ਬਲਾਚੌਰ ਵਿਖੇ ਨਿਰਧਾਰਿਤ ਸਥਾਨ ਦੀ ਬਜਾਏ ਸ਼ਹਿਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ’ਚ ਵਿਕਦੇ ਰਹੇ ਪਟਾਕੇ
ਬਲਾਚੌਰ, 9 ਨਵੰਬਰ (ਨਰੇਸ਼ ਧੌਲ)-ਦੀਵਾਲੀ ਦੇ ਤਿਉਹਾਰ ਮੌਕੇ ਬਲਾਚੌਰ ਸ਼ਹਿਰ ਵਿੱਚ ਪਟਾਕਿਆਂ ਦੀ ਵਿਕਰੀ ਨੂੰ ਲੈ ਕੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਜਾਣਕਾਰੀ ਅਨੁਸਾਰ ਪ੍ਰਸ਼ਾਸਨ ਵੱਲੋਂ ਪਟਾਕਿਆਂ ਦੀ ਵਿਕਰੀ ਲਈ ਨਿਰਧਾਰਿਤ ਕੀਤੇ ਗਏ ਸਥਾਨ ਦੀ ਬਜਾਏ ਬਹੁ-ਗਿਣਤੀ ਪਟਾਕਾ ਕਾਰੋਬਾਰੀਆਂ ਵੱਲੋਂ ਸ਼ਹਿਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਦੇ ਨੇੜੇ ਪਟਾਕਿਆਂ ਦੀ ਵਿਕਰੀ ਕੀਤੀ ਗਈ ਆਮ ਹੀ ਵੇਖੀ ਗਈ।
ਬਲਾਚੌਰ, 9 ਨਵੰਬਰ (ਨਰੇਸ਼ ਧੌਲ)-ਦੀਵਾਲੀ ਦੇ ਤਿਉਹਾਰ ਮੌਕੇ ਬਲਾਚੌਰ ਸ਼ਹਿਰ ਵਿੱਚ ਪਟਾਕਿਆਂ ਦੀ ਵਿਕਰੀ ਨੂੰ ਲੈ ਕੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਜਾਣਕਾਰੀ ਅਨੁਸਾਰ ਪ੍ਰਸ਼ਾਸਨ ਵੱਲੋਂ ਪਟਾਕਿਆਂ ਦੀ ਵਿਕਰੀ ਲਈ ਨਿਰਧਾਰਿਤ ਕੀਤੇ ਗਏ ਸਥਾਨ ਦੀ ਬਜਾਏ ਬਹੁ-ਗਿਣਤੀ ਪਟਾਕਾ ਕਾਰੋਬਾਰੀਆਂ ਵੱਲੋਂ ਸ਼ਹਿਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਦੇ ਨੇੜੇ ਪਟਾਕਿਆਂ ਦੀ ਵਿਕਰੀ ਕੀਤੀ ਗਈ ਆਮ ਹੀ ਵੇਖੀ ਗਈ। ਹੈਰਾਨੀ ਦੀ ਗੱਲ ਇਹ ਹੈ ਕਿ ਜਿੱਥੇ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਪਟਾਕਿਆਂ ਦੀ ਵਿਕਰੀ ਲਈ ਵਿਸ਼ੇਸ਼ ਸਥਾਨ ਨਿਰਧਾਰਿਤ ਕੀਤਾ ਗਿਆ ਸੀ, ਉੱਥੇ ਕੁੱਝ ਕਾਰੋਬਾਰੀਆਂ ਵੱਲੋਂ ਕਥਿਤ ਤੌਰ ‘ਤੇ ਇਨ੍ਹਾਂ ਹਦਾਇਤਾਂ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਗਈਆਂ। ਸ਼ਹਿਰ ਦੇ ਬਾਜ਼ਾਰਾਂ ਵਿੱਚ ਪਟਾਕਿਆਂ ਦੀ ਕਥਿਤ ਗੈਰ-ਨਿਯਮਤ ਵਿਕਰੀ ਨੇ ਪ੍ਰਸ਼ਾਸਨ ਦੀ ਨਿਗਰਾਨੀ ਅਤੇ ਸੁਰੱਖਿਆ ਪ੍ਰਬੰਧਾਂ ‘ਤੇ ਵੱਡਾ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਸਵਾਲ ਇਹ ਉੱਠਦਾ ਹੈ ਕਿ ਜੇਕਰ ਪਟਾਕਿਆਂ ਦੀ ਵਿਕਰੀ ਲਈ ਵੱਖਰਾ ਸਥਾਨ ਨਿਰਧਾਰਿਤ ਕੀਤਾ ਗਿਆ ਸੀ, ਤਾਂ ਫਿਰ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਪਟਾਕਿਆਂ ਦੀਆਂ ਦੁਕਾਨਾਂ ਕਿਵੇਂ ਲੱਗੀਆਂ। ਕੀ ਸਬੰਧਿਤ ਵਿਭਾਗਾਂ ਵੱਲੋਂ ਇਨ੍ਹਾਂ ਦੁਕਾਨਾਂ ਦੀ ਜਾਂਚ ਕੀਤੀ ਗਈ ਸੀ ਜਾਂ ਫਿਰ ਪ੍ਰਸ਼ਾਸਨ ਸਭ ਕੁੱਝ ਜਾਣਦੇ ਹੋਏ ਵੀ ਅਣਜਾਣ ਬਣਿਆ ਰਿਹਾ। ਜ਼ਿਕਰਯੋਗ ਹੈ ਕਿ ਪਟਾਕੇ ਬਹੁਤ ਹੀ ਜਲਣਸ਼ੀਲ ਅਤੇ ਘਾਤਕ ਸਮੱਗਰੀ ਦੇ ਹੁੰਦੇ ਹਨ ਅਤੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿੱਚ ਇਨ੍ਹਾਂ ਦੀ ਵਿਕਰੀ ਦੌਰਾਨ ਅੱਗ ਲੱਗਣ ਦੀ ਸੂਰਤ ਵਿੱਚ ਵੱਡਾ ਜਾਨੀ ਅਤੇ ਮਾਲੀ ਨੁਕਸਾਨ ਹੋ ਸਕਦਾ ਹੈ। ਖ਼ਾਸ ਕਰਕੇ ਤੰਗ ਬਾਜ਼ਾਰਾਂ ਵਿੱਚ ਅੱਗ ਬੁਝਾਊ ਗੱਡੀਆਂ ਦੀ ਪਹੁੰਚ ਮੁਸ਼ਕਲ ਹੋਣ ਕਾਰਨ ਖ਼ਤਰਾ ਹੋਰ ਵੀ ਵੱਧ ਜਾਂਦਾ ਹੈ। ਅਜਿਹੇ ਹਾਲਾਤ ਵਿੱਚ ਜੇਕਰ ਕੋਈ ਅਣਸੁਖਾਵੀਂ ਘਟਨਾ ਵਾਪਰ ਜਾਂਦੀ ਤਾਂ ਇਸ ਦੀ ਜ਼ਿੰਮੇਵਾਰੀ ਕਿਸ ਦੀ ਹੁੰਦੀ। ਇਹ ਸਵਾਲ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਗੰਭੀਰ ਚਿੰਤਾ ਪੈਦਾ ਕਰਦਾ ਹੈ। ਇਸ ਮਾਮਲੇ ਵਿੱਚ ਨਿਰਪੱਖ ਜਾਂਚ ਦੀ ਲੋੜ ਹੈ ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਕਿੰਨੇ ਕਾਰੋਬਾਰੀਆਂ ਨੂੰ ਪਟਾਕੇ ਵੇਚਣ ਦੀ ਮਨਜ਼ੂਰੀ ਦਿੱਤੀ ਗਈ ਸੀ ਅਤੇ ਕਿੰਨੀਆਂ ਦੁਕਾਨਾਂ ਨਿਰਧਾਰਿਤ ਸਥਾਨ ਤੋਂ ਬਾਹਰ ਲਗਾਈਆਂ ਗਈਆਂ ਸਨ। ਇਸ ਦੇ ਨਾਲ ਹੀ ਇਹ ਵੀ ਜਾਂਚਿਆ ਜਾਣਾ ਚਾਹੀਦਾ ਹੈ ਕਿ ਪਟਾਕਿਆਂ ਦੀ ਵਿਕਰੀ ਦੌਰਾਨ ਅੱਗ ਤੋਂ ਬਚਾਅ ਦੇ ਲੋੜੀਂਦੇ ਪ੍ਰਬੰਧ ਮੌਜੂਦ ਸਨ ਜਾਂ ਨਹੀਂ। ਹੁਣ ਦੇਖਣਾ ਇਹ ਹੋਵੇਗਾ ਕਿ ਪ੍ਰਸ਼ਾਸਨ ਇਸ ਮਾਮਲੇ ਨੂੰ ਕਿੰਨੀ ਗੰਭੀਰਤਾ ਨਾਲ ਲੈਂਦਾ ਹੈ ਅਤੇ ਨਿਯਮਾਂ ਦੀ ਉਲੰਘਣਾ ਸਾਬਤ ਹੋਣ ‘ਤੇ ਸਬੰਧਤ ਕਾਰੋਬਾਰੀਆਂ ਖ਼ਿਲਾਫ਼ ਕੀ ਕਾਰਵਾਈ ਕੀਤੀ ਜਾਂਦੀ ਹੈ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜੇਕਰ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਹੀ ਨਹੀਂ ਕਰਵਾਈ ਜਾਣੀ ਤਾਂ ਫਿਰ ਲੋਕਾਂ ਦੀ ਸੁਰੱਖਿਆ ਲਈ ਨਿਯਮ ਬਣਾਉਣੇ ਸਿਰਫ ਕਾਗ਼ਜ਼ੀ ਕਾਰਵਾਈ ਤੱਕ ਹੀ ਸੀਮਤ ਦਿਖਾਈ ਦਿੰਦੇ ਹਨ।