ਸਾਰੇ ਨਿੱਜੀ ਹਸਪਤਾਲਾਂ ’ਚ ਮਰੀਜ਼ਾਂ ਦੀ ਆਭਾ ਆਈ. ਡੀ. ਬਣਾਉਣ ਨੂੰ ਦਿੱਤੀ ਜਾਵੇ ਤਰਜੀਹ-ਸਿਵਲ ਸਰਜਨ
ਨਵਾਂਸ਼ਹਿਰ, 13 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹੇ ਦੇ ਸਮੂਹ ਨਿੱਜੀ ਹਸਪਤਾਲਾਂ ਦੇ ਨੁਮਾਇੰਦਿਆਂ ਲਈ ਦਫ਼ਤਰ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਤਹਿਤ ਆਭਾ ਆਈ. ਡੀ.
ਨਵਾਂਸ਼ਹਿਰ, 13 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹੇ ਦੇ ਸਮੂਹ ਨਿੱਜੀ ਹਸਪਤਾਲਾਂ ਦੇ ਨੁਮਾਇੰਦਿਆਂ ਲਈ ਦਫ਼ਤਰ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਤਹਿਤ ਆਭਾ ਆਈ. ਡੀ. ਬਣਾਉਣ ਸੰਬੰਧੀ ਸਿਖਲਾਈ ਪ੍ਰੋਗਰਾਮ ਕਰਵਾਇਆ। ਇਸ ਦਾ ਉਦੇਸ਼ ਨਿੱਜੀ ਹਸਪਤਾਲਾਂ ਵਿਚ ਆਭਾ ਆਈ. ਡੀ. ਬਣਾਉਣ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ ਤੇ ਡਿਜੀਟਲ ਸਿਹਤ ਸੇਵਾਵਾਂ ਬਾਰੇ ਜਾਗਰੂਕਤਾ ਵਧਾਉਣਾ ਸੀ। ਸਿਹਤ ਸੇਵਾਵਾਂ ਨੂੰ ਡਿਜੀਟਲ ਤਕਨਾਲੋਜੀ ਨਾਲ ਜੋੜਨ ਅਤੇ ਮਰੀਜ਼ਾਂ ਦੇ ਸਿਹਤ ਰਿਕਾਰਡ ਨੂੰ ਸੁਚੱਜੇ ਢੰਗ ਨਾਲ ਸੰਭਾਲਣ ਲਈ ਆਭਾ ਆਈ. ਡੀ. ਦੀ ਮਹੱਤਵਪੂਰਨ ਭੂਮਿਕਾ ਹੈ। ਇਸ ਸੰਬੰਧੀ ਸਿਵਲ ਸਰਜਨ ਡਾ. ਅਮਨ ਸੂਦ ਨੇ ਜ਼ਿਲ੍ਹੇ ਦੇ ਸਾਰੇ ਨਿੱਜੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਆਭਾ ਆਈ. ਡੀ. ਬਣਾਉਣ ਲਈ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹਰੇਕ ਨਿੱਜੀ ਹਸਪਤਾਲ ਵਿਚ ਆਭਾ ਆਈ. ਡੀ. ਬਣਾਉਣ ਦੀ ਪ੍ਰਕਿਰਿਆ ਵਿਚ ਮਰੀਜ਼ਾਂ ਦੀ ਮਦਦ ਕਰਨ ਲਈ ਇਕ ਸਮਰਪਿਤ ਸਟਾਫ਼ ਮੈਂਬਰ ਨਿਯੁਕਤ ਕੀਤਾ ਜਾਵੇ, ਤਾਂ ਜੋ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਡਿਜੀਟਲ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਆਭਾ ਆਈ. ਡੀ. ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਤਹਿਤ ਜਾਰੀ ਕੀਤੀ ਜਾਣ ਵਾਲੀ 14 ਅੰਕਾਂ ਦੀ ਵਿਲੱਖਣ ਡਿਜੀਟਲ ਸਿਹਤ ਪਛਾਣ ਹੈ। ਇਸ ਰਾਹੀਂ ਵਿਅਕਤੀ ਆਪਣੇ ਸਿਹਤ ਰਿਕਾਰਡ ਨੂੰ ਡਿਜੀਟਲ ਰੂਪ ਵਿਚ ਜੋੜ ਅਤੇ ਸੰਭਾਲ ਸਕਦਾ ਹੈ। ਇਸ ਨਾਲ ਲੋੜ ਪੈਣ ’ਤੇ ਸਿਹਤ ਸੰਬੰਧੀ ਜਾਣਕਾਰੀ ਸਾਂਝੀ ਕਰਨ ਤੇ ਇਲਾਜ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਵਿਚ ਮਦਦ ਮਿਲ ਸਕਦੀ ਹੈ। ਉਨ੍ਹਾਂ ਦੱਸਿਆ ਕਿ ਆਭਾ ਆਈ. ਡੀ. ਬਣਾਉਣ ਦੀ ਸਹੂਲਤ ਮੁਫ਼ਤ ਹੈ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਹਰੀਸ਼ ਕਿਰਪਾਲ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।