ਜ਼ਿਲ੍ਹੇ ਦੇ 22 ਆਮ ਆਦਮੀ ਕਲੀਨਿਕਾਂ ਵਿੱਚ ਓ.ਪੀ.ਡੀ ਸੇਵਾਵਾਂ ਹੋਈਆਂ ਬੰਦ, ਮਰੀਜ਼ਾਂ ਦੀਆਂ ਵਧੀਆਂ ਮੁਸ਼ਕਿਲਾਂ
ਨਵਾਂਸ਼ਹਿਰ, 26 ਅਗਸਤ (ਜਸਬੀਰ ਸਿੰਘ ਨੂਰਪੁਰ)-ਆਮ ਆਦਮੀ ਕਲੀਨਿਕਾਂ ਵਿੱਚ ਇੱਕ ਵਾਰ ਫਿਰ ਓ. ਪੀ.
ਨਵਾਂਸ਼ਹਿਰ, 26 ਅਗਸਤ (ਜਸਬੀਰ ਸਿੰਘ ਨੂਰਪੁਰ)-ਆਮ ਆਦਮੀ ਕਲੀਨਿਕਾਂ ਵਿੱਚ ਇੱਕ ਵਾਰ ਫਿਰ ਓ.ਪੀ.ਡੀ ਸੇਵਾਵਾਂ ਬੰਦ ਹੋਣ ਕਾਰਨ ਪਹਿਲਾਂ ਤੋਂ ਹੀ ਪ੍ਰੇਸ਼ਾਨ ਮਰੀਜ਼ਾਂ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਵੱਲੋਂ ਸੂਬੇ ਭਰ ਦੀਆਂ ਆਮ ਆਦਮੀ ਕਲੀਨਿਕਾਂ ਵਿੱਚ ਓ.ਪੀ.ਡੀ ਸੇਵਾਵਾਂ ਪੂਰੀ ਤਰ੍ਹਾਂ ਬੰਦ ਰੱਖ ਕੇ ਐਲਾਨ ਕੀਤਾ ਕਿ ਜੇਕਰ ਸਰਕਾਰ ਸਾਡੀਆਂ ਮੰਗਾਂ ਦਾ ਹੱਲ ਜਲਦੀ ਨਹੀਂ ਕਰਦੀ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਫਰੰਟ ਆਗੂਆਂ ਮੁਤਾਬਕ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ 27 ਜੁਲਾਈ ਦੀ ਹੜਤਾਲ ਤੋਂ ਬਾਅਦ ਸਰਕਾਰ ਅਤੇ ਸਿਹਤ ਵਿਭਾਗ ਨਾਲ ਹੋਈ ਸਹਿਮਤੀ ਦੀ ਸਮੀਖਿਆ ਕੀਤੀ ਗਈ। ਫਰੰਟ ਆਗੂ ਪਰਮਜੀਤ ਸਿੰਘ ਬਠਿੰਡਾ ਨੇ ਦੱਸਿਆ ਕਿ ਤਿੰਨ ਮੁੱਖ ਮੰਗਾਂ ਇਨਸੈਂਟਿਵ ਵਿੱਚ ਵਾਧਾ, ਕੈਜ਼ੂਅਲ ਲੀਵ ਦੇ ਨਾਲ ਮੈਡੀਕਲ ਲੀਵ, ਗਜ਼ਟਿਡ ਛੁੱਟੀਆਂ ਤੇ ਐਤਵਾਰ ਦੀਆਂ ਛੁੱਟੀਆਂ ਦੀ ਸਹੂਲਤ ਅਤੇ ਕਰਮਚਾਰੀਆਂ ਨੂੰ ਨੌਕਰੀ ਦੀ ਸੁਰੱਖਿਆ ਦੇਣ ਲਈ ਮੌਜੂਦਾ ਐਂਪੈਨਲਮੈਂਟ ਪ੍ਰਣਾਲੀ ਖਤਮ ਕਰਕੇ ਡੀ.ਐਚ.ਐਸ ਅਧੀਨ ਕਾਂਟ੍ਰੈਕਟ ’ਤੇ ਲਿਆਉਣ ਸਬੰਧੀ ਸਰਕਾਰ ਨਾਲ ਸਹਿਮਤੀ ਬਣੀ ਸੀ। ਫਰੰਟ ਦਾ ਦੋਸ਼ ਹੈ ਕਿ ਸਹਿਮਤੀ ਨੂੰ ਲਗਭਗ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਮੰਗਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਨਹੀਂ ਕੀਤਾ ਗਿਆ। ਇਸ ਦੇ ਰੋਸ ਵਜੋਂ ਫਰੰਟ ਨੇ 27 ਅਗਸਤ, ਵੀਰਵਾਰ ਆਮ ਆਦਮੀ ਕਲੀਨਿਕਾਂ ਦੀਆਂ ਸੇਵਾਵਾਂ ਪੂਰੀ ਤਰ੍ਹਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਫਰੰਟ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ, ਸੰਘਰਸ਼ ਜਾਰੀ ਰਹੇਗਾ। ਸਾਂਝਾ ਫਰੰਟ ਨੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਸਹਿਮਤੀ ਅਨੁਸਾਰ ਮੰਗਾਂ ਨੂੰ ਬਿਨਾਂ ਹੋਰ ਦੇਰੀ ਲਾਗੂ ਕੀਤਾ ਜਾਵੇ, ਤਾਂ ਜੋ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਹੋਣ ਦੇ ਨਾਲ-ਨਾਲ ਮਰੀਜ਼ਾਂ ਨੂੰ ਵੀ ਸਿਹਤ ਸੇਵਾਵਾਂ ਲਈ ਹੋ ਰਹੀ ਪ੍ਰੇਸ਼ਾਨੀ ਤੋਂ ਰਾਹਤ ਮਿਲ ਸਕੇ।