ਕੋਠੀ ਅੰਦਵਾੜ ਪੱਤੀ ਵਿਖੇ ਪੰਜ ਲੱਖ ਦੀ ਲਾਗਤ ਨਾਲ ਬਣੇਗਾ ਨਵਾਂ ਡੀਪ ਬੋਰ-ਵਿਧਾਇਕ ਘੁੰਮਣ
ਤਲਵਾੜਾ, 20 ਨਵੰਬਰ (ਐਚ. ਐਸ.
ਤਲਵਾੜਾ, 20 ਨਵੰਬਰ (ਐਚ.ਐਸ.ਮਿੱਠੂ)- ਵਿਧਾਇਕ ਕਰਮਬੀਰ ਸਿੰਘ ਘੁੰਮਣ ਵਲੋਂ ਪਿੰਡ ਕੋਠੀ ਅੰਦਵਾੜ ਪੱਤੀ ਦੇ ਲੋਕਾਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਪਿੰਡ ਵਿਚ ਨਵਾਂ ਡੀਪ ਬੋਰ ਲਗਵਾਉਣ ਲਈ ਪੰਜ ਲੱਖ ਰੁਪਏ ਦੀ ਗਰਾਂਟ ਦਾ ਸੈਕਸ਼ਨ ਪੱਤਰ ਪਿੰਡ ਦੀ ਪੰਚਾਇਤ ਨੂੰ ਸੌਂਪਿਆ ਗਿਆ। ਇਹ ਰਾਸ਼ੀ ਜ਼ਿਲ੍ਹਾ ਪ੍ਰੀਸ਼ਦ ਫੰਡ ਵਿੱਚੋਂ ਮੁਹੱਈਆ ਕਰਵਾਈ ਗਈ ਹੈ। ਇਸ ਮੌਕੇ ਵਿਧਾਇਕ ਘੁੰਮਣ ਨੇ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਪੀਣ ਵਾਲਾ ਸਾਫ਼ ਪਾਣੀ ਹਰ ਵਿਅਕਤੀ ਦੀ ਮੁੱਢਲੀ ਲੋੜ ਹੈ ਅਤੇ ਇਸ ਸਹੂਲਤ ਦੀ ਪੂਰਤੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪੰਜ ਲੱਖ ਰੁਪਏ ਦੀ ਲਾਗਤ ਨਾਲ ਨਵਾਂ ਡੀਪ ਬੋਰ ਲੱਗਣ ਨਾਲ ਪਿੰਡ ਵਾਸੀਆਂ ਨੂੰ ਪਾਣੀ ਦੀ ਕਿੱਲਤ ਤੋਂ ਵੱਡੀ ਰਾਹਤ ਮਿਲੇਗੀ। ਪਿੰਡ ਵਾਸੀਆਂ ਨੇ ਦੱਸਿਆ ਕਿ ਨਵੇਂ ਡੀਪ ਬੋਰ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ, ਜਿਸ ਨੂੰ ਪੂਰਾ ਕਰਨ ਲਈ ਵਿਧਾਇਕ ਘੁੰਮਣ ਵੱਲੋਂ ਕੀਤੇ ਗਏ ਉਪਰਾਲੇ ਲਈ ਸਮੁੱਚੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਹਰਜੀਤ ਸਿੰਘ, ਰਵਿੰਦਰ ਬੱਗਾ ’ਆਪ’ ਆਗੂ, ਕੁਲਦੀਪ ਕੁਮਾਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਡਾਕਟਰ ਰਜਿੰਦਰ ਮੰਗੂ ਮਹਿਰਾ, ਅਜੇ ਸ਼ਰਮਾ, ਸਰਪੰਚ ਰੀਨਾ ਅਲੇਰਾ ਅਤੇ ਲੰਬੜਦਾਰ ਸੁਖਦੇਵ ਰਜਵਾਲ ਸਮੇਤ ਹੋਰ ਪਤਵੰਤੇ ਹਾਜ਼ਰ ਸਨ।