਾ ਯੋਗਦਾਨ ਪਾ ਰਹੇ ਹਨ। ਵਿਦਿਆਰਥੀਆਂ ਨੂੰ ਕੇਵਲ ਕਿਤਾਬੀ ਗਿਆਨ ਹੀ ਨਹੀਂ ਦੇਣਾ ਚਾਹੀਦਾ ਹੈ, ਸਗੋਂ ਉਨ੍ਹਾਂ ਦਾ ਸਰਵ ਪੱਖੀ ਵਿਕਾਸ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਆਏ ਹੋਏ ਮਾਪਿਆਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਤੁਸੀਂ ਆਪਣੇ ਵਿਦਿਆਰਥੀਆਂ ਲਈ ਬਿਲਕੁਲ ਸਹੀ ਸਕੂਲ ਦੀ ਚੋਣ ਕੀਤੀ ਹੈ। ਪ੍ਰਿੰਸੀਪਲ ਰਸਿਕ ਗੁਪਤਾ, ਐੱਲ. ਐਮ. ਸੀ. ਮੈਂਬਰ ਸੁਖਵਿੰਦਰ ਸਿੰਘ ਅਤੇ ਹਰਬੰਸ ਲਾਲ ਨੇ ਸਮੁੱਚੇ ਤੌਰ ’ਤੇ ਆਏ ਹੋਏ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਅਤੇ ਸਮੂਹ ਮਾਪਿਆਂ ਦਾ ਇਸ ਸਮਾਗਮ ਨੂੰ ਸਫਲਤਾ ਪੂਰਵਕ ਬਣਾਉਣ ਵਿਚ ਧੰਨਵਾਦ ਕੀਤਾ।