ਬਾਬਾ ਸਾਹਿਬ ਡਾ . ਅੰਬੇਡਕਰ ਦੀ ਮੂਰਤੀ ਨਾਲ ਬੇਅਦਬੀ ਬਰਦਾਸ਼ਤ ਨਹੀਂ , ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਹੋਵੇ-ਬਿਕਰਮਜੀਤ ਸਿੰਘ ਖ਼ਾਲਸਾ
ਰਾਏਕੋਟ, 10 ਸਤੰਬਰ (ਬਲਵਿੰਦਰ ਸਿੰਘ ਲਿੱਤਰ)=ਸਾਬਕਾ ਸੰਸਦੀ ਸਕੱਤਰ ਤੇ ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖ਼ਾਲਸਾ ਨੇ ਲੁਧਿਆਣਾ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਕੀਤੀ ਗਈ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ।
ਰਾਏਕੋਟ, 10 ਸਤੰਬਰ (ਬਲਵਿੰਦਰ ਸਿੰਘ ਲਿੱਤਰ)=ਸਾਬਕਾ ਸੰਸਦੀ ਸਕੱਤਰ ਤੇ ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖ਼ਾਲਸਾ ਨੇ ਲੁਧਿਆਣਾ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਕੀਤੀ ਗਈ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਭਾਰਤੀ ਸੰਵਿਧਾਨ ਦੇ ਨਿਰਮਾਤਾ, ਸਮਾਜਿਕ ਨਿਆਂ ਦੇ ਮਸੀਹੇ ਅਤੇ ਕਰੋੜਾਂ ਲੋਕਾਂ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਵਿਚ ਨਫ਼ਰਤ ਅਤੇ ਵੰਡ ਪੈਦਾ ਕਰਨ ਵਾਲੀਆਂ ਹਨ, ਜਿਨ੍ਹਾਂ ਨੂੰ ਕਿਸੇ ਵੀ ਸ਼ਰਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਬਿਕਰਮਜੀਤ ਸਿੰਘ ਖ਼ਾਲਸਾ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਦੀ ਤੁਰੰਤ ਪਹਿਚਾਣ ਕਰਕੇ ਉਨ੍ਹਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਕੋਈ ਵੀ ਅਜਿਹਾ ਘਿਨੌਣਾ ਕਦਮ ਚੁੱਕਣ ਦੀ ਹਿੰਮਤ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਵਿਚਾਰ ਅੱਜ ਵੀ ਦੇਸ਼ ਨੂੰ ਸਮਾਨਤਾ, ਭਾਈਚਾਰੇ ਅਤੇ ਲੋਕਤੰਤਰ ਦੇ ਰਾਹ ’ਤੇ ਅੱਗੇ ਵਧਣ ਦੀ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਸਮਾਜ ਦੇ ਸਮੂਹ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜਿਕ ਸ਼ਾਂਝ ਅਤੇ ਆਪਸੀ ਭਾਈਚਾਰੇ ਨੂੰ ਕਾਇਮ ਰੱਖਣ ਲਈ ਇਕਜੁੱਟ ਹੋ ਕੇ ਅਜਿਹੀਆਂ ਘਟਨਾਵਾਂ ਦਾ ਵਿਰੋਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਹਾਨ ਸ਼ਖ਼ਸੀਅਤਾਂ ਅਤੇ ਰਾਸ਼ਟਰ ਨਿਰਮਾਤਾਵਾਂ ਦਾ ਸਨਮਾਨ ਕਰਨਾ ਹਰ ਨਾਗਰਿਕ ਦਾ ਫ਼ਰਜ਼ ਬਣਦਾ ਹੈ ਅਤੇ ਉਨ੍ਹਾਂ ਦੇ ਸਨਮਾਨ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। 09Jag20 ਕੈਪਸ਼ਨ: ਬਿਕਰਮਜੀਤ ਸਿੰਘ ਖ਼ਾਲਸਾ ਦੀ ਤਸਵੀਰ।